Saturday, October 31Punjabi People

ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ‘ਆਪ’ ਦੀ ਪਹਿਲੀ ਸੂਚੀ ਜਾਰੀ, 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ; ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ

ਚੰਡੀਗੜ੍ਹ, 31 ਅਕਤੂਬਰ 2026: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਆਪਣੀਆਂ ਚੋਣ ਤਿਆਰੀਆਂ ਤੇਜ਼ ਕਰਦਿਆਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਐਲਾਨ ਵੀ ਕੀਤਾ ਗਿਆ ਹੈ।

1
11

ਉਮੀਦਵਾਰਾਂ ਦੀ ਇਸ ਪਹਿਲੀ ਸੂਚੀ ਵਿੱਚ ਕਿਸੇ ਵੀ ਮੌਜੂਦਾ ਕੈਬਨਿਟ ਮੰਤਰੀ ਦਾ ਨਾਮ ਸ਼ਾਮਲ ਨਹੀਂ ਕੀਤਾ ਗਿਆ ਹੈ। ਦਿੱਲੀ ਵਿੱਚ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਅਹਿਮ ਮੀਟਿੰਗ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਸੀ। ਇਸ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ’ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਪਹਿਲੀ ਸੂਚੀ ਨੂੰ ਅੰਤਿਮ ਰੂਪ ਦਿੱਤਾ ਗਿਆ।

ਪਾਰਟੀ ਵੱਲੋਂ ਚੋਣਾਂ ਤੋਂ ਕਾਫ਼ੀ ਸਮਾਂ ਪਹਿਲਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਦਾ ਮਕਸਦ ਉਨ੍ਹਾਂ ਨੂੰ ਆਪਣੇ-ਆਪਣੇ ਹਲਕਿਆਂ ਵਿੱਚ ਚੋਣ ਸਰਗਰਮੀਆਂ ਸ਼ੁਰੂ ਕਰਨ ਅਤੇ ਸਥਾਨਕ ਪਾਰਟੀ ਵਰਕਰਾਂ ਨਾਲ ਤਾਲਮੇਲ ਬਣਾਉਣ ਲਈ ਲੋੜੀਂਦਾ ਸਮਾਂ ਦੇਣਾ ਹੈ। ਇਸ ਦੇ ਨਾਲ ਹੀ ਪਾਰਟੀ ਲੀਡਰਸ਼ਿਪ ਨੂੰ ਟਿਕਟ ਨਾ ਮਿਲਣ ਕਾਰਨ ਨਾਰਾਜ਼ ਹੋਣ ਵਾਲੇ ਆਗੂਆਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਹੋਰ ਜਥੇਬੰਦਕ ਜ਼ਿੰਮੇਵਾਰੀਆਂ ਸੌਂਪਣ ਦਾ ਮੌਕਾ ਵੀ ਮਿਲੇਗਾ।

ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਕੇ ‘ਆਪ’ ਨੇ ਆਪਣੀ ਚੋਣ ਮੁਹਿੰਮ ਦਾ ਮੁੱਢ ਬੰਨ੍ਹ ਦਿੱਤਾ ਹੈ। ਹੁਣ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਪਾਰਟੀ ਦੀ ਅਗਲੀ ਸੂਚੀ ’ਤੇ ਟਿਕੀਆਂ ਹੋਈਆਂ ਹਨ, ਜਿਸ ਵਿੱਚ ਕੈਬਨਿਟ ਮੰਤਰੀਆਂ, ਮੌਜੂਦਾ ਵਿਧਾਇਕਾਂ ਅਤੇ ਨਵੇਂ ਚਿਹਰਿਆਂ ਨੂੰ ਟਿਕਟ ਦੇਣ ਸਬੰਧੀ ਫੈਸਲੇ ਅਹਿਮ ਰਹਿਣਗੇ।

Leave a Reply

Your email address will not be published. Required fields are marked *