Tuesday, October 20Punjabi People

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ AAP ਦੀ ਪਹਿਲ, ‘ਪੰਜਾਬ ਯੂਥ ਰਨ 2026’ ਐਤਵਾਰ ਨੂੰ ਅੰਮ੍ਰਿਤਸਰ ’ਚ

ਅੰਮ੍ਰਿਤਸਰ, 9 ਅਕਤੂਬਰ 2026: ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਆਮ ਆਦਮੀ ਪਾਰਟੀ ਵੱਲੋਂ ‘ਪੰਜਾਬ ਯੂਥ ਰਨ 2026’ ਕਰਵਾਈ ਜਾ ਰਹੀ ਹੈ। ਇਸੇ ਤਹਿਤ ਐਤਵਾਰ, 11 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ ਵਿਸ਼ਾਲ ਦੌੜ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮੁਹਿੰਮ ਦਾ ਪੋਸਟਰ ਅਤੇ ਰਜਿਸਟ੍ਰੇਸ਼ਨ ਲਈ QR ਕੋਡ ਜਾਰੀ ਕੀਤਾ।

ਪ੍ਰੈੱਸ ਕਾਨਫਰੰਸ ਦੌਰਾਨ ਧਾਲੀਵਾਲ ਨੇ ਦੱਸਿਆ ਕਿ ਮੋਹਾਲੀ, ਜਲੰਧਰ ਅਤੇ ਬਠਿੰਡਾ ਵਿੱਚ ਮਿਲੇ ਹੁੰਗਾਰੇ ਤੋਂ ਬਾਅਦ ਹੁਣ ਇਹ ਦੌੜ 11 ਅਕਤੂਬਰ ਨੂੰ ਸਵੇਰੇ 6 ਵਜੇ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਉਮੀਦ ਜਤਾਈ ਕਿ ਇਸ ਸਮਾਗਮ ਵਿੱਚ ਹਜ਼ਾਰਾਂ ਨੌਜਵਾਨ ਸ਼ਾਮਲ ਹੋਣਗੇ।

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਇਸ ਪਹਿਲ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਤੰਦਰੁਸਤ ਰੱਖਣਾ, ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਪੰਜਾਬ ਵਿੱਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਅਨੁਕੂਲ ਮਾਹੌਲ ਸਿਰਜਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ‘ਪੰਜਾਬ ਯੂਥ ਰਨ’ ਵੀ ਇਸੇ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।

ਉਨ੍ਹਾਂ ਅੰਮ੍ਰਿਤਸਰ ਦੇ ਵਸਨੀਕਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਦੌੜ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਪੋਸਟਰ ’ਤੇ ਦਿੱਤੇ QR ਕੋਡ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ।

ਨਸ਼ਿਆਂ ਖ਼ਿਲਾਫ਼ ਸਰਕਾਰ ਦੀ ਕਾਰਵਾਈ ਦਾ ਕੀਤਾ ਜ਼ਿਕਰ

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਬਾਰੇ ਗੱਲ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਾ ਤਸਕਰੀ ਦੇ ਨੈੱਟਵਰਕਾਂ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਕਈ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪੁਲਿਸ ਕਾਰਵਾਈ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ, ਸਿਹਤ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਵੀ ਜ਼ਰੂਰੀ ਹੈ। ‘ਪੰਜਾਬ ਯੂਥ ਰਨ 2026’ ਇਸੇ ਸੋਚ ਨੂੰ ਅੱਗੇ ਵਧਾਉਣ ਦਾ ਉਪਰਾਲਾ ਹੈ।

