
ਚੰਡੀਗੜ੍ਹ, 13 ਅਕਤੂਬਰ 2026: ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਦੇ ਨਾਲ-ਨਾਲ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਵਚਨਬੱਧ ਹੈ। ਇਸੇ ਦਿਸ਼ਾ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਜਥੇਬੰਦੀਆਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦਾ ਤਰਜੀਹੀ ਆਧਾਰ ’ਤੇ ਨਿਪਟਾਰਾ ਕਰਨ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ।
ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਹੋਈ ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਆਂਗਣਵਾੜੀ ਜਥੇਬੰਦੀਆਂ ਦੇ ਨੁਮਾਇੰਦਿਆਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਵੱਲੋਂ ਪੇਸ਼ ਕੀਤੇ ਗਏ ਮੁੱਦਿਆਂ, ਸੁਝਾਵਾਂ ਅਤੇ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ। ਮੀਟਿੰਗ ਦਾ ਮਾਹੌਲ ਸੁਖਾਵਾਂ ਅਤੇ ਉਸਾਰੂ ਰਿਹਾ, ਜਿਸ ਦੌਰਾਨ ਸਰਕਾਰ ਅਤੇ ਆਂਗਣਵਾੜੀ ਕਰਮਚਾਰੀਆਂ ਵਿਚਕਾਰ ਆਪਸੀ ਸਹਿਯੋਗ, ਵਿਸ਼ਵਾਸ ਅਤੇ ਬਿਹਤਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ।
ਵਿਭਾਗੀ ਪੱਧਰ ’ਤੇ ਹੱਲ ਹੋਣ ਵਾਲੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼
ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਿਹੜੀਆਂ ਮੰਗਾਂ ਦਾ ਹੱਲ ਵਿਭਾਗੀ ਪੱਧਰ ’ਤੇ ਕੀਤਾ ਜਾ ਸਕਦਾ ਹੈ, ਉਨ੍ਹਾਂ ਨੂੰ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਹੱਲ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਜਿਹੜੇ ਮਾਮਲਿਆਂ ਲਈ ਸਰਕਾਰ ਦੇ ਉੱਚ ਪੱਧਰ ’ਤੇ ਵਿਚਾਰ ਕਰਨ ਦੀ ਲੋੜ ਹੈ, ਉਨ੍ਹਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾਵੇਗਾ, ਤਾਂ ਜੋ ਮੰਗਾਂ ਦੇ ਨਿਪਟਾਰੇ ਵਿੱਚ ਬੇਲੋੜੀ ਦੇਰੀ ਨਾ ਹੋਵੇ।
ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਥੇਬੰਦੀਆਂ ਵੱਲੋਂ ਉਠਾਏ ਗਏ ਜਾਇਜ਼ ਮਾਮਲਿਆਂ ਦੀ ਤੁਰੰਤ ਜਾਂਚ ਕੀਤੀ ਜਾਵੇ ਅਤੇ ਨਿਰਧਾਰਤ ਸਮੇਂ ਅੰਦਰ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਜਥੇਬੰਦੀਆਂ ਨਾਲ ਨਿਰੰਤਰ ਸੰਵਾਦ ਕਾਇਮ ਰੱਖਿਆ ਜਾਵੇ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਸਮਝ ਕੇ ਉਨ੍ਹਾਂ ਦਾ ਢੁੱਕਵਾਂ ਹੱਲ ਕੱਢਿਆ ਜਾ ਸਕੇ।
ਮਾਵਾਂ ਅਤੇ ਬੱਚਿਆਂ ਦੀ ਭਲਾਈ ਵਿੱਚ ਆਂਗਣਵਾੜੀ ਕਰਮਚਾਰੀਆਂ ਦੀ ਅਹਿਮ ਭੂਮਿਕਾ
ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭੂਮਿਕਾ ਸਿਰਫ਼ ਵਿਭਾਗੀ ਕੰਮਾਂ ਤੱਕ ਸੀਮਤ ਨਹੀਂ ਹੈ, ਸਗੋਂ ਉਹ ਸਰਕਾਰੀ ਭਲਾਈ ਸਕੀਮਾਂ ਨੂੰ ਸਮਾਜ ਦੇ ਆਖ਼ਰੀ ਵਰਗ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਹਨ। ਖ਼ਾਸ ਕਰਕੇ ਮਾਵਾਂ, ਬੱਚਿਆਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਉਨ੍ਹਾਂ ਦੀ ਸੇਵਾ ਬੇਹੱਦ ਮਹੱਤਵਪੂਰਨ ਹੈ।
ਉਨ੍ਹਾਂ ਕਿਹਾ ਕਿ ਆਂਗਣਵਾੜੀ ਕਰਮਚਾਰੀਆਂ ਦੀ ਮਿਹਨਤ, ਨਿਸ਼ਠਾ ਅਤੇ ਸਮਰਪਣ ਸੂਬੇ ਦੇ ਸਮਾਜਿਕ ਵਿਕਾਸ ਦੀ ਮਜ਼ਬੂਤ ਨੀਂਹ ਹਨ। ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜੇ ਹੋਣ ਕਾਰਨ ਉਹ ਸਰਕਾਰੀ ਯੋਜਨਾਵਾਂ ਦੇ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਸਮਝਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਦਾ ਪੂਰਾ ਸਨਮਾਨ ਕਰਦੀ ਹੈ। ਉਨ੍ਹਾਂ ਦੇ ਜਾਇਜ਼ ਹੱਕਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਪਾਰਦਰਸ਼ੀ ਪ੍ਰਸ਼ਾਸਨ, ਲੋਕ-ਪੱਖੀ ਨੀਤੀਆਂ ਅਤੇ ਉਸਾਰੂ ਸੰਵਾਦ ਰਾਹੀਂ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਯਤਨਸ਼ੀਲ ਰਹੇਗੀ।
ਜਥੇਬੰਦੀਆਂ ਨਾਲ ਨਿਰੰਤਰ ਸੰਵਾਦ ਰੱਖਣ ’ਤੇ ਜ਼ੋਰ
ਮੀਟਿੰਗ ਦੌਰਾਨ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਗਿਆ ਕਿ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਅਤੇ ਜਥੇਬੰਦੀਆਂ ਵਿਚਕਾਰ ਲਗਾਤਾਰ ਗੱਲਬਾਤ ਜ਼ਰੂਰੀ ਹੈ। ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੰਗਾਂ ਸਬੰਧੀ ਕੀਤੀ ਜਾਣ ਵਾਲੀ ਕਾਰਵਾਈ ਵਿੱਚ ਸਮੇਂ ਦੀ ਪਾਬੰਦੀ ਰੱਖੀ ਜਾਵੇ ਅਤੇ ਜਥੇਬੰਦੀਆਂ ਨੂੰ ਉਨ੍ਹਾਂ ਦੇ ਮਾਮਲਿਆਂ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ ਜਾਵੇ।
ਮੀਟਿੰਗ ਦਾ ਸਮਾਪਨ ਆਪਸੀ ਵਿਸ਼ਵਾਸ, ਸਕਾਰਾਤਮਕ ਸੋਚ ਅਤੇ ਉਸਾਰੂ ਵਿਚਾਰ-ਵਟਾਂਦਰੇ ਦੇ ਮਾਹੌਲ ਵਿੱਚ ਹੋਇਆ। ਕੈਬਨਿਟ ਮੰਤਰੀ ਨੇ ਮੁੜ ਦੁਹਰਾਇਆ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਗੰਭੀਰ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਅਤੇ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੋਂ ਇਲਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
