
ਦਿੱਲੀ, 15 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿਖੇ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਨੂੰ ਨਿਰਵਿਘਨ ਬਿਜਲੀ ਅਤੇ ਕੋਲੇ ਦੀ ਸਪਲਾਈ ਯਕੀਨੀ ਬਣਾਉਣ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਹੋਈ।
ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਦੱਸਿਆ ਕਿ ਪੰਜਾਬ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ ਅਤੇ ਦੇਸ਼ ਲਈ 180 ਲੱਖ ਮੀਟ੍ਰਿਕ ਟਨ ਚੌਲ ਪੈਦਾ ਕਰਦਾ ਹੈ। ਇਸ ਉਤਪਾਦਨ ਨੂੰ ਬਰਕਰਾਰ ਰੱਖਣ ਲਈ ਸੂਬੇ ਨੂੰ ਨਿਰਵਿਘਨ ਬਿਜਲੀ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਕੇਂਦਰੀ ਮੰਤਰੀ ਨੇ ਪੰਜਾਬ ਦੀਆਂ ਲਗਭਗ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਭਰੋਸਾ ਦਿਵਾਇਆ ਹੈ ਕਿ ਸੂਬਾ ਦੇਸ਼ ਦੇ ਅੰਨ ਭੰਡਾਰ ਵਿੱਚ ਆਪਣਾ ਅਹਿਮ ਯੋਗਦਾਨ ਪਹਿਲਾਂ ਵਾਂਗ ਜਾਰੀ ਰੱਖੇਗਾ।
CM ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਕੋਲੇ ਦੀ ਸਪਲਾਈ ਦੇ ਮਾਮਲੇ ਵਿੱਚ ਕੋਲ ਇੰਡੀਆ ਅਤੇ ਝਾਰਖੰਡ ਸਰਕਾਰ ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਨਿਰਵਿਘਨ ਬਿਜਲੀ ਅਤੇ ਕੋਲੇ ਦੀ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਕੇਂਦਰੀ ਅੰਨ ਭੰਡਾਰ ਵਿੱਚ ਆਪਣਾ ਯੋਗਦਾਨ ਪਾਉਣ ਲਈ ਹਮੇਸ਼ਾ ਤਿਆਰ ਰਹੇਗਾ, ਜਦੋਂ ਵੀ ਦੇਸ਼ ਨੂੰ ਇਸ ਦੀ ਲੋੜ ਹੋਵੇਗੀ।
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਕੇਂਦਰੀ ਮੰਤਰੀ ਨੂੰ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਦਾ ਦੌਰਾ ਕਰਨ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਫੂਡ ਬਾਊਲ ਵਿੱਚ ਲਗਭਗ 40 ਫ਼ੀਸਦੀ ਯੋਗਦਾਨ ਪਾਉਂਦਾ ਹੈ, ਇਸ ਲਈ ਸੂਬੇ ਦੀਆਂ ਬਿਜਲੀ ਅਤੇ ਕੋਲੇ ਦੀਆਂ ਲੋੜਾਂ ਨੂੰ ਪੂਰਾ ਕਰਨਾ ਬੇਹੱਦ ਮਹੱਤਵਪੂਰਨ ਹੈ।
CM ਮਾਨ ਨੇ ਕਿਹਾ ਕਿ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਖ਼ੁਦ ਪੰਜਾਬੀ ਹਨ ਅਤੇ ਦੋਵਾਂ ਆਗੂਆਂ ਵਿਚਾਲੇ ਸਾਰੀ ਗੱਲਬਾਤ ਪੰਜਾਬੀ ਭਾਸ਼ਾ ਵਿੱਚ ਹੀ ਹੋਈ।
