
ਸੁਨਾਮ, 1 ਨਵੰਬਰ 2026: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਨਾਲ ਵਿਰੋਧੀ ਧਿਰਾਂ ਵੱਲੋਂ ‘ਆਪ’ ਵਿੱਚ ਅੰਦਰੂਨੀ ਫੁੱਟ ਅਤੇ ਵਿਧਾਇਕਾਂ ਦੇ ਪਾਰਟੀ ਛੱਡਣ ਬਾਰੇ ਕੀਤੇ ਜਾ ਰਹੇ ਦਾਅਵਿਆਂ ਦੀ ਹਕੀਕਤ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਤੋਂ ਲੈ ਕੇ ਵਰਕਰਾਂ ਤੱਕ ਸਾਰੇ ਪੂਰੀ ਤਰ੍ਹਾਂ ਇਕਜੁੱਟ ਹਨ ਅਤੇ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ।
ਸਿਆਸੀ ਸਥਿਤੀ ਬਾਰੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਵਿਰੋਧੀ ਧਿਰਾਂ ਲਗਾਤਾਰ ਪਾਰਟੀ ਦੀ ਏਕਤਾ ਨੂੰ ਲੈ ਕੇ ਲੋਕਾਂ ਵਿੱਚ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਸਨ। ਪਰ 40 ਉਮੀਦਵਾਰਾਂ ਦੀ ਪਹਿਲੀ ਸੂਚੀ ਦੇ ਐਲਾਨ ਨਾਲ ਅਜਿਹੀਆਂ ਸਾਰੀਆਂ ਚਰਚਾਵਾਂ ’ਤੇ ਵਿਰਾਮ ਲੱਗ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦਾ ਸਾਂਝਾ ਟੀਚਾ ਅਤੇ ਪੰਜਾਬ ਦੇ ਲੋਕਾਂ ਪ੍ਰਤੀ ਜਵਾਬਦੇਹੀ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ।
ਪਹਿਲੀ ਸੂਚੀ ਵਿੱਚ ਉਨ੍ਹਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਨਾਂ ਸ਼ਾਮਲ ਨਾ ਹੋਣ ਬਾਰੇ ਪੁੱਛੇ ਜਾਣ ’ਤੇ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੋਵਾਂ ਨੇ ਖ਼ੁਦ ਅਪੀਲ ਕੀਤੀ ਸੀ ਕਿ ਉਨ੍ਹਾਂ ਦੀਆਂ ਉਮੀਦਵਾਰੀਆਂ ਦਾ ਐਲਾਨ ਫਿਲਹਾਲ ਨਾ ਕੀਤਾ ਜਾਵੇ। ਉਨ੍ਹਾਂ ਦੀ ਇੱਛਾ ਸੀ ਕਿ ਪਹਿਲਾਂ ਹੋਰਨਾਂ ਮਿਹਨਤੀ ਸਾਥੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਐਲਾਨ ਕੀਤਾ ਜਾਵੇ। ਇਸ ਲਈ ਉਨ੍ਹਾਂ ਦੇ ਨਾਵਾਂ ਨੂੰ ਪਹਿਲੀ ਸੂਚੀ ਵਿੱਚ ਥਾਂ ਨਾ ਮਿਲਣ ਬਾਰੇ ਬੇਲੋੜੀਆਂ ਕਿਆਸਅਰਾਈਆਂ ਕਰਨ ਦੀ ਕੋਈ ਲੋੜ ਨਹੀਂ ਹੈ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ‘ਆਪ’ ਦੇ ਐਲਾਨੇ ਉਮੀਦਵਾਰਾਂ ਦੀ ਹਾਰ ਸਬੰਧੀ ਕੀਤੇ ਦਾਅਵੇ ’ਤੇ ਪ੍ਰਤੀਕਿਰਿਆ ਦਿੰਦਿਆਂ ਅਮਨ ਅਰੋੜਾ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਕਿ ਉਹ 40 ਹਲਕਿਆਂ ਵਿੱਚੋਂ ਆਪਣੀ ਪਸੰਦ ਦਾ ਕੋਈ ਵੀ ਹਲਕਾ ਚੁਣ ਕੇ ‘ਆਪ’ ਦੇ ਉਮੀਦਵਾਰ ਵਿਰੁੱਧ ਚੋਣ ਲੜ ਲੈਣ ਅਤੇ ਫਿਰ ਲੋਕਾਂ ਦਾ ਫ਼ੈਸਲਾ ਦੇਖ ਲੈਣ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਜਿੱਤ-ਹਾਰ ਦਾ ਫ਼ੈਸਲਾ ਆਖ਼ਰਕਾਰ ਲੋਕਾਂ ਦੇ ਹੱਥ ਵਿੱਚ ਹੁੰਦਾ ਹੈ।
