
ਚੰਡੀਗੜ੍ਹ, 27 ਅਕਤੂਬਰ, 2026: ਪੰਜਾਬ ਵਿੱਚ ਮੌਸਮ ਜਲਦ ਹੀ ਕਰਵਟ ਲੈ ਸਕਦਾ ਹੈ। ਅੱਜ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਪਰ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਕਾਰਨ ਠੰਢ ਵਧਣ ਲੱਗੀ ਹੈ। ਇਸ ਦੌਰਾਨ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਦੇ ਚਲਦਿਆਂ 28 ਤੋਂ 31 ਅਕਤੂਬਰ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਵੱਲੋਂ ਮੀਂਹ ਅਤੇ ਗਰਜ-ਤੂਫ਼ਾਨ ਨੂੰ ਲੈ ਕੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ 28 ਅਤੇ 29 ਅਕਤੂਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਲੁਧਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿਖੇ 33.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਆਉਣ ਵਾਲੇ ਦਿਨਾਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਮੌਸਮ ਵਿੱਚ ਹੋਰ ਤਬਦੀਲੀ ਆ ਸਕਦੀ ਹੈ। ਲੋਕਾਂ ਨੂੰ ਮੌਸਮ ਵਿਭਾਗ ਦੀਆਂ ਤਾਜ਼ਾ ਚਿਤਾਵਨੀਆਂ ਅਤੇ ਸਥਾਨਕ ਮੌਸਮ ਅਪਡੇਟਾਂ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ।
