
ਜਲੰਧਰ, 28 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕਾ ਨਕੋਦਰ ਦੇ ਪਿੰਡ ਸਰ੍ਹੀ ਵਿੱਚ ਲੋਕ ਮਿਲਣੀ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਵੀ ਸੌਂਪਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਰਫ਼ ਐਲਾਨ ਕਰਨ ਦੀ ਬਜਾਏ ਵਿਕਾਸ ਕਾਰਜਾਂ ਲਈ ਮੌਕੇ ’ਤੇ ਹੀ ਫੰਡ ਮੁਹੱਈਆ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇਕੱਠ ਤੋਂ ਸਪੱਸ਼ਟ ਹੁੰਦਾ ਹੈ ਕਿ ਲੋਕ ਸਰਕਾਰ ਦੇ ਕੰਮਾਂ ਵਿੱਚ ਦਿਲਚਸਪੀ ਲੈ ਰਹੇ ਹਨ।
ਪਿੰਡ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ
ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਸਰ੍ਹੀ ਦੀ ਗ੍ਰਾਮ ਪੰਚਾਇਤ ਅਤੇ ਸਰਪੰਚ ਨੂੰ 51 ਲੱਖ ਰੁਪਏ ਦਾ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਦੀ ਵਰਤੋਂ ਛੱਪੜਾਂ ਦੇ ਨਵੀਨੀਕਰਨ, ਇੰਟਰਲਾਕ ਟਾਈਲਾਂ ਲਗਾਉਣ ਅਤੇ ਹੋਰ ਲੋੜੀਂਦੇ ਵਿਕਾਸ ਕਾਰਜਾਂ ਲਈ ਕੀਤੀ ਜਾਵੇ। ਉਨ੍ਹਾਂ ਪੰਚਾਇਤ ਨੂੰ ਲੋਕਾਂ ਦੀ ਸਲਾਹ ਨਾਲ ਪਿੰਡ ਦੀਆਂ ਤਰਜੀਹਾਂ ਅਨੁਸਾਰ ਪੈਸਾ ਖ਼ਰਚਣ ਲਈ ਕਿਹਾ।
‘ਲੋਕਾਂ ਦਾ ਟੈਕਸ ਵਾਲਾ ਪੈਸਾ ਲੋਕਾਂ ਨੂੰ ਹੀ ਵਾਪਸ ਦੇ ਰਹੇ ਹੈ
ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਖ਼ਰੀਦਣ ਤੋਂ ਲੈ ਕੇ ਵਾਹਨਾਂ ਵਿੱਚ ਤੇਲ ਪਵਾਉਣ ਅਤੇ ਮੋਬਾਈਲ ਰੀਚਾਰਜ ਕਰਵਾਉਣ ਤੱਕ ਵੱਖ-ਵੱਖ ਤਰੀਕਿਆਂ ਨਾਲ ਟੈਕਸ ਅਦਾ ਕਰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕਾਂ ਦਾ ਪੈਸਾ ਆਗੂਆਂ ਦੀਆਂ ਜੇਬਾਂ ਵਿੱਚ ਜਾਂਦਾ ਰਿਹਾ, ਜਦਕਿ ਮੌਜੂਦਾ ਸਰਕਾਰ ਇਸ ਰਾਸ਼ੀ ਨੂੰ ਲੋਕ ਭਲਾਈ ਦੇ ਕੰਮਾਂ ’ਤੇ ਖ਼ਰਚ ਰਹੀ ਹੈ।
ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਵਿੱਤੀ ਸਹਾਇਤਾ, ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ, ਬਿਹਤਰ ਸੜਕਾਂ ਅਤੇ ਸਿੱਖਿਆ ਸਹੂਲਤਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਪੈਸੇ ਦਾ ਲਾਭ ਦਿੱਤਾ ਜਾ ਰਿਹਾ ਹੈ।
ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ ਵੱਡੀ ਪ੍ਰਾਪਤੀ ਦਾ ਦਾਅਵਾ
