Sunday, November 1Punjabi People

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 37.43 ਲੱਖ ਔਰਤਾਂ ਦੇ ਖਾਤਿਆਂ ’ਚ 1,291 ਕਰੋੜ ਰੁਪਏ ਟਰਾਂਸਫਰ: ਭਗਵੰਤ ਮਾਨ

ਅਬੋਹਰ, 1 ਨਵੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ ਦੀਆਂ 37.43 ਲੱਖ ਤੋਂ ਵੱਧ ਔਰਤਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਸਿੱਧੀ ਟਰਾਂਸਫਰ ਕੀਤੀ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਦੀਆਂ ਇੱਕ ਕਰੋੜ ਔਰਤਾਂ ਨੂੰ ਇਸ ਯੋਜਨਾ ਦੇ ਘੇਰੇ ਵਿੱਚ ਲਿਆਉਣਾ ਹੈ। 29 ਅਕਤੂਬਰ ਤੱਕ 80.05 ਲੱਖ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਅੱਜ ਦੀ ਰਕਮ ਜਾਰੀ ਹੋਣ ਨਾਲ ਯੋਜਨਾ ਤਹਿਤ ਹੁਣ ਤੱਕ ਕੁੱਲ 3,934.80 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਵੰਡੀ ਜਾ ਚੁੱਕੀ ਹੈ।

ਭਗਵੰਤ ਮਾਨ ਨੇ ਐਲਾਨ ਕੀਤਾ ਕਿ ਨਵੇਂ ਸਾਲ ਦੇ ਤੋਹਫ਼ੇ ਵਜੋਂ ਪਹਿਲੀ ਜਨਵਰੀ ਨੂੰ ਸਾਰੀਆਂ ਰਜਿਸਟਰਡ ਯੋਗ ਲਾਭਪਾਤਰੀ ਔਰਤਾਂ ਨੂੰ ਤਿੰਨ ਮਹੀਨਿਆਂ ਦੀ ਸਨਮਾਨ ਰਾਸ਼ੀ ਇਕੱਠੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਅਗਲੀ ਕਿਸ਼ਤ ਪਹਿਲੀ ਦਸੰਬਰ ਨੂੰ ਜਾਰੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਵਿੱਤੀ ਆਜ਼ਾਦੀ ਦੇਣਾ ਹੈ। ਇੱਕੋ ਪਰਿਵਾਰ ਦੀਆਂ ਕਈ ਯੋਗ ਔਰਤਾਂ ਵੀ ਵੱਖ-ਵੱਖ ਤੌਰ ’ਤੇ ਇਸ ਦਾ ਲਾਭ ਲੈ ਸਕਦੀਆਂ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਯੋਜਨਾ ਦੀ ਰਜਿਸਟ੍ਰੇਸ਼ਨ ਲਈ 1,37,723 ਸਤਿਕਾਰ ਸਖੀਆਂ ਕੰਮ ਕਰ ਰਹੀਆਂ ਹਨ, ਜਿਨ੍ਹਾਂ ਨੂੰ 51.30 ਕਰੋੜ ਰੁਪਏ ਮਾਣ-ਭੱਤੇ ਵਜੋਂ ਦਿੱਤੇ ਜਾਣਗੇ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਲਈ ਵੀ 25 ਕਰੋੜ ਰੁਪਏ ਦੇ ਲਾਭ ਦਿੱਤੇ ਜਾਣਗੇ।

ਇਸ ਮੌਕੇ ਉਨ੍ਹਾਂ ਨੇ ਸਰਕਾਰ ਦੀਆਂ ਹੋਰ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ 70,685 ਸਰਕਾਰੀ ਨੌਕਰੀਆਂ ਦੇਣ, 54 ਲੱਖ ਸਿਹਤ ਕਾਰਡ ਜਾਰੀ ਕਰਨ ਅਤੇ ਨਹਿਰੀ ਸਿੰਜਾਈ ਦੇ ਰਕਬੇ ਵਿੱਚ ਵਾਧਾ ਕਰਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਧਿਆਨ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਕੇਂਦਰਿਤ ਹੈ।

Leave a Reply

Your email address will not be published. Required fields are marked *