
ਕੋਟਕਪੂਰਾ, 31 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਤੀਜੀ ਵਾਰ ਆਮ ਆਦਮੀ ਪਾਰਟੀ (ਆਪ) ਦੀ ਟਿਕਟ ਮਿਲਣ ’ਤੇ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਮੁੜ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਂਦਿਆਂ ਕੋਟਕਪੂਰਾ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਆਪਣੀ ਪ੍ਰਤੀਕਿਰਿਆ ਸਾਂਝੀ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਜਤਾਏ ਗਏ ਵਿਸ਼ਵਾਸ ਲਈ ਧੰਨਵਾਦੀ ਹਨ। ਉਨ੍ਹਾਂ ਇਸ ਮੌਕੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਉਨ੍ਹਾਂ ਉਮੀਦ ਜਤਾਈ ਕਿ ਕੋਟਕਪੂਰਾ ਦੇ ਲੋਕ ਇਸ ਵਾਰ ਵੀ ਉਨ੍ਹਾਂ ਨੂੰ ਪਹਿਲਾਂ ਨਾਲੋਂ ਵੱਧ ਪਿਆਰ, ਸਤਿਕਾਰ ਅਤੇ ਸਮਰਥਨ ਦੇਣਗੇ। ਸੰਧਵਾਂ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਵੱਲੋਂ ਪ੍ਰਗਟਾਏ ਭਰੋਸੇ ’ਤੇ ਖਰਾ ਉਤਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।
ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਮੁੜ ਭਰੋਸਾ ਜਤਾਉਣਾ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ, ਜਿਸ ਨੂੰ ਉਹ ਪੂਰੀ ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ।
2003 ਵਿੱਚ ਸਰਪੰਚ ਬਣ ਕੇ ਸ਼ੁਰੂ ਕੀਤਾ ਸੀ ਸਿਆਸੀ ਸਫ਼ਰ
ਜ਼ਿਕਰਯੋਗ ਹੈ ਕਿ ਕੁਲਤਾਰ ਸਿੰਘ ਸੰਧਵਾਂ ਨੇ ਸਾਲ 2003 ਵਿੱਚ ਸਰਪੰਚ ਦੀ ਚੋਣ ਜਿੱਤ ਕੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਕੋਟਕਪੂਰਾ ਹਲਕੇ ਤੋਂ ਚੋਣ ਲੜੀ ਅਤੇ ਜਿੱਤ ਦਰਜ ਕੀਤੀ।
ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਉਨ੍ਹਾਂ ਨੇ ਆਪਣੀ ਜਿੱਤ ਬਰਕਰਾਰ ਰੱਖੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਦੀ 18ਵੀਂ ਵਿਧਾਨ ਸਭਾ ਦਾ ਸਪੀਕਰ ਨਿਯੁਕਤ ਕੀਤਾ ਗਿਆ। ਹੁਣ ਪਾਰਟੀ ਵੱਲੋਂ ਲਗਾਤਾਰ ਤੀਜੀ ਵਾਰ ਟਿਕਟ ਦਿੱਤੇ ਜਾਣ ਨਾਲ ਉਹ ਮੁੜ ਕੋਟਕਪੂਰਾ ਤੋਂ ਚੋਣ ਮੈਦਾਨ ਵਿੱਚ ਉਤਰਨਗੇ।
