Tuesday, October 20Punjabi People

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਸਬਸਿਡੀ ਸਮੇਤ ਵੰਡੇ: ਡਾ. ਬਲਜੀਤ ਕੌਰ

ਚੰਡੀਗੜ੍ਹ, 9 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ, ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਤਹਿਤ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 71 ਲਾਭਪਾਤਰੀਆਂ ਨੂੰ ਸਬਸਿਡੀ ਸਮੇਤ 1.52 ਕਰੋੜ ਰੁਪਏ ਦੇ ਕਰਜ਼ੇ ਵੰਡੇ ਗਏ ਹਨ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਵਾਂਝੇ ਅਤੇ ਪੱਛੜੇ ਵਰਗਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਤਰੱਕੀ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ ਆਪਣੀ ਸਮਰੱਥਾ ਅਨੁਸਾਰ ਰੁਜ਼ਗਾਰ ਜਾਂ ਕਾਰੋਬਾਰ ਸ਼ੁਰੂ ਕਰ ਸਕਣ ਅਤੇ ਆਪਣੇ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰ ਸਕਣ।

ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਕਿਸੇ ਵੀ ਪਰਿਵਾਰ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਅਤੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਕਰਜ਼ਿਆਂ ਅਤੇ ਸਬਸਿਡੀ ਰਾਹੀਂ ਮਿਲਣ ਵਾਲੀ ਮਦਦ ਨਾਲ ਲਾਭਪਾਤਰੀਆਂ ਨੂੰ ਆਪਣੀਆਂ ਆਰਥਿਕ ਲੋੜਾਂ ਪੂਰੀਆਂ ਕਰਨ, ਸਵੈ-ਰੁਜ਼ਗਾਰ ਦੇ ਮੌਕੇ ਵਿਕਸਿਤ ਕਰਨ ਅਤੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਲਈ ਸਹਾਇਤਾ ਮਿਲਦੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਆਰਥਿਕ ਸਸ਼ਕਤੀਕਰਨ ਦਾ ਮਕਸਦ ਸਿਰਫ਼ ਵਿੱਤੀ ਮਦਦ ਦੇਣਾ ਹੀ ਨਹੀਂ, ਸਗੋਂ ਲੋਕਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਵੈ-ਨਿਰਭਰ ਜੀਵਨ ਜਿਊਣ ਦੇ ਯੋਗ ਬਣਾਉਣਾ ਵੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਉਦੇਸ਼ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਯੋਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਲਈ ਆਰਥਿਕ ਤਰੱਕੀ ਦੇ ਰਾਹ ਖੋਲ੍ਹਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਰਾਹੀਂ ਲਾਭਪਾਤਰੀਆਂ ਨੂੰ ਆਪਣੇ ਰੁਜ਼ਗਾਰ ਦੇ ਸਾਧਨ ਵਿਕਸਿਤ ਕਰਨ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਹੋਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਅਤੇ ਸਮਾਨ ਮੌਕਿਆਂ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ, ਤਾਂ ਜੋ ਵਿਕਾਸ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਬਤੀਤ ਕਰਨ ਦੇ ਯੋਗ ਬਣਾਉਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਵਾਂਝੇ ਵਰਗਾਂ ਦੀ ਭਲਾਈ, ਆਰਥਿਕ ਸਵੈ-ਨਿਰਭਰਤਾ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਸਰਕਾਰ ਦੇ ਇਨ੍ਹਾਂ ਯਤਨਾਂ ਦਾ ਉਦੇਸ਼ ਯੋਗ ਲਾਭਪਾਤਰੀਆਂ ਨੂੰ ਤਰੱਕੀ ਦੇ ਮੌਕੇ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਤੇ ਆਪਣੇ ਪਰਿਵਾਰਾਂ ਦਾ ਭਵਿੱਖ ਬਿਹਤਰ ਬਣਾਉਣ ਵਿੱਚ ਸਹਾਇਤਾ ਕਰਨਾ ਹੈ।

Leave a Reply

Your email address will not be published. Required fields are marked *