
ਚੰਡੀਗੜ੍ਹ, 31 ਅਕਤੂਬਰ 2026: ਹਰਿਆਣਾ ਸਰਕਾਰ ਨੇ ਪੇਂਡੂ ਸਫਾਈ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਵੱਲ ਅਹਿਮ ਕਦਮ ਚੁੱਕਿਆ ਹੈ। ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਦੀ ਪ੍ਰਧਾਨਗੀ ਹੇਠ ਪਾਨੀਪਤ ਵਿੱਚ ਗ੍ਰਾਮੀਣ ਸਫਾਈ ਕਰਮਚਾਰੀ ਯੂਨੀਅਨ ਦੇ ਅਹੁਦੇਦਾਰਾਂ ਨਾਲ ਹੋਈ ਮੀਟਿੰਗ ਦੌਰਾਨ ਸਾਰੀਆਂ 17 ਮੰਗਾਂ ’ਤੇ ਸਹਿਮਤੀ ਬਣ ਗਈ। ਇਨ੍ਹਾਂ ਵਿੱਚੋਂ 12 ਮੰਗਾਂ ਸਬੰਧੀ ਲੋੜੀਂਦੇ ਸਰਕਾਰੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।
ਮੀਟਿੰਗ ਵਿੱਚ ਕਰਮਚਾਰੀਆਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਠਕ ਸੁਖਾਵੇਂ ਮਾਹੌਲ ਵਿੱਚ ਸਮਾਪਤ ਹੋਈ। ਮੰਗਾਂ ’ਤੇ ਸਹਿਮਤੀ ਬਣਨ ਨਾਲ ਸੂਬੇ ਦੇ ਪੇਂਡੂ ਸਫਾਈ ਕਰਮਚਾਰੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ।
ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਹਰਿਆਣਾ ਸਰਕਾਰ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੇਂਡੂ ਸਫਾਈ ਕਰਮਚਾਰੀ ਪਿੰਡਾਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੀਆਂ ਸੇਵਾਵਾਂ ਸਿਰਫ਼ ਸਫਾਈ ਤੱਕ ਸੀਮਤ ਨਹੀਂ, ਸਗੋਂ ਪੇਂਡੂ ਵਾਤਾਵਰਣ ਨੂੰ ਬਿਹਤਰ ਬਣਾਉਣ ਵਿੱਚ ਵੀ ਮਹੱਤਵਪੂਰਨ ਹਨ।
ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਸਕਾਰਾਤਮਕ ਰਵੱਈਆ ਅਪਣਾਉਂਦਿਆਂ ਸਹਿਮਤੀ ਅਨੁਸਾਰ ਜ਼ਰੂਰੀ ਹੁਕਮ ਜਾਰੀ ਕੀਤੇ ਹਨ। ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਾਲਣਾ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।
6,230 ਗ੍ਰਾਮ ਪੰਚਾਇਤਾਂ ਦੇ ਵਿਕਾਸ ਲਈ 579 ਕਰੋੜ ਰੁਪਏ ਜਾਰੀ
ਪੰਵਾਰ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਪੇਂਡੂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ। ਇਸੇ ਤਹਿਤ ਸੂਬੇ ਦੀਆਂ 6,230 ਗ੍ਰਾਮ ਪੰਚਾਇਤਾਂ ਦੇ ਵਿਕਾਸ ਲਈ ਰਾਜ ਵਿੱਤ ਕਮਿਸ਼ਨ (SFC) ਰਾਹੀਂ 579 ਕਰੋੜ ਰੁਪਏ ਪੰਚਾਇਤਾਂ ਦੇ ਖਾਤਿਆਂ ਵਿੱਚ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਮਿਲੇਗੀ ਅਤੇ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕੀਤਾ ਜਾ ਸਕੇਗਾ। ਸਰਕਾਰ ਦੀ ਕੋਸ਼ਿਸ਼ ਹੈ ਕਿ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਾ ਆਵੇ ਅਤੇ ਹਰ ਪਿੰਡ ਤੱਕ ਵਿਕਾਸ ਦਾ ਲਾਭ ਪਹੁੰਚੇ।
