
ਚੰਡੀਗੜ੍ਹ, 23 ਅਕਤੂਬਰ 2026: ਕੇਂਦਰ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦਰਮਿਆਨ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਨੂੰ ਕੈਨੇਡਾ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਹ ਦਾਅਵਾ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਸਦਨ ਵਿੱਚ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਬਾਠ ਨੂੰ ਕੈਨੇਡਾ ਦੇ ਸਰੀ ਇਲਾਕੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਵੀ ਨਿਸ਼ਾਨਾ ਸਾਧਿਆ।
ਜਾਣਕਾਰੀ ਅਨੁਸਾਰ, ਪਿੰਡ ਮੀਆਂਪੁਰ ਨਾਲ ਸਬੰਧਤ ਅੰਮ੍ਰਿਤਪਾਲ ਸਿੰਘ ਬਾਠ ਖ਼ਿਲਾਫ਼ ਕਤਲ ਅਤੇ ਨਸ਼ਿਆਂ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਦੋਸ਼ ਹੈ ਕਿ ਪੁਲਿਸ ਦੀ ਗ੍ਰਿਫ਼ਤਾਰੀ ਤੋਂ ਬਚਣ ਲਈ ਉਹ ਕਥਿਤ ਤੌਰ ’ਤੇ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਕੈਨੇਡਾ ਭੱਜ ਗਿਆ ਸੀ।
ਬਾਠ ਦਾ ਨਾਮ 14 ਜਨਵਰੀ 2024 ਨੂੰ ਝਬਾਲ ਦੇ ਸਰਪੰਚ ਮੁਨੀਸ਼ ਕੁਮਾਰ ਉਰਫ਼ ਸੋਨੂੰ ਚੀਮਾ ਦੇ ਕਤਲ ਮਾਮਲੇ ਵਿੱਚ ਵੀ ਸਾਹਮਣੇ ਆਇਆ ਸੀ। ਇਸ ਤੋਂ ਇਲਾਵਾ, ਪਿੰਡ ਲਾਲੂ ਘੁੰਮਣ ਦੇ ਬਜ਼ੁਰਗ ਸਰਪੰਚ ਦੇ ਕਤਲ ਮਾਮਲੇ ਵਿੱਚ ਵੀ ਉਸ ਦਾ ਨਾਮ ਦਰਜ ਹੋਣ ਦੀ ਗੱਲ ਕਹੀ ਗਈ ਹੈ।
ਅਕਾਲੀ ਦਲ ਵੱਲੋਂ ਬਾਠ ਦੀ ਸੱਸ ਨੂੰ ਉਮੀਦਵਾਰ ਬਣਾਉਣ ਦਾ ਮੁੱਦਾ ਵੀ ਚੁੱਕਿਆ
ਵਿਧਾਇਕ ਹਰਮੀਤ ਸਿੰਘ ਸੰਧੂ ਨੇ ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਭੂਮਿਕਾ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਨਵੰਬਰ 2025 ਵਿੱਚ ਹੋਈ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੌਰਾਨ ਅਕਾਲੀ ਦਲ ਨੇ ਅੰਮ੍ਰਿਤਪਾਲ ਸਿੰਘ ਬਾਠ ਦੀ ਸੱਸ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਬਣਾਇਆ ਸੀ। ਬਾਅਦ ਵਿੱਚ ਬਾਠ ਦੀ ਪਤਨੀ ਕੰਚਨਪ੍ਰੀਤ ਕੌਰ ਰੰਧਾਵਾ ਨੂੰ ਵੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ।
ਸੰਧੂ ਨੇ ਦੋਸ਼ ਲਾਇਆ ਕਿ ਅਕਾਲੀ ਦਲ ਵੱਲੋਂ ਗੈਂਗਸਟਰਵਾਦ ਨੂੰ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਿਹਤਰ ਬਣਾਉਣ ਅਤੇ ਗੈਂਗਸਟਰਵਾਦ ਨੂੰ ਖ਼ਤਮ ਕਰਨ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ।
ਜਨਵਰੀ 2024 ਵਿੱਚ ਗੋਲੀਆਂ ਮਾਰ ਕੇ ਕੀਤਾ ਗਿਆ ਸੀ ਸਰਪੰਚ ਸੋਨੂੰ ਚੀਮਾ ਦਾ ਕਤਲ
ਤਰਨਤਾਰਨ ਜ਼ਿਲ੍ਹੇ ਵਿੱਚ 14 ਜਨਵਰੀ 2024 ਨੂੰ ਸਰਪੰਚ ਸੋਨੂੰ ਚੀਮਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਾਣਕਾਰੀ ਮੁਤਾਬਕ, ਉਹ ਸਵੇਰੇ ਕਰੀਬ 9 ਵਜੇ ਝਬਾਲ ਦੇ ਇੱਕ ਸੈਲੂਨ ਵਿੱਚ ਵਾਲ ਕਟਵਾਉਣ ਲਈ ਪਹੁੰਚੇ ਸਨ। ਇਸੇ ਦੌਰਾਨ ਮੋਟਰਸਾਈਕਲ ’ਤੇ ਆਏ ਇੱਕ ਹਮਲਾਵਰ ਨੇ ਉਨ੍ਹਾਂ ਦੇ ਪੇਟ ਵਿੱਚ ਦੋ ਗੋਲੀਆਂ ਮਾਰ ਦਿੱਤੀਆਂ।
ਗੰਭੀਰ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਜਾਂਚ ਦੌਰਾਨ ਇਸ ਕਤਲ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਬਾਠ ਦਾ ਨਾਮ ਸਾਹਮਣੇ ਆਇਆ ਸੀ।
ਬਾਠ ਦੀ ਕੈਨੇਡਾ ਵਿੱਚ ਗ੍ਰਿਫ਼ਤਾਰੀ ਸਬੰਧੀ ਵਿਧਾਇਕ ਵੱਲੋਂ ਦਿੱਤੀ ਗਈ ਜਾਣਕਾਰੀ ਤੋਂ ਬਾਅਦ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ। ਹਾਲਾਂਕਿ, ਗ੍ਰਿਫ਼ਤਾਰੀ ਅਤੇ ਇਸ ਨਾਲ ਸਬੰਧਤ ਅਗਲੀ ਕਾਨੂੰਨੀ ਕਾਰਵਾਈ ਬਾਰੇ ਅਧਿਕਾਰਤ ਪੁਸ਼ਟੀ ਅਤੇ ਹੋਰ ਵੇਰਵਿਆਂ ਦੀ ਉਡੀਕ ਰਹੇਗੀ।
