Wednesday, October 21Punjabi People

ਪੰਜਾਬ ਸਰਕਾਰ ਦੀ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਮੁਹਿੰਮ ਤੇਜ਼, ਪੰਜ ਵਾਹਨ ਤੇ ਮਸ਼ੀਨਰੀ ਜ਼ਬਤ

ਚੰਡੀਗੜ੍ਹ, 11 ਅਕਤੂਬਰ, 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ। ਸਰਕਾਰ ਵੱਲੋਂ ਮਾਈਨਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਇਲਾਕੇ ਵਿੱਚ ਰਾਤ ਸਮੇਂ ਛਾਪੇਮਾਰੀ ਕੀਤੀ। ਇਸ ਦੌਰਾਨ ਗੈਰ-ਕਾਨੂੰਨੀ ਮਾਈਨਿੰਗ ਵਿੱਚ ਕਥਿਤ ਤੌਰ ’ਤੇ ਸ਼ਾਮਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ, ਮਾਈਨਿੰਗ ਲਈ ਵਰਤੇ ਜਾ ਰਹੇ ਪੰਜ ਵਾਹਨ ਅਤੇ ਮਸ਼ੀਨਾਂ ਵੀ ਜ਼ਬਤ ਕੀਤੀਆਂ ਗਈਆਂ।

ਸ੍ਰੀ ਚਮਕੌਰ ਸਾਹਿਬ ਪੁਲਿਸ ਥਾਣੇ ਵਿੱਚ ਦਰਜ ਮਾਮਲੇ ਤਹਿਤ ਕੀਤੀ ਗਈ ਇਸ ਕਾਰਵਾਈ ਦੌਰਾਨ ਇੱਕ ਬੈਕਹੋ ਲੋਡਰ, ਦੋ ਐਕਸਕਾਵੇਟਰਾਂ ਸਮੇਤ ਤਿੰਨ ਜੇਸੀਬੀ ਮਸ਼ੀਨਾਂ ਅਤੇ ਦੋ ਟਿੱਪਰ ਜ਼ਬਤ ਕੀਤੇ ਗਏ।

ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਵੀ ਕੁਮਾਰ ਵਾਸੀ ਬੇਲਾ, ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ; ਅਸ਼ਵਨੀ ਕੁਮਾਰ ਵਾਸੀ ਟੌਂਸਾ, ਕਾਠਗੜ੍ਹ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ; ਜਸਪਾਲ ਸਿੰਘ ਵਾਸੀ ਏਮਾ, ਕਾਠਗੜ੍ਹ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ; ਅਸ਼ਵਨੀ ਕੁਮਾਰ ਵਾਸੀ ਬਾਮਾ, ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਅਤੇ ਹਰਜਿੰਦਰ ਸਿੰਘ ਵਾਸੀ ਲੱਖੋਵਾਲ, ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ।

ਮਾਈਨਿੰਗ ਵਿਭਾਗ ਦੇ ਜੂਨੀਅਰ ਇੰਜੀਨੀਅਰ-ਕਮ-ਮਾਈਨਿੰਗ ਇੰਸਪੈਕਟਰ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਈਨਜ਼ ਐਂਡ ਮਿਨਰਲਜ਼ (ਵਿਕਾਸ ਅਤੇ ਨਿਯਮਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਜ਼ਬਤ ਕੀਤੇ ਗਏ ਵਾਹਨਾਂ ਅਤੇ ਮਸ਼ੀਨਰੀ ਵਿੱਚ JCB 215 ਐਕਸਕਾਵੇਟਰ, ਜਿਸ ਦਾ ਪਿੰਨ ਨੰਬਰ PUNJD21ATM3033117 ਹੈ; JCB JS-140 ਐਕਸਕਾਵੇਟਰ, ਪਿੰਨ ਨੰਬਰ PUNJD14BA0243952, ਜਿਸ ਦੀ ਨੰਬਰ ਪਲੇਟ ਗੁੰਮ ਹੈ; JCB ਬੈਕਹੋ ਲੋਡਰ, ਪਿੰਨ ਨੰਬਰ HAR3DX4403070388; ਭਾਰਤਬੈਂਜ਼ ਟਿੱਪਰ, ਨੰਬਰ PB-12-T-2687 ਅਤੇ ਟਾਟਾ ਟਿੱਪਰ, ਨੰਬਰ PB-07-AL-8405 ਸ਼ਾਮਲ ਹਨ।

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਖਣਿਜਾਂ ਦੀ ਕਾਨੂੰਨੀ, ਪਾਰਦਰਸ਼ੀ ਅਤੇ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਨੂੰ ਗੈਰ-ਕਾਨੂੰਨੀ ਮਾਈਨਿੰਗ ਰਾਹੀਂ ਸੂਬੇ ਦੇ ਕੁਦਰਤੀ ਸਰੋਤਾਂ ਜਾਂ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਖਣਨ ਗਤੀਵਿਧੀਆਂ ’ਤੇ ਸਖ਼ਤ ਨਿਗਰਾਨੀ ਰੱਖਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਲੋਕਾਂ ਦੀਆਂ ਲੋੜਾਂ ਅਨੁਸਾਰ ਖਣਿਜਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਵੀ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Leave a Reply

Your email address will not be published. Required fields are marked *