ਸਫਾਈ ਕਰਮਚਾਰੀਆਂ ਨੂੰ ਮਿਲਣਗੀਆਂ ਕਈ ਵਿੱਤੀ ਸਹੂਲਤਾਂ
ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਸੁਸ਼ੀਲ ਸਰਵਾਨ ਨੇ ਦੱਸਿਆ ਕਿ ਸਰਕਾਰ ਅਤੇ ਯੂਨੀਅਨ ਵਿਚਾਲੇ ਹੋਈ ਸਹਿਮਤੀ ਅਨੁਸਾਰ ਵਿਭਾਗ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 10 ਸਤੰਬਰ 2026 ਨੂੰ ਜਾਰੀ ਪੱਤਰ ਰਾਹੀਂ ਕਰਮਚਾਰੀਆਂ ਲਈ ਕਈ ਮਹੱਤਵਪੂਰਨ ਸਹੂਲਤਾਂ ਦੇਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਨ੍ਹਾਂ ਵਿੱਚ ਮਾਣਭੱਤੇ ਦੇ ਬਕਾਇਆ ਏਰੀਅਰ ਦਾ ਭੁਗਤਾਨ, ਅਕਤੂਬਰ 2023 ਦੀ ਹੜਤਾਲ ਦੇ ਸਮੇਂ ਦਾ ਯੋਗ ਕਰਮਚਾਰੀਆਂ ਨੂੰ ਬਕਾਇਆ ਮਾਣਭੱਤਾ ਦੇਣਾ ਅਤੇ ਪਿੰਡ ਤੋਂ ਬਾਹਰ ਡਿਊਟੀ ਲਗਾਏ ਜਾਣ ’ਤੇ ਰੋਜ਼ਾਨਾ 200 ਰੁਪਏ ਭੱਤਾ ਦੇਣਾ ਸ਼ਾਮਲ ਹੈ।
ਇਸ ਤੋਂ ਇਲਾਵਾ ਸਾਲਾਨਾ ਵਰਦੀ ਭੱਤਾ 4,000 ਰੁਪਏ ਤੋਂ ਵਧਾ ਕੇ 6,000 ਰੁਪਏ ਅਤੇ ਵਰਦੀ ਧੁਆਈ ਭੱਤਾ 1,000 ਰੁਪਏ ਤੋਂ ਵਧਾ ਕੇ 1,500 ਰੁਪਏ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ।
ਡਿਊਟੀ ਦੌਰਾਨ ਮੌਤ ਹੋਣ ’ਤੇ ਪਰਿਵਾਰਕ ਮੈਂਬਰ ਨੂੰ ਮਿਲੇਗੀ ਨੌਕਰੀ
ਡਾਇਰੈਕਟਰ ਨੇ ਦੱਸਿਆ ਕਿ ਡਿਊਟੀ ਦੌਰਾਨ ਕਿਸੇ ਪੇਂਡੂ ਸਫਾਈ ਕਰਮਚਾਰੀ ਦੀ ਮੌਤ ਹੋਣ ਦੀ ਸੂਰਤ ਵਿੱਚ ਉਸ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਦੀ ਵਿਵਸਥਾ ਵੀ ਕੀਤੀ ਗਈ ਹੈ।
ਇਸ ਤੋਂ ਇਲਾਵਾ ਮ੍ਰਿਤਕ ਕਰਮਚਾਰੀ ਦੇ ਪਰਿਵਾਰ ਨੂੰ ਈਪੀਐੱਫ ਅਤੇ ਈਐੱਸਆਈ ਨਾਲ ਸਬੰਧਤ ਮੌਤ ਦਾਅਵੇ ਦੀ ਪ੍ਰਕਿਰਿਆ ਪੂਰੀ ਕਰਨ ਲਈ ਬੀਡੀਪੀਓ ਦਫ਼ਤਰ ਵੱਲੋਂ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਕਰਮਚਾਰੀਆਂ ਨੂੰ ਹਰ ਮਹੀਨੇ ਦੀ 7 ਤਾਰੀਖ਼ ਤੱਕ ਮਾਣਭੱਤਾ ਜਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਅੰਕਿਤ ਚੌਕਸੇ, ਜ਼ਿਲ੍ਹਾ ਪ੍ਰੀਸ਼ਦ ਦੀ ਮੁੱਖ ਕਾਰਜਕਾਰੀ ਅਧਿਕਾਰੀ ਡਾ. ਕਿਰਨ ਸਿੰਘ, ਐੱਸਡੀਐੱਮ ਇਸਰਾਨਾ ਨਵਦੀਪ ਨੈਨ, ਡੀਡੀਪੀਓ ਰਾਜੇਸ਼ ਸ਼ਰਮਾ, ਕੈਥਲ ਦੀ ਡੀਡੀਪੀਓ ਰਿਤੂ ਲਾਠਰ, ਬੀਡੀਪੀਓ ਸ਼ੀਤਲ ਸਮੇਤ ਪੰਚਾਇਤ ਵਿਭਾਗ ਦੇ ਅਧਿਕਾਰੀ ਅਤੇ ਗ੍ਰਾਮੀਣ ਸਫਾਈ ਕਰਮਚਾਰੀ ਯੂਨੀਅਨ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।