ਸਿੱਖਿਆ ਸੁਧਾਰਾਂ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਲ 2021 ਵਿੱਚ ਪੰਜਾਬ ਪ੍ਰਾਇਮਰੀ ਸਿੱਖਿਆ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ 27ਵੇਂ ਸਥਾਨ ’ਤੇ ਸੀ, ਪਰ ਸਕੂਲਾਂ ਵਿੱਚ ਲੈਬਾਂ, ਨਵੇਂ ਕਲਾਸਰੂਮ ਅਤੇ ਅਧਿਆਪਕਾਂ ਨੂੰ ਸਿੰਗਾਪੁਰ ਤੇ ਫਿਨਲੈਂਡ ਵਿੱਚ ਸਿਖਲਾਈ ਦਿਵਾਉਣ ਵਰਗੇ ਕਦਮਾਂ ਨਾਲ ਸੂਬਾ ਪਹਿਲੇ ਸਥਾਨ ’ਤੇ ਪਹੁੰਚਿਆ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਸਰਕਾਰੀ ਸਕੂਲਾਂ ਦੇ ਲਗਭਗ 80 ਵਿਦਿਆਰਥੀ ਹੀ NEET ਪ੍ਰੀਖਿਆ ਪਾਸ ਕਰਦੇ ਸਨ, ਜਦਕਿ ਹੁਣ ਇਹ ਗਿਣਤੀ ਵਧ ਕੇ 882 ਹੋ ਗਈ ਹੈ। ਉਨ੍ਹਾਂ ਇਸ ਨੂੰ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਆਏ ਸੁਧਾਰਾਂ ਦਾ ਨਤੀਜਾ ਦੱਸਿਆ।
70,865 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਨੌਕਰੀਆਂ ਦੇਣ ਦਾ ਦਾਅਵਾ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਤੱਕ 70,865 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਭਰਤੀਆਂ ਵਿੱਚ ਨਾ ਤਾਂ ਰਿਸ਼ਵਤ ਲਈ ਗਈ ਅਤੇ ਨਾ ਹੀ ਕਿਸੇ ਦੀ ਸਿਫ਼ਾਰਸ਼ ਚੱਲੀ, ਸਗੋਂ ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ।
ਉਨ੍ਹਾਂ ਖੇਤੀਬਾੜੀ ਖੇਤਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਹਜ਼ਾਰਾਂ ਕਿਲੋਮੀਟਰ ਲੰਬੀਆਂ ਅੰਡਰਗਰਾਊਂਡ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ।
ਪਰਿਵਾਰਵਾਦ ਨੂੰ ਲੈ ਕੇ ਵਿਰੋਧੀ ਪਾਰਟੀਆਂ ’ਤੇ ਵਿਅੰਗ
ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਪਰਿਵਾਰਵਾਦ ਦੇ ਮੁੱਦੇ ’ਤੇ ਤਿੱਖਾ ਤਨਜ਼ ਕੱਸਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਪਾਰਟੀਆਂ ਦਾ ਪੰਜ ਨੁਕਾਤੀ ਏਜੰਡਾ ‘ਮੈਂ, ਮੇਰਾ ਮੁੰਡਾ, ਮੇਰਾ ਭਤੀਜਾ, ਮੇਰਾ ਸਾਲਾ ਅਤੇ ਮੇਰਾ ਜੀਜਾ’ ਤੱਕ ਸੀਮਤ ਹੁੰਦਾ ਸੀ।
ਕਾਂਗਰਸ ’ਤੇ ਵਿਅੰਗ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਵਰਕਰਾਂ ਨਾਲੋਂ ਮੁੱਖ ਮੰਤਰੀ ਬਣਨ ਦੇ ਦਾਅਵੇਦਾਰ ਵਧੇਰੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਵੀ ਤਨਜ਼ ਕੱਸਦਿਆਂ ਕਿਹਾ ਕਿ ਲੋਕ ਪਹਿਲਾਂ ਹੀ ਆਪਣਾ ਫ਼ੈਸਲਾ ਸੁਣਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ, ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਜਨਤਾ ਦੇ ਪੈਸੇ ਨੂੰ ਲੋਕ ਭਲਾਈ ਲਈ ਵਰਤਣ ’ਤੇ ਕੇਂਦਰਿਤ ਹੈ।
