Friday, October 30Punjabi People

ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ 102 ਲੱਖ ਮੀਟ੍ਰਿਕ ਟਨ ਦੇ ਕਰੀਬ ਪੁੱਜੀ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 30 ਅਕਤੂਬਰ 2026: ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਦਾ ਅੰਕੜਾ 101.96 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ 4.71 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਹੁਣ ਤੱਕ 20,713.24 ਕਰੋੜ ਰੁਪਏ ਤੋਂ ਵੱਧ ਦੀ ਰਕਮ ਟਰਾਂਸਫਰ ਕੀਤੀ ਜਾ ਚੁੱਕੀ ਹੈ।

ਇਹ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੀ ਸਮੀਖਿਆ ਲਈ ਸੱਦੀ ਗਈ ਉੱਚ ਪੱਧਰੀ ਬੈਠਕ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 70 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ, ਜੋ 72 ਘੰਟਿਆਂ ਦੇ ਨਿਰਧਾਰਤ ਚੱਕਰ ਦੇ ਟੀਚੇ ਦਾ ਲਗਭਗ 86 ਫੀਸਦੀ ਹੈ।

ਮੰਤਰੀ ਨੇ ਦੱਸਿਆ ਕਿ ਕਿਸਾਨਾਂ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਸੂਬੇ ਭਰ ਵਿੱਚ 2,500 ਤੋਂ ਵੱਧ ਮੰਡੀਆਂ ਕਾਰਜਸ਼ੀਲ ਹਨ। ਇਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਕੇਂਦਰ ਸਰਕਾਰ ਵੱਲੋਂ ਨਿਰਧਾਰਤ 2,461 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (MSP) ’ਤੇ ਕੀਤੀ ਜਾ ਰਹੀ ਹੈ।

ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਸਰਕਾਰ ਇਸ ਸੀਜ਼ਨ ਦੌਰਾਨ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਸਫਲਤਾਪੂਰਵਕ ਪੂਰਾ ਕਰ ਲਵੇਗੀ। ਇਸ ਦੇ ਨਾਲ ਹੀ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਦੂਜੇ ਸੂਬਿਆਂ ਤੋਂ ਲਿਆਂਦੇ ਝੋਨੇ ਦੀ ਪੰਜਾਬ ਦੀਆਂ ਮੰਡੀਆਂ ਵਿੱਚ ਵਿਕਰੀ ਕਿਸੇ ਵੀ ਕੀਮਤ ’ਤੇ ਨਾ ਹੋਣ ਦਿੱਤੀ ਜਾਵੇ।

ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਮੰਡੀਆਂ ਵਿੱਚ ਸਖ਼ਤ ਨਿਗਰਾਨੀ ਅਤੇ ਚੌਕਸੀ ਬਣਾਈ ਰੱਖਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਆਪਣੀ ਮਿਹਨਤ ਨਾਲ ਪੈਦਾ ਕੀਤੇ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Leave a Reply

Your email address will not be published. Required fields are marked *