Wednesday, October 28Punjabi People

ਕੈਨੇਡਾ ’ਚ ਸੋਸ਼ਲ ਮੀਡੀਆ ’ਤੇ ਜਾਅਲੀ ਤਸਵੀਰਾਂ ਰਾਹੀਂ ਬਦਨਾਮੀ ਕਰਨ ਵਾਲਿਆਂ ’ਤੇ ਕੱਸੇਗਾ ਸ਼ਿਕੰਜਾ, ਭਾਰੀ ਜੁਰਮਾਨੇ ਦੀ ਤਜਵੀਜ਼

ਕੈਨੇਡਾ/ਅਲਬਰਟਾ, 28 ਅਕਤੂਬਰ 2026:  ਕੈਨੇਡਾ ਦੇ ਸੂਬੇ ਅਲਬਰਟਾ ਦੀ ਮੁੱਖ ਮੰਤਰੀ ਡੈਨੀਅਲ ਸਮਿੱਥ ਨੇ ਐਲਾਨ ਕੀਤਾ ਹੈ ਕਿ ਲੋਕਾਂ ਦੀਆਂ ਜਾਅਲੀ ਜਾਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓਜ਼ ਬਿਨਾਂ ਸਹਿਮਤੀ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਨ ਦੇ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਿਆਂਦਾ ਜਾ ਰਿਹਾ ਹੈ। ਪ੍ਰਸਤਾਵਿਤ ਕਾਨੂੰਨ ਤਹਿਤ ਅਜਿਹਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕੇਗੀ, ਜਿਸ ਵਿੱਚ ਦੋ ਸਾਲ ਤੱਕ ਦੀ ਕੈਦ ਅਤੇ 10 ਹਜ਼ਾਰ ਡਾਲਰ ਦੇ ਜੁਰਮਾਨੇ ਦੀ ਵਿਵਸਥਾ ਸ਼ਾਮਲ ਹੈ।

ਮੁੱਖ ਮੰਤਰੀ ਨੇ ਆਪਣੇ ਅਧਿਕਾਰਤ ਐਕਸ (X) ਖਾਤੇ ’ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਬੰਧੀ ਬਿੱਲ ਨੰਬਰ 33 ਦਾ ਖ਼ਰੜਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵੱਲੋਂ ਬਿੱਲ ਪਾਸ ਕੀਤੇ ਜਾਣ ਅਤੇ ਇਸ ਦੇ ਲਾਗੂ ਹੋਣ ਨਾਲ ਅਜਿਹੇ ਮਾਮਲਿਆਂ ਦੇ ਪੀੜਤਾਂ ਨੂੰ ਕਾਨੂੰਨੀ ਰਾਹਤ ਮਿਲ ਸਕੇਗੀ ਅਤੇ ਇਸ ਤਰ੍ਹਾਂ ਦੀਆਂ ਹਰਕਤਾਂ ਕਰਨ ਵਾਲਿਆਂ ’ਤੇ ਰੋਕ ਲਗਾਉਣ ਵਿੱਚ ਮਦਦ ਮਿਲੇਗੀ।

ਡੈਨੀਅਲ ਸਮਿੱਥ ਮੁਤਾਬਕ, ਮਸਨੂਈ ਬੁੱਧੀ (AI) ਦੀ ਵਰਤੋਂ ਵਧਣ ਨਾਲ ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ ਨਾਲ ਸਬੰਧਤ ਜਾਅਲੀ ਤਸਵੀਰਾਂ ਅਤੇ ਵੀਡੀਓਜ਼ ਤਿਆਰ ਕਰਕੇ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਪਾਉਣ ਦਾ ਰੁਝਾਨ ਵਧਿਆ ਹੈ। ਅਜਿਹੀ ਸਮੱਗਰੀ ਰਾਹੀਂ ਲੋਕਾਂ ਦੀ ਸਾਖ ਨੂੰ ਨੁਕਸਾਨ ਪਹੁੰਚਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਵਧ ਰਹੀ ਸਮੱਸਿਆ ਨਾਲ ਨਜਿੱਠਣ ਲਈ ਕਾਨੂੰਨੀ ਕਦਮ ਚੁੱਕਣਾ ਜ਼ਰੂਰੀ ਹੋ ਗਿਆ ਹੈ। ਪ੍ਰਸਤਾਵਿਤ ਬਿੱਲ ਦੇ ਲਾਗੂ ਹੋਣ ਤੋਂ ਬਾਅਦ ਕਿਸੇ ਵਿਅਕਤੀ ਦੀ ਸਹਿਮਤੀ ਤੋਂ ਬਿਨਾਂ ਉਸ ਦੇ ਨਿੱਜੀ ਵਿਹਾਰ ਨੂੰ ਦਰਸਾਉਂਦੀ ਅਸਲੀ ਜਾਂ ਨਕਲੀ ਤਸਵੀਰ ਜਾਂ ਵੀਡੀਓ ਜਨਤਕ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦਾ ਰਾਹ ਖੁੱਲ੍ਹੇਗਾ।

Leave a Reply

Your email address will not be published. Required fields are marked *