
ਚੰਡੀਗੜ੍ਹ, 7 ਨਵੰਬਰ 2026: ਦੀਵਾਲੀ ਦੇ ਤਿਉਹਾਰ ਨੂੰ ਸੁਰੱਖਿਅਤ, ਸਾਫ਼-ਸੁਥਰੇ ਅਤੇ ਵਾਤਾਵਰਣ ਪੱਖੀ ਢੰਗ ਨਾਲ ਮਨਾਉਣ ਲਈ ਚੰਡੀਗੜ੍ਹ ਨਗਰ ਨਿਗਮ ਵੱਲੋਂ ਵਿਸ਼ੇਸ਼ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਨਗਰ ਨਿਗਮ ਨੇ ਸ਼ਹਿਰ ਵਾਸੀਆਂ ਨੂੰ ਤਿਉਹਾਰ ਦੌਰਾਨ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ, ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਅਤੇ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਹੋਰ ਸੰਭਾਵੀ ਹਾਦਸਿਆਂ ਨੂੰ ਰੋਕਣ ਲਈ ਵਿਸ਼ੇਸ਼ ਸੁਰੱਖਿਆ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।
ਨਗਰ ਨਿਗਮ ਵੱਲੋਂ ਇਹ ਮੁਹਿੰਮ “ਸਾਫ਼ ਦੀਵਾਲੀ, ਹੈਪੀ ਦੀਵਾਲੀ 2026” ਦੇ ਤਹਿਤ ਚਲਾਈ ਜਾ ਰਹੀ ਹੈ, ਜੋ ਸਵੱਛ ਭਾਰਤ ਮਿਸ਼ਨ 2.0 ਦਾ ਹਿੱਸਾ ਹੈ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਲੋਕਾਂ ਨੂੰ ਸਫ਼ਾਈ, ਸੁਰੱਖਿਆ ਅਤੇ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਜਾਗਰੂਕ ਕਰਨਾ ਹੈ। ਨਗਰ ਨਿਗਮ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤਿਉਹਾਰ ਦੀਆਂ ਖੁਸ਼ੀਆਂ ਮਨਾਉਂਦੇ ਸਮੇਂ ਅਜਿਹੀਆਂ ਗਤੀਵਿਧੀਆਂ ਤੋਂ ਗੁਰੇਜ਼ ਕਰਨ, ਜਿਨ੍ਹਾਂ ਨਾਲ ਜਾਨ-ਮਾਲ ਜਾਂ ਵਾਤਾਵਰਣ ਨੂੰ ਨੁਕਸਾਨ ਪਹੁੰਚ ਸਕਦਾ ਹੈ।
ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਸ਼ਹਿਰ ਵਾਸੀਆਂ ਨੂੰ ਦੀਵਾਲੀ ਮੌਕੇ ਸੁਰੱਖਿਆ ਅਤੇ ਸਫ਼ਾਈ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੀਵਾਲੀ ਖੁਸ਼ੀਆਂ, ਰੌਸ਼ਨੀ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਤਿਉਹਾਰ ਹੈ। ਇਸ ਨੂੰ ਜ਼ਿੰਮੇਵਾਰੀ ਅਤੇ ਸਾਵਧਾਨੀ ਨਾਲ ਮਨਾਉਣਾ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਟਾਕੇ ਚਲਾਉਂਦੇ ਸਮੇਂ ਅੱਗ ਤੋਂ ਬਚਾਅ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਜਲਣਸ਼ੀਲ ਵਸਤੂਆਂ ਦੇ ਨੇੜੇ ਪਟਾਕੇ ਨਾ ਚਲਾਏ ਜਾਣ। ਇਸ ਤੋਂ ਇਲਾਵਾ ਬੱਚਿਆਂ ਨੂੰ ਪਟਾਕੇ ਚਲਾਉਣ ਸਮੇਂ ਇਕੱਲੇ ਨਾ ਛੱਡਿਆ ਜਾਵੇ ਅਤੇ ਉਨ੍ਹਾਂ ਨੂੰ ਸਿਰਫ਼ ਬਾਲਗਾਂ ਦੀ ਨਿਗਰਾਨੀ ਹੇਠ ਹੀ ਤਿਉਹਾਰ ਮਨਾਉਣ ਦੀ ਇਜਾਜ਼ਤ ਦਿੱਤੀ ਜਾਵੇ।
ਨਗਰ ਨਿਗਮ ਨੇ ਇਹ ਵੀ ਅਪੀਲ ਕੀਤੀ ਹੈ ਕਿ ਦੀਵਾਲੀ ਤੋਂ ਬਾਅਦ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ’ਤੇ ਕੂੜਾ-ਕਰਕਟ ਨਾ ਸੁੱਟਿਆ ਜਾਵੇ। ਪਟਾਕਿਆਂ ਦੀ ਰਹਿੰਦ-ਖੂੰਹਦ ਅਤੇ ਹੋਰ ਕੂੜੇ ਨੂੰ ਸਹੀ ਢੰਗ ਨਾਲ ਇਕੱਠਾ ਕਰਕੇ ਨਿਰਧਾਰਤ ਥਾਵਾਂ ’ਤੇ ਸੁੱਟਿਆ ਜਾਵੇ, ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਪ੍ਰਭਾਵਿਤ ਨਾ ਹੋਵੇ।
ਨਗਰ ਨਿਗਮ ਨੇ ਸ਼ਹਿਰ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ ਸੁਰੱਖਿਅਤ, ਸਾਫ਼-ਸੁਥਰੀ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਵਿੱਚ ਆਪਣਾ ਯੋਗਦਾਨ ਪਾਉਣ, ਤਾਂ ਜੋ ਤਿਉਹਾਰ ਦੀਆਂ ਖੁਸ਼ੀਆਂ ਕਿਸੇ ਵੀ ਅਣਸੁਖਾਵੀਂ ਘਟਨਾ ਦਾ ਕਾਰਨ ਨਾ ਬਣਨ।
