
ਮੁਹਾਲੀ,15 ਅਕਤੂਬਰ 2026: ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਅਤੇ ਸੰਤੁਸ਼ਟ ਹਨ। ਇਹ ਦਾਅਵਾ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਇਤਿਹਾਸਕ ਨਗਰ ਚੱਪੜਚਿੜੀ ਖੁਰਦ ਵਿਖੇ ਕਰਵਾਏ ਗਏ ‘ਭਗਵੰਤ ਮਾਨ-ਸੰਵਾਦ’ ਪ੍ਰੋਗਰਾਮ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪਾਰਟੀ ਭਵਿੱਖ ਵਿੱਚ ਵੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇ ਕੇ ਦਿਖਾਏਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਸਾਢੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ‘ਭਗਵੰਤ ਮਾਨ-ਸੰਵਾਦ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਚੱਪੜਚਿੜੀ ਖੁਰਦ ਵਿਖੇ ਪ੍ਰੋਗਰਾਮ ਵਿੱਚ ਲੋਕਾਂ ਦੀ ਵੱਡੀ ਗਿਣਤੀ ਵਿੱਚ ਆਪਣੇ ਆਪ ਸ਼ਮੂਲੀਅਤ ਕਰਨਾ ਅਤੇ ਮਹਿਲਾਵਾਂ ਦੀ ਭਰਵੀਂ ਹਾਜ਼ਰੀ ਪਾਰਟੀ ਲਈ ਤਸੱਲੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਰਾਹੀਂ ਸਰਕਾਰ ਆਪਣੀਆਂ ਪ੍ਰਾਪਤੀਆਂ ਲੋਕਾਂ ਸਾਹਮਣੇ ਰੱਖਣ ਦੇ ਨਾਲ-ਨਾਲ ਉਨ੍ਹਾਂ ਦੇ ਵਿਚਾਰ ਅਤੇ ਸੁਝਾਅ ਵੀ ਜਾਣਦੀ ਹੈ।
ਇਸ ਮੌਕੇ ਸਾਬਕਾ ਪੰਚ ਗੁਰਜੀਤ ਸਿੰਘ ਖਾਲਸਾ, ਕੁਲਦੀਪ ਸਿੰਘ ਅਤੇ ਤਰਸੇਮ ਲਾਲ ਸਮੇਤ ਕਈ ਹੋਰ ਪ੍ਰਮੁੱਖ ਆਗੂਆਂ ਨੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਵਿਧਾਇਕ ਕੁਲਵੰਤ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਲੋਕਾਂ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣ ਲਈ ਘਰ-ਘਰ ਜਾ ਕੇ ਸੰਪਰਕ ਕੀਤਾ ਜਾ ਰਿਹਾ ਹੈ।
ਵਿਧਾਇਕ ਨੇ ਮਾਨ ਸਰਕਾਰ ਦੀ ਸਾਢੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਦੇ ਵਿਚਾਰ ਸੁਣੇ ਅਤੇ ਇਲਾਕੇ ਦੇ ਵਿਕਾਸ ਲਈ ਹੋਰ ਸੁਝਾਅ ਵੀ ਮੰਗੇ।
ਮੁਹਾਲੀ ਦੇ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵਿਕਾਸ ਦੀ ਰਫ਼ਤਾਰ ਲਗਾਤਾਰ ਤੇਜ਼ ਹੋ ਰਹੀ ਹੈ। ਲਿੰਕ ਸੜਕਾਂ ਨੂੰ ਨਵਾਂ ਬਣਾਉਣ ਦੇ ਨਾਲ-ਨਾਲ ਲੋੜ ਅਨੁਸਾਰ ਮੌਜੂਦਾ ਸੜਕਾਂ ਦੀ ਮੁਰੰਮਤ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਘਟਾਉਣ ਲਈ ਗੋਲ ਚੌਂਕ ਵੀ ਬਣਾਏ ਜਾ ਰਹੇ ਹਨ।
ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਕੌਂਸਲਰ ਰਮਨਪ੍ਰੀਤ ਕੌਰ, ਅਵਤਾਰ ਸਿੰਘ ਮੌਲੀ, ਹਰਮੇਸ਼ ਸਿੰਘ ਕੁੰਬੜਾ, ਸਾਬਕਾ ਹਾਕੀ ਖਿਡਾਰਨ ਨਵਦੀਪ ਕੌਰ ਲਖਿਆਣ, ਸਾਬਕਾ ਸਰਪੰਚ ਰਾਜਵੀਰ ਕੌਰ, ਅਮਰਜੀਤ ਸਿੰਘ ਸਿੱਧੂ, ਹਰਪਾਲ ਸਿੰਘ ਬਰਾੜ, ਜਸਪਾਲ ਸਿੰਘ ਮਟੌਰ, ਮਨਜੀਤ ਸਿੰਘ ਹੈਪੀ, ਸਾਬਕਾ ਸਰਪੰਚ ਮਨਜੀਤ ਸਿੰਘ, ਜਸਪ੍ਰੀਤ ਸਿੰਘ, ਨੰਬਰਦਾਰ ਮਨਪ੍ਰੀਤ ਸਿੰਘ, ਤਰਲੋਚਨ ਸਿੰਘ ਤੋਚੀ, ਭੁਪਿੰਦਰ ਕੌਰ, ਸਾਬਕਾ ਸਰਪੰਚ ਜਸਪ੍ਰੀਤ ਸਿੰਘ ਲਾਂਡਰਾਂ, ਰਜਿੰਦਰ ਸਿੰਘ ਚੱਪੜਚਿੜੀ ਅਤੇ ਸੁਖਬੀਰ ਸਿੰਘ ਵਿੱਕੀ ਸਮੇਤ ਕਈ ਹੋਰ ਪਤਵੰਤੇ ਹਾਜ਼ਰ ਸਨ।
