
ਮਲੋਟ/ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ2026: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਮੰਡੀ ਪੰਨੀਵਾਲਾ, ਆਲਮਵਾਲਾ ਅਤੇ ਮਿੱਡਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਫ਼ਸਲ ਵੇਚਣ ਸਮੇਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਝੋਨੇ ਦੀ ਖਰੀਦ, ਲਿਫ਼ਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਅਤੇ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਮੰਡੀਆਂ ਵਿੱਚ ਲਿਆਉਣ, ਤਾਂ ਜੋ ਖਰੀਦ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਪੂਰੀ ਹੋ ਸਕੇ।
ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਦੇ ਨਾਲ-ਨਾਲ ਫ਼ਸਲ ਦੀ ਲਿਫ਼ਟਿੰਗ ਵੀ ਕਰਵਾਈ ਜਾਵੇਗੀ। ਇਸ ਨਾਲ ਮੰਡੀਆਂ ਵਿੱਚ ਜਗ੍ਹਾ ਦੀ ਉਪਲਬਧਤਾ ਬਣੀ ਰਹੇਗੀ ਅਤੇ ਅਗਲੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਵੀ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਮੰਤਰੀ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿੱਚ ਖਰੀਦ ਦੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਕਿਸਾਨਾਂ ਦੀ ਸਹੂਲਤ ਲਈ ਬਾਰਦਾਨੇ, ਪੀਣ ਵਾਲੇ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਯਕੀਨੀ ਬਣਾਇਆ ਗਿਆ ਹੈ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਫ਼ਸਲ ਦੀ ਖਰੀਦ ਤੋਂ ਬਾਅਦ ਲਿਫ਼ਟਿੰਗ ਦੇ ਕੰਮ ਨੂੰ ਬਿਨਾਂ ਦੇਰੀ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ, ਤਾਂ ਜੋ ਮੰਡੀਆਂ ਵਿੱਚ ਫ਼ਸਲ ਦੇ ਢੇਰ ਨਾ ਲੱਗਣ।
ਇਸ ਮੌਕੇ ਡੀ.ਐਮ.ਓ. ਅਜੈਪਾਲ ਸਿੰਘ ਬਰਾੜ, ਡੀ.ਐਫ.ਐਸ.ਸੀ. ਹਿਮਾਂਸ਼ੂ ਕੱਕੜ, ਪੰਜਾਬ ਸਹਿਕਾਰੀ ਬੈਂਕ ਦੇ ਚੇਅਰਮੈਨ ਜਗਦੇਵ ਸਿੰਘ ਬਾਂਮ, ਮਾਰਕੀਟ ਕਮੇਟੀ ਮਲੋਟ ਦੇ ਚੇਅਰਮੈਨ ਜਸ਼ਨ ਬਰਾੜ, ਟਰੇਡ ਕਮਿਸ਼ਨ ਦੇ ਚੇਅਰਮੈਨ ਗੁਰਬਿੰਦਰ ਸ਼ਰਮਾ, ਸਰਪੰਚ ਦਿਲਬਾਗ ਪੰਨੀਵਾਲਾ, ਸਾਬਕਾ ਸਰਪੰਚ ਪਰਮਪਾਲ ਜਟਾਣਾ, ਮਾਰਕੀਟ ਕਮੇਟੀ ਮਲੋਟ ਦੇ ਸਕੱਤਰ ਮਨਦੀਪ ਰਹੇਜਾ, ਸਰਪੰਚ ਮਲਕੀਤ ਸਿੰਘ ਕਰਮ ਪੱਟੀ, ਪ੍ਰਧਾਨ ਸਤਪਾਲ ਪੰਨੀਵਾਲਾ, ਚੌਂਕੀ ਇੰਚਾਰਜ ਸੁਖਰਾਜ ਸਿੰਘ, ਪੀ.ਏ. ਗੁਰਬਾਜ ਖੁੱਡੀਆਂ, ਬਲਾਕ ਪ੍ਰਧਾਨ ਹਰਕੇਵਲ ਧਾਲੀਵਾਲ ਅਤੇ ਕਿਸਾਨਾਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
