
ਜਲੰਧਰ, 9 ਅਕਤੂਬਰ 2026: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵੀ ਨਿੱਜੀ ਅਤੇ ਕਾਨਵੈਂਟ ਸਕੂਲਾਂ ਦੇ ਬਰਾਬਰ ਮਿਆਰੀ ਸਿੱਖਿਆ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਸਕਣ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਜਲੰਧਰ ਦੇ ਗੌਰਮਿੰਟ ਸਕੂਲ ਆਫ਼ ਐਮੀਨੈਂਸ, ਭਾਰਗਵ ਨਗਰ ਵਿਖੇ ਕਰਵਾਈ ਗਈ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਬਿਹਤਰ ਤਾਲਮੇਲ ਬਹੁਤ ਜ਼ਰੂਰੀ ਹੈ।
ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ 1,300 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾਉਣ ਲਈ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਮਿਲਣੀਆਂ ਮਾਪਿਆਂ ਅਤੇ ਅਧਿਆਪਕਾਂ ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕਰਦੀਆਂ ਹਨ, ਜਿੱਥੇ ਉਹ ਵਿਦਿਆਰਥੀਆਂ ਦੀ ਪੜ੍ਹਾਈ, ਕਾਰਗੁਜ਼ਾਰੀ, ਸਿੱਖਣ ਦੀ ਸਮਰੱਥਾ ਅਤੇ ਹੋਰ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕਰ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ, ਪੰਜਾਬ ਸਿੱਖਿਆ ਕ੍ਰਾਂਤੀ ਦੇ ਕੋਆਰਡੀਨੇਟਰ ਸੰਜੀਵ ਭਗਤ, ਕੌਂਸਲਰ ਰਾਜ ਕੁਮਾਰ ਰਾਜੂ ਅਤੇ ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ ਵੀ ਮੌਜੂਦ ਸਨ।
ਸਕੂਲ ਦੇ ਵਿਕਾਸ ਲਈ 1.20 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ
ਮੋਹਿੰਦਰ ਭਗਤ ਨੇ ਗੌਰਮਿੰਟ ਸਕੂਲ ਆਫ਼ ਐਮੀਨੈਂਸ, ਭਾਰਗਵ ਨਗਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ 1.20 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਰਾਸ਼ੀ ਵਿੱਚੋਂ 70 ਲੱਖ ਰੁਪਏ ਪੁਰਾਣੀ ਇਮਾਰਤ ਨੂੰ ਢਾਹ ਕੇ ਸਾਇੰਸ ਅਤੇ ਗਣਿਤ ਦੀਆਂ ਆਧੁਨਿਕ ਲੈਬਾਰਟਰੀਆਂ ਬਣਾਉਣ ’ਤੇ ਖਰਚ ਕੀਤੇ ਜਾਣਗੇ, ਜਦਕਿ 50 ਲੱਖ ਰੁਪਏ ਸਕੂਲ ਦੇ ਖੇਡ ਸਟੇਡੀਅਮ ਦੇ ਵਿਕਾਸ ਲਈ ਰੱਖੇ ਗਏ ਹਨ।
ਉਨ੍ਹਾਂ ਕਿਹਾ ਕਿ ਆਧੁਨਿਕ ਸਾਇੰਸ ਅਤੇ ਗਣਿਤ ਲੈਬਾਰਟਰੀਆਂ ਵਿਦਿਆਰਥੀਆਂ ਨੂੰ ਪ੍ਰਯੋਗਾਂ ਰਾਹੀਂ ਸਿੱਖਣ ਦੇ ਵਧੇਰੇ ਮੌਕੇ ਪ੍ਰਦਾਨ ਕਰਨਗੀਆਂ। ਇਸ ਨਾਲ ਉਨ੍ਹਾਂ ਦੀ ਵਿਸ਼ਿਆਂ ਪ੍ਰਤੀ ਸਮਝ ਅਤੇ ਵਿਹਾਰਕ ਗਿਆਨ ਵਿੱਚ ਵਾਧਾ ਹੋਵੇਗਾ। ਇਸੇ ਤਰ੍ਹਾਂ ਖੇਡ ਸਟੇਡੀਅਮ ਦੇ ਵਿਕਾਸ ਨਾਲ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਆਪਣੀ ਪ੍ਰਤਿਭਾ ਨਿਖਾਰਨ ਅਤੇ ਸਰੀਰਕ ਤੌਰ ’ਤੇ ਤੰਦਰੁਸਤ ਰਹਿਣ ਲਈ ਬਿਹਤਰ ਮਾਹੌਲ ਮਿਲੇਗਾ।
ਮਾਪੇ-ਅਧਿਆਪਕ ਮਿਲਣੀ ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਅਹਿਮ
