Tuesday, October 20Punjabi People

ਪੇਸਕੋ ਦੇ 48ਵੇਂ ਸਥਾਪਨਾ ਦਿਵਸ ਮੌਕੇ ਮੰਤਰੀ ਮਹਿੰਦਰ ਭਗਤ ਵੱਲੋਂ ਕਰਮਚਾਰੀਆਂ ਨੂੰ ਵਧਾਈ, ਕਿਹਾ- ਪਿਛਲੇ ਸਾਲ ਦੌਰਾਨ ਪੈਦਾ ਕੀਤੀਆਂ 5,000 ਤੋਂ ਵੱਧ ਨੌਕਰੀਆਂ

ਚੰਡੀਗੜ੍ਹ, 9 ਅਕਤੂਬਰ 2026: ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੇਸਕੋ) ਦੇ 48ਵੇਂ ਸਥਾਪਨਾ ਦਿਵਸ ਦੇ ਮੌਕੇ ’ਤੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਕਾਰਪੋਰੇਸ਼ਨ ਦੇ ਸਮੂਹ ਕਰਮਚਾਰੀਆਂ, ਅਧਿਕਾਰੀਆਂ ਅਤੇ ਮੈਂਬਰਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਪੇਸਕੋ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਦੇ ਨਾਲ-ਨਾਲ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਕੈਬਨਿਟ ਮੰਤਰੀ ਨੇ ਪੇਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਪੇਸਕੋ ਦੇ ਪ੍ਰਬੰਧ ਨਿਰਦੇਸ਼ਕ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਕਾਰਪੋਰੇਸ਼ਨ ਦੇ ਸਮੂਹ ਕਰਮਚਾਰੀਆਂ ਦੀ ਸੂਬੇ ਪ੍ਰਤੀ ਸਮਰਪਿਤ ਸੇਵਾਵਾਂ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੇਸਕੋ ਦੀ ਤਰੱਕੀ ਵਿੱਚ ਇਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ, ਵਚਨਬੱਧਤਾ ਅਤੇ ਸਮੂਹਿਕ ਯਤਨਾਂ ਦਾ ਅਹਿਮ ਯੋਗਦਾਨ ਹੈ।

ਮਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਮੁੜ ਵਸੇਬੇ ਅਤੇ ਭਲਾਈ ਨੂੰ ਤਰਜੀਹ ਦੇ ਰਹੀ ਹੈ। ਇਸ ਦਿਸ਼ਾ ਵਿੱਚ ਪੇਸਕੋ ਨੇ ਪਿਛਲੇ ਇੱਕ ਸਾਲ ਦੌਰਾਨ ਮਹੱਤਵਪੂਰਨ ਤਰੱਕੀ ਕੀਤੀ ਹੈ ਅਤੇ 5,000 ਤੋਂ ਵੱਧ ਨੌਕਰੀਆਂ ਪੈਦਾ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸਾਬਕਾ ਸੈਨਿਕਾਂ ਦੀ ਮੁਹਾਰਤ, ਅਨੁਸ਼ਾਸਨ ਅਤੇ ਤਜਰਬੇ ਨੂੰ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਵਿੱਚ ਸਹਾਇਕ ਸਾਬਤ ਹੋ ਰਹੇ ਹਨ।

ਮੰਤਰੀ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਜਨਕ ਜੀਵਨ ਅਤੇ ਰੁਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਪੇਸਕੋ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਸਾਬਕਾ ਸੈਨਿਕਾਂ ਦੀ ਭਲਾਈ, ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਮਹਿੰਦਰ ਭਗਤ ਨੇ ਪੇਸਕੋ ਦੇ ਸਾਰੇ ਮੈਂਬਰਾਂ ਅਤੇ ਕਰਮਚਾਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਕਾਰਪੋਰੇਸ਼ਨ ਆਉਣ ਵਾਲੇ ਸਮੇਂ ਵਿੱਚ ਵੀ ਸਾਬਕਾ ਸੈਨਿਕਾਂ ਨੂੰ ਰੁਜ਼ਗਾਰ ਦੇ ਵਧੇਰੇ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਭਲਾਈ ਲਈ ਨਵੇਂ ਮਾਪਦੰਡ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਰਹੇਗੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਪੇਸਕੋ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Leave a Reply

Your email address will not be published. Required fields are marked *