Friday, October 30Punjabi People

ਪੰਜਾਬ ਵਿਧਾਨ ਸਭਾ ਚੋਣਾਂ 2027: ‘ਆਪ’ ਭਲਕੇ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ: CM ਮਾਨ

ਨਵੀਂ ਦਿੱਲੀ, 30 ਅਕਤੂਬਰ 2026:  ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਪਾਰਟੀ ਵੱਲੋਂ ਭਲਕੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ। ਇਹ ਸੂਚੀ ਦੁਪਹਿਰ 12 ਵਜੇ ਜਨਤਕ ਕੀਤੇ ਜਾਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਦਿੱਲੀ ਵਿੱਚ ਮੀਟਿੰਗ ਹੋਈ ਹੈ, ਜਿਸ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਹ ਖੁਦ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਇਸ ਸਬੰਧੀ ਭਲਕੇ ਇੱਕ ਹੋਰ ਮੀਟਿੰਗ ਹੋਵੇਗੀ, ਜਿਸ ਤੋਂ ਬਾਅਦ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ।

ਸੂਤਰਾਂ ਅਨੁਸਾਰ ਪਹਿਲੀ ਸੂਚੀ ਵਿੱਚ 15 ਤੋਂ 20 ਉਮੀਦਵਾਰਾਂ ਦੇ ਨਾਂ ਸ਼ਾਮਲ ਹੋ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਚਾਹੁੰਦੀ ਹੈ, ਤਾਂ ਜੋ ਉਮੀਦਵਾਰਾਂ ਨੂੰ ਆਪਣੇ ਹਲਕਿਆਂ ਵਿੱਚ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਚੋਣ ਤਿਆਰੀਆਂ ਲਈ ਵਧੇਰੇ ਸਮਾਂ ਮਿਲ ਸਕੇ।

ਪਹਿਲੀ ਸੂਚੀ ਵਿੱਚ ਮੌਜੂਦਾ ਵਿਧਾਇਕਾਂ ਨੂੰ ਮਿਲ ਸਕਦੀ ਹੈ ਤਰਜੀਹ

ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਪਹਿਲੀ ਸੂਚੀ ਵਿੱਚ ਉਨ੍ਹਾਂ ਮੌਜੂਦਾ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਤਰਜੀਹ ਦਿੱਤੀ ਜਾ ਸਕਦੀ ਹੈ, ਜਿਨ੍ਹਾਂ ਦੀ ਉਮੀਦਵਾਰੀ ਨੂੰ ਲੈ ਕੇ ਪਾਰਟੀ ਅੰਦਰ ਕੋਈ ਖਾਸ ਵਿਰੋਧ ਨਹੀਂ ਹੈ।

ਸੂਤਰਾਂ ਮੁਤਾਬਕ, ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ, ਜਗਰਾਓਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ, ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਨਾਵਾਂ ’ਤੇ ਵਿਚਾਰ ਕੀਤਾ ਜਾ ਸਕਦਾ ਹੈ।

30 ਤੋਂ 40 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੇ ਜਾਣ ਦੀ ਚਰਚਾ

ਪਹਿਲੀ ਸੂਚੀ ਵਿੱਚ ਕਿੰਨੇ ਉਮੀਦਵਾਰਾਂ ਨੂੰ ਜਗ੍ਹਾ ਮਿਲੇਗੀ, ਇਸ ਬਾਰੇ ਅਜੇ ਅਧਿਕਾਰਤ ਤੌਰ ’ਤੇ ਕੋਈ ਪੁਸ਼ਟੀ ਨਹੀਂ ਹੋਈ ਹੈ। ਹਾਲਾਂਕਿ, ਸੂਤਰਾਂ ਦੇ ਹਵਾਲੇ ਨਾਲ ਇਹ ਵੀ ਚਰਚਾ ਹੈ ਕਿ ਪਾਰਟੀ ਵੱਲੋਂ 30 ਤੋਂ 40 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਜਾ ਸਕਦੀਆਂ ਹਨ।

ਉਮੀਦਵਾਰਾਂ ਦੀ ਚੋਣ ਸਬੰਧੀ ਅੰਤਿਮ ਫੈਸਲਾ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਬਾਰੇ ਕਮੇਟੀ (PAC) ਦੀ ਭਲਕੇ ਹੋਣ ਵਾਲੀ ਮੀਟਿੰਗ ਵਿੱਚ ਲਿਆ ਜਾ ਸਕਦਾ ਹੈ। ਇਸ ਮੀਟਿੰਗ ਤੋਂ ਬਾਅਦ ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਲਈ ‘ਆਪ’ ਦੀ ਪਹਿਲੀ ਉਮੀਦਵਾਰ ਸੂਚੀ ਸਾਹਮਣੇ ਆਵੇਗੀ।

Leave a Reply

Your email address will not be published. Required fields are marked *