ਵਿਰੋਧੀ ਪਾਰਟੀਆਂ ’ਤੇ ਵੀ ਸਾਧਿਆ ਨਿਸ਼ਾਨਾ

ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਹੋਰਨਾਂ ਸਿਆਸੀ ਮੁੱਦਿਆਂ ਬਾਰੇ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਧਾਲੀਵਾਲ ਨੇ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਿਆ। ਰੂਪ ਕੌਰ ਸਿੱਧੂ ਵੱਲੋਂ ਅਕਾਲੀ ਦਲ ਬਾਰੇ ਲਗਾਏ ਗਏ ਦੋਸ਼ਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕੁਝ ਸਿਆਸੀ ਆਗੂ ਆਪਣੇ ਸਿਆਸੀ ਹਿੱਤਾਂ ਲਈ ਪੰਜਾਬ ਅਤੇ ਸਿੱਖ ਭਾਈਚਾਰੇ ਨਾਲ ਜੁੜੇ ਮੁੱਦਿਆਂ ਨੂੰ ਵਰਤਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਆਨੰਦਪੁਰ ਸਾਹਿਬ ਦੀਆਂ ਸਰਾਵਾਂ ਨਾਲ ਸਬੰਧਤ ਮਾਮਲਿਆਂ ਵਿੱਚ ਜਵਾਬਦੇਹੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਧਾਲੀਵਾਲ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਦੀ ਮਰਿਆਦਾ ਅਤੇ ਸਾਖ ਦਾ ਸਤਿਕਾਰ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਧਾਰਮਿਕ ਮਰਿਆਦਾਵਾਂ ਦਾ ਸਨਮਾਨ ਕਰਦੀ ਹੈ ਅਤੇ ਭ੍ਰਿਸ਼ਟਾਚਾਰ ਜਾਂ ਕੁਪ੍ਰਬੰਧਨ ਦਾ ਸਮਰਥਨ ਨਹੀਂ ਕਰਦੀ।

ਸਰਕਾਰ ਦੀ ਕਾਰਜਸ਼ੈਲੀ ਨੂੰ ਦੱਸਿਆ ਪਾਰਦਰਸ਼ੀ

ਸੀਬੀਆਈ, ਈਡੀ ਦੀਆਂ ਕਾਰਵਾਈਆਂ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੰਵਿਧਾਨਕ ਦਾਇਰੇ ਵਿੱਚ ਰਹਿ ਕੇ ਪਾਰਦਰਸ਼ੀ ਢੰਗ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਵੀ ਸਰਕਾਰ ਨਸ਼ਾ ਤਸਕਰੀ, ਭ੍ਰਿਸ਼ਟਾਚਾਰ ਅਤੇ ਸੂਬੇ ਦੇ ਸੁਧਾਰਾਂ ਲਈ ਸਖ਼ਤ ਕਦਮ ਚੁੱਕਦੀ ਹੈ ਤਾਂ ਵਿਰੋਧੀ ਪਾਰਟੀਆਂ ਵੱਲੋਂ ਬੇਬੁਨਿਆਦ ਇਲਜ਼ਾਮ ਲਗਾਏ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਹੁਣ ਆਪਣੇ ਭਵਿੱਖ ਪ੍ਰਤੀ ਜਾਗਰੂਕ ਹਨ ਅਤੇ ਉਹ ਸੂਬੇ ਦੀ ਤਰੱਕੀ ਲਈ ਕੀਤੇ ਜਾ ਰਹੇ ਕੰਮਾਂ ਨੂੰ ਸਮਝਦੇ ਹਨ।

ਪ੍ਰੈੱਸ ਕਾਨਫਰੰਸ ਦੇ ਅੰਤ ਵਿੱਚ ਧਾਲੀਵਾਲ ਨੇ ਸਮਾਗਮ ਦੀਆਂ ਤਿਆਰੀਆਂ ਵਿੱਚ ਲੱਗੇ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਅੰਮ੍ਰਿਤਸਰ ਵਿੱਚ ਹੋਣ ਵਾਲੀ ‘ਪੰਜਾਬ ਯੂਥ ਰਨ 2026’ ਨੂੰ ਭਰਵਾਂ ਹੁੰਗਾਰਾ ਮਿਲੇਗਾ। ਉਨ੍ਹਾਂ ਨੌਜਵਾਨਾਂ ਨੂੰ ਤੰਦਰੁਸਤੀ ਅਪਣਾਉਣ, ਖੇਡਾਂ ਨਾਲ ਜੁੜਨ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਟੀਚੇ ਨੂੰ ਮਜ਼ਬੂਤ ਕਰਨਗੇ।

Leave a Reply

Your email address will not be published. Required fields are marked *