
ਅੰਮ੍ਰਿਤਸਰ, 9 ਫਰਵਰੀ 2026: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਕਾਰਵਾਈ ਦੌਰਾਨ ਪੁਲਿਸ ਨੇ ਸਰਹੱਦ ਪਾਰ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਇਸ ਗਿਰੋਹ ਨੂੰ ਨਿਸ਼ਕ੍ਰਿਆ ਕਰ ਦਿੱਤਾ ਹੈ।
ਗ੍ਰਿਫ਼ਤਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਦਿੱਤੀ ਗਈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਮੰਨੂ (24), ਗੁਰਪ੍ਰੀਤ ਸਿੰਘ ਉਰਫ਼ ਗੋਪੀ (20), ਸੁਖਰਾਜ ਸਿੰਘ ਉਰਫ਼ ਜੋਗਾ (24), ਸਾਜਨ ਸਿੰਘ ਉਰਫ਼ ਗੁਰਸਾਜਨ ਸਿੰਘ ਉਰਫ਼ ਲੱਡਾ (ਸਾਰੇ ਵਾਸੀ ਪਿੰਡ ਰੋਡਾ ਵਾਲਾ ਕਲਾਂ, ਅੰਮ੍ਰਿਤਸਰ) ਅਤੇ ਪਿੰਡ ਰਣੀਕੇ, ਅੰਮ੍ਰਿਤਸਰ ਦੇ ਰਹਿਣ ਵਾਲੇ ਮੋਲਕਦੀਪ ਸਿੰਘ (23) ਵਜੋਂ ਹੋਈ ਹੈ।
ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਆਸਟਰੀਆ ਦੇ ਬਣੇ ਦੋ 9 ਐਮਐਮ ਗਲੌਕ ਪਿਸਤੌਲ, ਤੁਰਕੀ ਦਾ ਬਣਿਆ ਇੱਕ ਜ਼ਿਗਾਨਾ ਪਿਸਤੌਲ, ਦੋ .32 ਬੋਰ ਅਤੇ ਇੱਕ .30 ਬੋਰ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਸ਼ਾਮਲ ਹਨ। ਇਸ ਤੋਂ ਇਲਾਵਾ, ਪੁਲਿਸ ਵੱਲੋਂ ਇੱਕ ਹੁੰਡਈ ਕਰੇਟਾ ਕਾਰ ਵੀ ਜ਼ਬਤ ਕੀਤੀ ਗਈ ਹੈ, ਜਿਸਦੀ ਵਰਤੋਂ ਮੁਲਜ਼ਮ ਤਸਕਰੀ ਲਈ ਕਰਦੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਤਸਕਰੀ ਨੈੱਟਵਰਕ ਨਾਲ ਸਰਗਰਮੀ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ। ਮਾਮਲੇ ਨਾਲ ਜੁੜੀਆਂ ਅੱਗੇ-ਪਿੱਛੇ ਦੀਆਂ ਕੜੀਆਂ ਜੋੜਨ ਲਈ ਹੋਰ ਜਾਂਚ ਜਾਰੀ ਹੈ।
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੱਕੀ ਅਤੇ ਗੁਪਤ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਉਕਤ ਪੰਜਾਂ ਨੂੰ ਇੱਕ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਕੋਲੋਂ ਸ਼ੁਰੂਆਤੀ ਤੌਰ ’ਤੇ ਦੋ .32 ਬੋਰ ਪਿਸਤੌਲ ਬਰਾਮਦ ਹੋਏ। ਬਾਅਦ ਵਿੱਚ ਹੋਰ ਪੁੱਛਗਿੱਛ ਦੌਰਾਨ ਚਾਰ ਹੋਰ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ, ਜੋ ਉਨ੍ਹਾਂ ਦੀ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਵਿੱਚ ਸ਼ਮੂਲੀਅਤ ਨੂੰ ਸਪਸ਼ਟ ਕਰਦੀ ਹੈ।
ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਸਿਮਰਨਜੀਤ ਉਰਫ਼ ਮੰਨੂ, ਮੋਲਕਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਮਾਮਲਿਆਂ ਵਿੱਚ ਸ਼ਾਮਲ ਰਹੇ ਹਨ। ਇਸ ਤੋਂ ਇਲਾਵਾ, ਸਿਮਰਨਜੀਤ ਉਰਫ਼ ਮੰਨੂ ਦੁਬਈ ਵਿੱਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਰਿਹਾ ਹੈ। ਪੁਲਿਸ ਵੱਲੋਂ ਇਸ ਨੈੱਟਵਰਕ ਦੇ ਵਿੱਤੀ ਲੈਣ-ਦੇਣ ਅਤੇ ਹਵਾਲਾ ਲਿੰਕਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛਾਉਣੀ ਵਿਖੇ ਐਫਆਈਆਰ ਨੰਬਰ 21 ਮਿਤੀ 03-02-2026 ਨੂੰ ਅਸਲਾ ਐਕਟ ਦੀ ਧਾਰਾ 25 ਅਤੇ 25(8) ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21ਬੀ, 27ਏ ਅਤੇ 29 ਤਹਿਤ ਦਰਜ ਕੀਤੀ ਗਈ ਹੈ।