ਸੁਨਾਮ ਹਲਕੇ ਨੂੰ ਛੱਡਣ ਜਾਂ ਕਿਸੇ ਹੋਰ ਪਾਰਟੀ ਵਿੱਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ ਨੂੰ ਸਿਰੇ ਤੋਂ ਨਕਾਰਦਿਆਂ ਉਨ੍ਹਾਂ ਕਿਹਾ ਕਿ ਸੁਨਾਮ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਸਗੋਂ ਪਰਿਵਾਰਕ ਅਤੇ ਭਾਵਨਾਤਮਕ ਹੈ। ਉਨ੍ਹਾਂ ਦੱਸਿਆ ਕਿ ਸਾਲ 2000 ਵਿੱਚ ਪਿਤਾ ਦੇ ਅਕਾਲ ਚਲਾਣੇ ਤੋਂ ਬਾਅਦ ਜ਼ਿੰਦਗੀ ਵਿੱਚ ਕਈ ਮੁਸ਼ਕਲਾਂ ਅਤੇ ਚੋਣਾਂ ਵਿੱਚ ਹਾਰਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਉਨ੍ਹਾਂ ਨੇ ਸੁਨਾਮ ਦੇ ਲੋਕਾਂ ਨਾਲ ਆਪਣਾ ਨਾਤਾ ਕਦੇ ਨਹੀਂ ਤੋੜਿਆ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, “ਸੁਨਾਮ ਮੇਰਾ ਆਪਣਾ ਪਰਿਵਾਰ ਹੈ ਅਤੇ ਜਦੋਂ ਤੱਕ ਮੇਰੇ ਸਾਹ ਚੱਲਦੇ ਰਹਿਣਗੇ, ਮੈਂ ਇਸ ਹਲਕੇ ਦੇ ਲੋਕਾਂ ਦੀ ਸੇਵਾ ਕਰਦਾ ਰਹਾਂਗਾ।
”ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਦੁਖਦਾਈ ਘਟਨਾ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੀੜਤ ਪਰਿਵਾਰ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਵੀ ਬਣਾਈ ਗਈ ਹੈ।
ਉਨ੍ਹਾਂ ਪਰਿਵਾਰ ਨੂੰ ਅਪੀਲ ਕੀਤੀ ਕਿ ਮ੍ਰਿਤਕ ਦੇਹ ਦਾ ਸਨਮਾਨਪੂਰਵਕ ਅੰਤਿਮ ਸਸਕਾਰ ਕੀਤਾ ਜਾਵੇ ਅਤੇ ਬਾਕੀ ਮੰਗਾਂ ਦੇ ਹੱਲ ਲਈ ਸਰਕਾਰ ਤੇ ਪ੍ਰਸ਼ਾਸਨ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਰੱਖਿਆ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਦੀ ਮੁਹਿੰਮ ਬਿਨਾਂ ਕਿਸੇ ਢਿੱਲ ਦੇ ਜਾਰੀ ਰਹੇਗੀ।
ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕਦਿਆਂ ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਖੇਤੀ ਕਾਨੂੰਨਾਂ ਤੋਂ ਲੈ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਅਤੇ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਮੁੱਦਿਆਂ ਤੱਕ ਕੇਂਦਰ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਫੰਡ (ਆਰਡੀਐੱਫ) ਦੇ 1,000 ਕਰੋੜ ਰੁਪਏ ਤੋਂ ਵੱਧ ਦੇ ਫੰਡ ਰੋਕੇ ਜਾਣ ਕਾਰਨ ਵੀ ਸੂਬੇ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਹਰ ਮੰਚ ’ਤੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਦੁਹਰਾਇਆ ਕਿ ਲੋਕ ਸੇਵਾ, ਪਾਰਟੀ ਦੀ ਏਕਤਾ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹਨ।