ਕੈਬਨਿਟ ਮੰਤਰੀ ਨੇ ਕਿਹਾ ਕਿ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਰਵਪੱਖੀ ਵਿਕਾਸ ਵਿੱਚ ਮਾਪਿਆਂ ਦੀ ਭਾਗੀਦਾਰੀ ਨੂੰ ਵਧਾਉਣਾ ਹੈ। ਅਜਿਹੇ ਪ੍ਰੋਗਰਾਮਾਂ ਰਾਹੀਂ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਵਿੱਦਿਅਕ ਕਾਰਗੁਜ਼ਾਰੀ, ਪਾਠਕ੍ਰਮ ਅਤੇ ਸਕੂਲ ਵਿੱਚ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਸਿੱਧੇ ਤੌਰ ’ਤੇ ਜਾਣਕਾਰੀ ਮਿਲਦੀ ਹੈ।
ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਨਿਰੰਤਰ ਸੰਵਾਦ ਨਾਲ ਵਿਦਿਆਰਥੀਆਂ ਦੀਆਂ ਕਮਜ਼ੋਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕਰਨ ਲਈ ਢੁੱਕਵੀਂ ਯੋਜਨਾਬੰਦੀ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਵੀ ਸਾਂਝੇ ਯਤਨ ਕੀਤੇ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਬਿਹਤਰ ਸਹੂਲਤਾਂ ਨੂੰ ਦੇਖਣ ਅਤੇ ਅਧਿਆਪਕਾਂ ਨਾਲ ਸਿੱਧਾ ਵਿਚਾਰ-ਵਟਾਂਦਰਾ ਕਰਨ ਦਾ ਮੌਕਾ ਮਿਲਣ ਨਾਲ ਮਾਪਿਆਂ ਦਾ ਸਕੂਲ ਪ੍ਰਬੰਧ ਵਿੱਚ ਵਿਸ਼ਵਾਸ ਹੋਰ ਮਜ਼ਬੂਤ ਹੁੰਦਾ ਹੈ। ਵਿਦਿਆਰਥੀਆਂ ਦੀ ਸਫ਼ਲਤਾ ਲਈ ਸਕੂਲ, ਅਧਿਆਪਕ ਅਤੇ ਮਾਪਿਆਂ ਦਾ ਮਿਲ ਕੇ ਕੰਮ ਕਰਨਾ ਬੇਹੱਦ ਮਹੱਤਵਪੂਰਨ ਹੈ।
ਹੋਣਹਾਰ ਵਿਦਿਆਰਥੀਆਂ ਅਤੇ ਸਕੂਲ ਪ੍ਰਬੰਧਕ ਕਮੇਟੀਆਂ ਦਾ ਸਨਮਾਨ
ਸਮਾਗਮ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪ੍ਰੀਖਿਆਵਾਂ ਵਿੱਚ 95 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਸਮੇਤ ਪੜ੍ਹਾਈ ਦੇ ਖੇਤਰ ਵਿੱਚ ਹੋਰ ਮਹੱਤਵਪੂਰਨ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ-ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਉਪਰਾਲੇ ਦਾ ਉਦੇਸ਼ ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਾਪਤੀਆਂ ਦੀ ਸ਼ਲਾਘਾ ਕਰਨਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਾ ਸੀ।
ਇਸੇ ਤਰ੍ਹਾਂ ਸਕੂਲ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨੂੰ ਵੀ ਸਕੂਲਾਂ ਦੇ ਵਿਕਾਸ, ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਬਿਹਤਰ ਵਿੱਦਿਅਕ ਮਾਹੌਲ ਸਿਰਜਣ ਲਈ ਕੀਤੇ ਜਾ ਰਹੇ ਯਤਨਾਂ ਵਾਸਤੇ ਪ੍ਰਸ਼ੰਸਾ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਮੋਹਿੰਦਰ ਭਗਤ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਲਈ ਸਰਕਾਰ ਦੇ ਨਾਲ-ਨਾਲ ਅਧਿਆਪਕਾਂ, ਮਾਪਿਆਂ ਅਤੇ ਸਕੂਲ ਪ੍ਰਬੰਧਕ ਕਮੇਟੀਆਂ ਦੀ ਸਰਗਰਮ ਭੂਮਿਕਾ ਵੀ ਜ਼ਰੂਰੀ ਹੈ। ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਨੀਂਹ ਮਜ਼ਬੂਤ ਕਰਨ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।
