
ਮੂਨਕ/ਸੰਗਰੂਰ, 16 ਅਕਤੂਬਰ 2026: ਹਲਕਾ ਲਹਿਰਾ ਦੇ ਪਿੰਡ ਮਨਿਆਣਾ ਵਿੱਚ ਪਰਮਿੰਦਰ ਸਿੰਘ ਢੀਂਡਸਾ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਿਆ, ਜਦੋਂ ਢੀਂਡਸਾ ਪਰਿਵਾਰ ਦੇ ਨਜ਼ਦੀਕੀ ਰਹੇ ਜਗਤਾਰ ਸਿੰਘ, ਮਨਦੀਪ ਸਿੰਘ ਅਤੇ ਜੱਜ ਸਿੰਘ ਸਮੇਤ ਕਈ ਪਰਿਵਾਰਾਂ ਨੇ ਉਨ੍ਹਾਂ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਮੂਲੀਅਤ ਕਰ ਲਈ। ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਜੁੜਨ ਵਾਲਾ ਹਰੇਕ ਵਿਅਕਤੀ ਪਾਰਟੀ ਲਈ ਅਹਿਮ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਉਦੇਸ਼ ਸਾਰੇ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦਿਆਂ ਹਲਕੇ ਦੇ ਵਿਕਾਸ ਨੂੰ ਨਵੀਂ ਗਤੀ ਦੇਣਾ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਰਾਏ, ਤਜਰਬੇ ਅਤੇ ਸੁਝਾਵਾਂ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਨਵੇਂ ਸਾਥੀਆਂ ਦੇ ਪਾਰਟੀ ਨਾਲ ਜੁੜਨ ਨਾਲ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਸਰਗਰਮ ਭਾਗੀਦਾਰੀ ਨਾਲ ਹੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੀ ਅਪੀਲ ਕੀਤੀ।
ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰ ਰਹੀ ਹੈ। ਉਨ੍ਹਾਂ ਅਨੁਸਾਰ, ਹਲਕਾ ਲਹਿਰਾ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ, ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।
ਉਨ੍ਹਾਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਦੀਆਂ ਸਾਂਝੀਆਂ ਲੋੜਾਂ, ਵਿਕਾਸ ਨਾਲ ਸਬੰਧਤ ਮਸਲਿਆਂ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਉਣ, ਤਾਂ ਜੋ ਸਬੰਧਤ ਮਸਲਿਆਂ ਦੇ ਹੱਲ ਲਈ ਮਿਲਜੁਲ ਕੇ ਯਤਨ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ ਅਤੇ ਲੋਕਾਂ ਦੇ ਸੁਝਾਵਾਂ ਦੇ ਆਧਾਰ ’ਤੇ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ।
ਕੈਬਨਿਟ ਮੰਤਰੀ ਨੇ ਮੁੜ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਦੇ ਨਾਲ-ਨਾਲ ਲੋਕ ਭਲਾਈ ਦੇ ਕਾਰਜਾਂ ਵਿੱਚ ਵੀ ਸਰਗਰਮੀ ਨਾਲ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਭਾਵਨਾ ਨਾਲ ਹਲਕਾ ਲਹਿਰਾ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਜਾਵੇਗਾ।
