
ਚੰਡੀਗੜ੍ਹ, 16 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸਿੱਖ ਯੋਧੇ, ਬਹਾਦਰ ਜਰਨੈਲ ਅਤੇ ਸਿੱਖ ਰਾਜ ਦੇ ਮੋਢੀ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਮਹਾਨ ਜੀਵਨ, ਅਦੁੱਤੀ ਸ਼ਹਾਦਤ, ਬਹਾਦਰੀ ਅਤੇ ਮਨੁੱਖਤਾ ਦੀ ਭਲਾਈ ਲਈ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਲੋਕਾਂ ਨੂੰ ਉਨ੍ਹਾਂ ਦੇ ਦਰਸਾਏ ਸੱਚ, ਨਿਆਂ, ਬਰਾਬਰੀ ਅਤੇ ਨਿਰਸਵਾਰਥ ਸੇਵਾ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।
ਸਪੀਕਰ ਸੰਧਵਾਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜੀਵਨ ਜ਼ੁਲਮ ਵਿਰੁੱਧ ਡਟ ਕੇ ਸੰਘਰਸ਼ ਕਰਨ, ਹੱਕ-ਸੱਚ ਦੀ ਰਾਖੀ ਕਰਨ ਅਤੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਨਿਆਂ ਦਿਵਾਉਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਨਾ ਸਿਰਫ਼ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਮਹਾਨ ਯੋਗਦਾਨ ਪਾਇਆ, ਸਗੋਂ ਸਮੁੱਚੀ ਮਨੁੱਖਤਾ ਨੂੰ ਹੱਕਾਂ, ਇਨਸਾਫ਼ ਅਤੇ ਬਰਾਬਰੀ ਦਾ ਸੰਦੇਸ਼ ਵੀ ਦਿੱਤਾ। ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਇਤਿਹਾਸਕ ਕਾਰਜ ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਸਦਾ ਲਈ ਦਰਜ ਹਨ।
ਸਰਦਾਰ ਸੰਧਵਾਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਇੱਕ ਅਜਿਹੇ ਮਹਾਨ ਜਰਨੈਲ ਸਨ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ, ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਅਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦੀ ਅਗਵਾਈ ਅਤੇ ਸੰਘਰਸ਼ ਨੇ ਉਸ ਸਮੇਂ ਦੇ ਸਮਾਜ ਵਿੱਚ ਨਵੀਂ ਚੇਤਨਾ ਪੈਦਾ ਕੀਤੀ ਅਤੇ ਲੋਕਾਂ ਨੂੰ ਜ਼ੁਲਮ ਦੇ ਸਾਹਮਣੇ ਝੁਕਣ ਦੀ ਬਜਾਏ ਆਪਣੇ ਹੱਕਾਂ ਲਈ ਖੜ੍ਹੇ ਹੋਣ ਦੀ ਪ੍ਰੇਰਨਾ ਦਿੱਤੀ।
ਸਪੀਕਰ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਵੱਲੋਂ ਪੰਜਾਬ ਵਿੱਚ ਪਹਿਲੇ ਖੁਦਮੁਖਤਿਆਰ ਸਿੱਖ ਰਾਜ ਦੀ ਸਥਾਪਨਾ ਵਿੱਚ ਨਿਭਾਈ ਗਈ ਇਤਿਹਾਸਕ ਭੂਮਿਕਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕਾਰਜ ਸਿਰਫ਼ ਜੰਗੀ ਜਿੱਤਾਂ ਤੱਕ ਸੀਮਤ ਨਹੀਂ ਸਨ, ਸਗੋਂ ਉਨ੍ਹਾਂ ਨੇ ਸਮਾਜਿਕ ਅਤੇ ਆਰਥਿਕ ਬਦਲਾਅ ਦੀ ਵੀ ਨੀਂਹ ਰੱਖੀ। ਉਨ੍ਹਾਂ ਦੇ ਇਨਕਲਾਬੀ ਜ਼ਮੀਨੀ ਸੁਧਾਰਾਂ ਨੇ ਰਵਾਇਤੀ ਦਮਨਕਾਰੀ ਜ਼ਮੀੰਦਾਰੀ ਪ੍ਰਬੰਧ ਨੂੰ ਵੱਡੀ ਚੁਣੌਤੀ ਦਿੱਤੀ ਅਤੇ ਕਿਸਾਨਾਂ ਤੇ ਕਿਰਤੀ ਵਰਗਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕੇ।
ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਜ਼ਮੀਨ ’ਤੇ ਮਿਹਨਤ ਕਰਨ ਵਾਲੇ ਕਿਸਾਨਾਂ ਦੇ ਹਿੱਤਾਂ ਨੂੰ ਤਰਜੀਹ ਦੇ ਕੇ ਸਮਾਜਿਕ ਨਿਆਂ ਦੀ ਇੱਕ ਨਵੀਂ ਮਿਸਾਲ ਕਾਇਮ ਕੀਤੀ। ਉਨ੍ਹਾਂ ਦੀ ਸੋਚ ਦਾ ਮੁੱਖ ਆਧਾਰ ਅਜਿਹਾ ਸਮਾਜ ਸਿਰਜਣਾ ਸੀ, ਜਿੱਥੇ ਕਿਸੇ ਵੀ ਵਿਅਕਤੀ ਨਾਲ ਜਾਤ, ਵਰਗ ਜਾਂ ਸਮਾਜਿਕ ਹੈਸੀਅਤ ਦੇ ਆਧਾਰ ’ਤੇ ਵਿਤਕਰਾ ਨਾ ਹੋਵੇ ਅਤੇ ਹਰ ਕਿਸੇ ਨੂੰ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਮੌਕਾ ਮਿਲੇ।
ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਾਨਾਮੱਤੀ ਵਿਰਾਸਤ ਅੱਜ ਵੀ ਲੋਕਾਂ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਦੀ ਦਲੇਰੀ, ਦ੍ਰਿੜ੍ਹਤਾ, ਕੁਰਬਾਨੀ ਅਤੇ ਨਿਆਂ ਪ੍ਰਤੀ ਵਚਨਬੱਧਤਾ ਸਾਨੂੰ ਸਿਖਾਉਂਦੀ ਹੈ ਕਿ ਸੱਚ ਦੇ ਰਾਹ ’ਤੇ ਚੱਲਦਿਆਂ ਹਰ ਤਰ੍ਹਾਂ ਦੇ ਅਨਿਆਂ ਅਤੇ ਜ਼ੁਲਮ ਦਾ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਅਤੇ ਵਿਚਾਰਾਂ ਨੂੰ ਯਾਦ ਕਰਨਾ ਸਿਰਫ਼ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਵੀ ਜ਼ਰੂਰੀ ਹੈ। ਉਨ੍ਹਾਂ ਦੇ ਜਨਮ ਦਿਵਸ ਮੌਕੇ ਸਾਨੂੰ ਸਮਾਜ ਵਿੱਚ ਬਰਾਬਰੀ, ਭਾਈਚਾਰਕ ਸਾਂਝ, ਮਨੁੱਖੀ ਮਰਿਆਦਾ ਅਤੇ ਨਿਆਂ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ।
ਸਪੀਕਰ ਸੰਧਵਾਂ ਨੇ ਭਰੋਸਾ ਪ੍ਰਗਟਾਇਆ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਅਤੇ ਮਹਾਨ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸੱਚ, ਹਿੰਮਤ ਅਤੇ ਇਨਸਾਫ਼ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀ ਰਹੇਗੀ।
