
ਅੰਮ੍ਰਿਤਸਰ, 30 ਅਕਤੂਬਰ 2026: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 20 ਨਵੰਬਰ ਨੂੰ ਸੱਦਿਆ ਗਿਆ ਹੈ। ਇਹ ਫੈਸਲਾ ਅੱਜ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਹ ਜਨਰਲ ਇਜਲਾਸ SGPC ਦੇ ਮੁੱਖ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12 ਵਜੇ ਹੋਵੇਗਾ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।
ਪਰਵਿੰਦਰ ਸਿੰਘ ਦੇ ਕਤਲ ਦੀ ਨਿੰਦਾ, ਕੇਂਦਰੀ ਸਿੱਖ ਅਜਾਇਬ ਘਰ ’ਚ ਤਸਵੀਰ ਲਗਾਉਣ ਨੂੰ ਮਨਜ਼ੂਰੀ
ਮੀਟਿੰਗ ਦੌਰਾਨ ਅੰਤ੍ਰਿੰਗ ਕਮੇਟੀ ਨੇ ਕਈ ਹੋਰ ਅਹਿਮ ਫੈਸਲੇ ਵੀ ਲਏ। ਇੱਕ ਮਤੇ ਰਾਹੀਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਅਤੇ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਮਤੇ ਵਿੱਚ ਕਿਹਾ ਗਿਆ ਕਿ ਪੰਜਾਬ ਵਿੱਚ ਨਸ਼ਿਆਂ ਦਾ ਵਧਦਾ ਰੁਝਾਨ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਵਿੱਚ ਸਰਕਾਰ ਦੀ ਕਾਰਵਾਈ ’ਤੇ ਸਵਾਲ ਉਠਾਉਂਦਿਆਂ ਦੋਸ਼ ਲਾਇਆ ਗਿਆ ਕਿ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਰਵਿੰਦਰ ਸਿੰਘ ਵੱਲੋਂ ਕੀਤੇ ਸੰਘਰਸ਼ ਅਤੇ ਇਸ ਮਕਸਦ ਲਈ ਦਿੱਤੀ ਕੁਰਬਾਨੀ ਨੂੰ ਸਦੀਵੀ ਯਾਦ ਰੱਖਣ ਦੇ ਉਦੇਸ਼ ਨਾਲ SGPC ਵੱਲੋਂ ਉਨ੍ਹਾਂ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਤ ਕੀਤੀ ਜਾਵੇਗੀ। ਅੰਤ੍ਰਿੰਗ ਕਮੇਟੀ ਨੇ ਇਸ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਮਾਨਸਾ ਵਿੱਚ ਨੌਜਵਾਨਾਂ ਖ਼ਿਲਾਫ਼ ਦਰਜ FIR ਰੱਦ ਕਰਨ ਦੀ ਮੰਗ
ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਧਰਨੇ ਵਿੱਚ ਸ਼ਾਮਲ ਕਰੀਬ 40 ਨੌਜਵਾਨਾਂ ਖ਼ਿਲਾਫ਼ ਪੁਲੀਸ ਵੱਲੋਂ ਐੱਫਆਈਆਰ ਦਰਜ ਕਰਨ ਅਤੇ ਕੁਝ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਨਿੰਦਾ ਕੀਤੀ। ਇਸ ਦੌਰਾਨ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰਨ ਅਤੇ ਬੀਬੀਆਂ ਨਾਲ ਕਥਿਤ ਵਧੀਕੀਆਂ ਕੀਤੇ ਜਾਣ ’ਤੇ ਵੀ ਇਤਰਾਜ਼ ਜਤਾਇਆ ਗਿਆ।
ਇਸ ਸਬੰਧੀ ਪਾਸ ਕੀਤੇ ਮਤੇ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਨੌਜਵਾਨਾਂ ਵਿਰੁੱਧ ਦਰਜ ਐੱਫਆਈਆਰ ਤੁਰੰਤ ਰੱਦ ਕੀਤੀ ਜਾਵੇ ਅਤੇ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਬਿਨਾਂ ਦੇਰੀ ਰਿਹਾਅ ਕੀਤਾ ਜਾਵੇ। ਕਮੇਟੀ ਨੇ ਇਹ ਵੀ ਮੰਗ ਕੀਤੀ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਕਰੰਟ ਲੱਗਣ ਨਾਲ ਮਾਰੇ ਗਏ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਢਾਈ ਲੱਖ ਦੀ ਸਹਾਇਤਾ
ਮੀਟਿੰਗ ਵਿੱਚ ਰੋਸ ਧਰਨੇ ਵਿੱਚ ਸ਼ਾਮਲ ਹੋਣ ਗਏ ਨੌਜਵਾਨ ਮਨਪ੍ਰੀਤ ਸਿੰਘ ਦੀ ਪੋਸਟਰ ਉਤਾਰਦੇ ਸਮੇਂ ਕਰੰਟ ਲੱਗਣ ਕਾਰਨ ਹੋਈ ਮੌਤ ’ਤੇ ਵੀ ਦੁੱਖ ਪ੍ਰਗਟ ਕੀਤਾ ਗਿਆ। ਅੰਤ੍ਰਿੰਗ ਕਮੇਟੀ ਨੇ ਉਸ ਦੇ ਪਰਿਵਾਰ ਨੂੰ ਢਾਈ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ।
479 ਸਿੱਖ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ
ਇਸ ਤੋਂ ਇਲਾਵਾ, ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਦੇ ਵਿਰੋਧ ਵਿੱਚ ਬਗਾਵਤ ਕਰਨ ਵਾਲੇ 479 ਸਿੱਖ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਫੈਸਲੇ ਨੂੰ ਵੀ ਪ੍ਰਵਾਨਗੀ ਦਿੱਤੀ ਗਈ।
ਮੀਟਿੰਗ ਦੌਰਾਨ SGPC ਦੇ ਮੁਲਾਜ਼ਮਾਂ ਨੂੰ 3 ਫ਼ੀਸਦੀ ਮਹਿੰਗਾਈ ਭੱਤਾ (DA) ਦੇਣ ਦਾ ਫੈਸਲਾ ਵੀ ਲਿਆ ਗਿਆ।
