Saturday, November 7Punjabi People

ਪਰਾਲੀ ਸਾੜਨ ਵਾਲਿਆਂ ਵਿਰੁੱਧ ਜਲੰਧਰ ਦਿਹਾਤੀ ਪੁਲਿਸ ਸਖ਼ਤ, ਹੁਣ ਤੱਕ 16 ਐਫਆਈਆਰ ਦਰਜ

ਜਲੰਧਰ, 7 ਨਵੰਬਰ 2026: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਹਵਾ ਪ੍ਰਦੂਸ਼ਣ ’ਤੇ ਕਾਬੂ ਪਾਉਣ ਲਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਪਿੰਡ ਪੱਧਰ ’ਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਬਦਲਵੇਂ ਪ੍ਰਬੰਧਨ ਤਰੀਕਿਆਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 16 ਐਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ।

ਜਲੰਧਰ ਦਿਹਾਤੀ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਖੁਦ ਇਸ ਵਿਸ਼ੇਸ਼ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ। ਉਹ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਸਿੱਧਾ ਸੰਪਰਕ ਸਥਾਪਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਨੁੱਖੀ ਸਿਹਤ ਅਤੇ ਖੇਤੀਬਾੜੀ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਲਗਾਤਾਰ ਯਤਨ ਕੀਤੇ ਜਾਣ।

ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰ ਰਹੀ ਪੁਲਿਸ

ਪਰਾਲੀ ਸਾੜਨ ਦੀ ਸਮੱਸਿਆ ਨੂੰ ਜ਼ਮੀਨੀ ਪੱਧਰ ’ਤੇ ਹੱਲ ਕਰਨ ਲਈ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਿਵੀਜ਼ਨਾਂ ਵਿੱਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਸਬੰਧਤ ਡੀਐਸਪੀਜ਼ ਦੀ ਨਿਗਰਾਨੀ ਹੇਠ ਵੱਖ-ਵੱਖ ਥਾਣਿਆਂ ਦੇ ਐਸਐਚਓਜ਼ ਵੱਲੋਂ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਵਿਗਿਆਨਕ ਅਤੇ ਵਾਤਾਵਰਣ ਪੱਖੀ ਢੰਗ ਨਾਲ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਪੁਲਿਸ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਸੁਪਰ ਸੀਡਰ, ਹੈਪੀ ਸੀਡਰ ਅਤੇ ਹੋਰ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ, ਤਾਂ ਜੋ ਪਰਾਲੀ ਦਾ ਖੇਤਾਂ ਵਿੱਚ ਹੀ ਸੁਚੱਜਾ ਪ੍ਰਬੰਧਨ ਕੀਤਾ ਜਾ ਸਕੇ ਅਤੇ ਅਗਲੀ ਫ਼ਸਲ ਦੀ ਬਿਜਾਈ ਵੀ ਸਮੇਂ ਸਿਰ ਸੰਭਵ ਹੋ ਸਕੇ।

ਪਰਾਲੀ ਸਾੜਨ ਨਾਲ ਸਿਹਤ ਅਤੇ ਵਾਤਾਵਰਣ ਨੂੰ ਗੰਭੀਰ ਖ਼ਤਰਾ

ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਪਰਾਲੀ ਸਾੜਨ ਨਾਲ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਹਵਾ ਦੀ ਗੁਣਵੱਤਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਇਸ ਕਾਰਨ ਸਾਹ ਲੈਣ ਵਿੱਚ ਤਕਲੀਫ਼, ਦਮਾ, ਅੱਖਾਂ ਵਿੱਚ ਜਲਣ ਅਤੇ ਫੇਫੜਿਆਂ ਤੇ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ। ਖ਼ਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਇਸ ਦਾ ਵਧੇਰੇ ਨੁਕਸਾਨ ਝੱਲਣਾ ਪੈਂਦਾ ਹੈ।

ਇਸ ਤੋਂ ਇਲਾਵਾ, ਪਰਾਲੀ ਦੇ ਧੂੰਏਂ ਕਾਰਨ ਸੜਕਾਂ ’ਤੇ ਦਿੱਖ ਘੱਟ ਜਾਂਦੀ ਹੈ, ਜਿਸ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵੀ ਵਧਦਾ ਹੈ। ਖੇਤਾਂ ਵਿੱਚ ਅੱਗ ਲਗਾਉਣ ਨਾਲ ਮਿੱਟੀ ਦੇ ਲਾਭਦਾਇਕ ਸੂਖਮ ਜੀਵ ਅਤੇ ਕੀੜੇ-ਮਕੌੜੇ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾੜਾ ਅਸਰ ਪੈਂਦਾ ਹੈ।

ਜਲੰਧਰ ਦਿਹਾਤੀ ਪੁਲਿਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਤਾਵਰਣ ਦੀ ਸੁਰੱਖਿਆ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ। ਪੁਲਿਸ ਪ੍ਰਸ਼ਾਸਨ ਦਾ ਉਦੇਸ਼ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ ਦੇ ਨਾਲ-ਨਾਲ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਹੈ।

Leave a Reply

Your email address will not be published. Required fields are marked *