Wednesday, July 29Punjabi People

ਪ੍ਰਤਾਪ ਬਾਜਵਾ ਦੇ ਘਰ ਦਾ ਘੇਰਾਅ ਕਰਨ ਜਾ ਰਹੇ ‘ਆਪ’ ਵਰਕਰਾਂ ਉੱਤੇ ਕੀਤੀਆਂ ਗਈਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ, 9 ਫਰਵਰੀ 2026: ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਘਰ ਦਾ ਘਿਰਾਓ ਕਰਨ ਲਈ ਜਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਪੁਲੀਸ ਨੇ ਐਮਐਲਏ ਹੋਸਟਲ ਦੇ ਗੇਟ ’ਤੇ ਹੀ ਸਖ਼ਤ ਬੈਰੀਕੇਡ ਲਗਾ ਕੇ ਰੋਕ ਲਿਆ। ਇਸ ਦੌਰਾਨ ‘ਆਪ’ ਵਰਕਰਾਂ ਵੱਲੋਂ ਪੁਲੀਸ ਰੋਕਾਂ ਤੋੜਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੇ ਭੀੜ ਨੂੰ ਕਾਬੂ ਵਿੱਚ ਕਰਨ ਲਈ ਪਾਣੀ ਦੀਆਂ ਬੁਛਾੜਾਂ ਵਰਤੀਆਂ।

ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਸੈਕਟਰ-4 ਸਥਿਤ ਪੰਜਾਬ ਐਮਐਲਏ ਹੋਸਟਲ ਵਿੱਚ ਇਕੱਠੇ ਹੋ ਕੇ ਪ੍ਰਤਾਪ ਸਿੰਘ ਬਾਜਵਾ ਦੇ ਘਰ ਵੱਲ ਰਵਾਨਾ ਹੋ ਰਹੇ ਸਨ।ਇਸ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਖ਼ਿਲਾਫ਼ ਵਰਤੀ ਗਈ ਇਤਰਾਜ਼ਯੋਗ ਭਾਸ਼ਾ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਸਥਿਤ ਐਮਐਲਏ ਹੋਸਟਲ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਆਪ’ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਬੈਂਡ-ਬਾਜਿਆਂ ਨਾਲ ਪ੍ਰਦਰਸ਼ਨ ਕੀਤਾ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਕਾਂਗਰਸ ਪਾਰਟੀ ਦਲਿਤ ਵਰਗ ਦਾ ਲਗਾਤਾਰ ਅਪਮਾਨ ਕਰਦੀ ਆ ਰਹੀ ਹੈ ਅਤੇ ਉਨ੍ਹਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਜਾਂਦਾ ਰਿਹਾ ਹੈ। ਨਾਲ ਹੀ ‘ਆਪ’ ਆਗੂਆਂ ਨੇ ਪ੍ਰਤਾਪ ਸਿੰਘ ਬਾਜਵਾ ਤੋਂ ਸਰਵਜਨਿਕ ਤੌਰ ’ਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ।

ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੁਝ ਦਿਨ ਪਹਿਲਾਂ ਇਕ ਰੈਲੀ ਦੌਰਾਨ ਹਰਭਜਨ ਸਿੰਘ ਈਟੀਓ ਸਬੰਧੀ ਵਿਵਾਦਿਤ ਟਿੱਪਣੀ ਕੀਤੀ ਗਈ ਸੀ।

Leave a Reply

Your email address will not be published. Required fields are marked *