Monday, November 2Punjabi People

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵੱਡੀ ਸਫਲਤਾ, 4,464 ਕਿਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਤਸਕਰ ਗ੍ਰਿਫ਼ਤਾਰ: ਪੰਜਾਬ ਪੁਲਿਸ

ਚੰਡੀਗੜ੍ਹ, 2 ਨਵੰਬਰ 2026: ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 20 ਮਹੀਨੇ ਪੂਰੇ ਹੋਣ ’ਤੇ ਪੰਜਾਬ ਪੁਲਿਸ ਨੇ ਖੁਲਾਸਾ ਕੀਤਾ ਹੈ ਕਿ 1 ਮਾਰਚ 2025 ਤੋਂ ਹੁਣ ਤੱਕ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਕੁੱਲ 69,101 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 90,091 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ 4,464 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ 10.7 ਕੁਇੰਟਲ ਅਫੀਮ, 515 ਕੁਇੰਟਲ ਭੁੱਕੀ, 136 ਕਿਲੋਗ੍ਰਾਮ ਚਰਸ, 1,860 ਕਿਲੋਗ੍ਰਾਮ ਗਾਂਜਾ, 84 ਕਿਲੋਗ੍ਰਾਮ ਆਈਸ (ICE), ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਦੀਆਂ 67.24 ਲੱਖ ਇਕਾਈਆਂ ਸਮੇਤ 23 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਦੇ ਨਾਲ-ਨਾਲ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਜਾਰੀ ਹੈ। ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 285ਵੇਂ ਦਿਨ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ’ਤੇ 479 ਛਾਪੇਮਾਰੀਆਂ ਕੀਤੀਆਂ। ਇਨ੍ਹਾਂ ਕਾਰਵਾਈਆਂ ਦੌਰਾਨ 11 ਹਥਿਆਰਾਂ ਸਮੇਤ 168 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ 163 ਵਿਅਕਤੀਆਂ ਖ਼ਿਲਾਫ਼ ਰੋਕਥਾਮ ਸਬੰਧੀ ਕਾਰਵਾਈ ਕੀਤੀ ਗਈ, ਜਦਕਿ ਅੱਠ ਐਲਾਨੇ ਅਪਰਾਧੀਆਂ (ਪੀ.ਓ.) ਨੂੰ ਵੀ ਕਾਬੂ ਕੀਤਾ ਗਿਆ।

ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਜਾਂ ਗੈਰ-ਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਇਸ ਦੇ ਨਾਲ ਹੀ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਸੂਚਨਾ ਦੇਣ ਲਈ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *