Sunday, November 1Punjabi People

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 20 ਮਹੀਨੇ: 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ, 4,464 ਕਿੱਲੋ ਹੈਰੋਇਨ ਬਰਾਮਦ

ਚੰਡੀਗੜ੍ਹ, 1 ਨਵੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ ਪੂਰੇ ਹੋ ਗਏ ਹਨ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 69,101 ਐੱਫਆਈਆਰ ਦਰਜ ਕਰਦਿਆਂ 90,091 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਕੁੱਲ 4,464 ਕਿੱਲੋ ਹੈਰੋਇਨ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਲਾਅ ਐਂਡ ਆਰਡਰ) ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ ਪੁਲਿਸ ਵੱਲੋਂ 10.7 ਕੁਇੰਟਲ ਅਫ਼ੀਮ, 515 ਕੁਇੰਟਲ ਭੁੱਕੀ, 136 ਕਿੱਲੋ ਚਰਸ, 1,860 ਕਿੱਲੋ ਗਾਂਜਾ ਅਤੇ 84 ਕਿੱਲੋ ਆਈਸ (ICE) ਵੀ ਜ਼ਬਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸੇ ਸਮੇਂ ਦੌਰਾਨ ਪੁਲਿਸ ਨੇ 67.24 ਲੱਖ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 23 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ 479 ਛਾਪੇਮਾਰੀਆਂ

ਇਸੇ ਦੌਰਾਨ ਪੰਜਾਬ ਪੁਲਿਸ ਵੱਲੋਂ 285ਵੇਂ ਦਿਨ ਵੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਜਾਰੀ ਰੱਖੀ ਗਈ। ਇਸ ਤਹਿਤ ਵੱਖ-ਵੱਖ ਥਾਵਾਂ ’ਤੇ 479 ਛਾਪੇਮਾਰੀਆਂ ਕੀਤੀਆਂ ਗਈਆਂ, ਜਿਨ੍ਹਾਂ ਦੌਰਾਨ 11 ਹਥਿਆਰਾਂ ਸਮੇਤ 168 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਸ ਤੋਂ ਇਲਾਵਾ 163 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਅੱਠ ਭਗੌੜੇ ਅਪਰਾਧੀਆਂ (ਪੀ.ਓਜ਼) ਨੂੰ ਵੀ ਕਾਬੂ ਕੀਤਾ ਗਿਆ।

ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਅਪਰਾਧ ਜਾਂ ਗ਼ੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਸਾਂਝੀ ਕਰ ਸਕਦੇ ਹਨ। ਇਸ ਨੰਬਰ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਵੀ ਗੁਪਤ ਸੂਚਨਾ ਦਿੱਤੀ ਜਾ ਸਕਦੀ ਹੈ।

Leave a Reply

Your email address will not be published. Required fields are marked *