
ਚੰਡੀਗੜ੍ਹ, 2 ਫ਼ਰਵਰੀ 2026: ਪੰਜਾਬ ਦੇ ਮਾਲ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਨਾਲ ਲਗਾਤਾਰ ਮੀਟਿੰਗਾਂ ਦੀ ਲੜੀ ਚਲਾਈ ਗਈ। ਇਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਧਿਆਨਪੂਰਵਕ ਸੁਣਿਆ ਅਤੇ ਭਰੋਸਾ ਦਿੱਤਾ ਕਿ ਹਰੇਕ ਜਾਇਜ਼ ਮੰਗ ਨੂੰ ਤਰਜੀਹੀ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।
ਪੰਜਾਬ ਭਵਨ ਵਿਖੇ ਹੋਈਆਂ ਵੱਖ-ਵੱਖ ਮੀਟਿੰਗਾਂ ਦੌਰਾਨ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਭਾਗ ਲਿਆ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਲੋਕ-ਹਿਤ ਅਤੇ ਮੁਲਾਜ਼ਮ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹਰੇਕ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸੰਵੇਦਨਸ਼ੀਲ ਅਤੇ ਸਰਗਰਮ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਵੱਲੋਂ ਪੇਸ਼ ਕੀਤੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰ ਅਧੀਨ ਲਿਆਂਦਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ‘ਤੇ ਨਿਪਟਾਈਆਂ ਜਾ ਸਕਦੀਆਂ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਤਰਜੀਹੀ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਜਦਕਿ ਜਿਹੜੀਆਂ ਮੰਗਾਂ ਲਈ ਮੁੱਖ ਮੰਤਰੀ ਜਾਂ ਵਿੱਤ ਵਿਭਾਗ ਦੀ ਮਨਜ਼ੂਰੀ ਲੋੜੀਂਦੀ ਹੈ, ਉਨ੍ਹਾਂ ਸਬੰਧੀ ਜਲਦੀ ਹੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨਾਲ ਮੀਟਿੰਗ ਕਰਕੇ ਸਕਾਰਾਤਮਕ ਫੈਸਲੇ ਲਏ ਜਾਣਗੇ।
ਪਟਵਾਰੀ ਅਤੇ ਕਾਨੂੰਨਗੋ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਸ. ਮੁੰਡੀਆਂ ਨੇ ਕਿਹਾ ਕਿ ਡਿਊਟੀ ਦੌਰਾਨ ਉੱਤਮ ਕਾਰਗੁਜ਼ਾਰੀ ਵਿਖਾਉਣ ਵਾਲੇ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਸਰਕਾਰ ਵੱਲੋਂ ਸਨਮਾਨ ਅਤੇ ਪ੍ਰੋਤਸਾਹਨ ਦਿੱਤਾ ਜਾਵੇਗਾ। ਉਨ੍ਹਾਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੰਮ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਲੋਕਾਂ ਨੂੰ ਸੁਵਿਧਾਵਾਂ ਸਮੇਂ ਸਿਰ ਮਿਲ ਸਕਣ।
ਇਸ ਮੌਕੇ ਸਾਂਝਾ ਮੁਲਾਜ਼ਮ ਮੰਚ, ਪੁੱਡਾ ਮੋਹਾਲੀ ਦੇ ਸੇਵਾ-ਮੁਕਤ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਵੀ ਵਿਸਥਾਰ ਨਾਲ ਵਿਚਾਰ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੇਵਾ-ਮੁਕਤ ਕਰਮਚਾਰੀਆਂ ਨੂੰ ਪੈਨਸ਼ਨ ਸਕੀਮ ਦੇ ਲਾਭ ਦੇਣ ਸਬੰਧੀ ਮਾਮਲਾ ਜਲਦ ਹੀ ਮੁੱਖ ਮੰਤਰੀ ਕੋਲ ਪ੍ਰਭਾਵਸ਼ਾਲੀ ਢੰਗ ਨਾਲ ਰੱਖਿਆ ਜਾਵੇਗਾ।
ਇਸ ਤੋਂ ਇਲਾਵਾ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਵੱਲੋਂ ਰੱਖੀਆਂ ਮੰਗਾਂ ‘ਤੇ ਗੱਲ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਅਤਿਵਾਦ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ, ਸੁਰੱਖਿਆ ਅਤੇ ਪੁਨਰਵਾਸ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਦੀਆਂ ਸਾਰੀਆਂ ਜਾਇਜ਼ ਮੰਗਾਂ ‘ਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਦਿਆਂ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਅਤੇ ਢੁੱਕਵੇਂ ਕਦਮ ਚੁੱਕੇ ਜਾਣਗੇ।
ਇਨ੍ਹਾਂ ਮੀਟਿੰਗਾਂ ਦੌਰਾਨ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਗਰਗ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।
