Saturday, September 12Punjabi People

ਪੰਜਾਬ ਨੂੰ GVP ਮੁਕਤ ਬਣਾਉਣ ਲਈ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ, 29 ਅਗਸਤ ਤੋਂ ਹੋਵੇਗੀ ਸ਼ੁਰੂ: ਹਰਜੋਤ ਬੈਂਸ

ਚੰਡੀਗੜ੍ਹ, 27 ਅਗਸਤ 2026: ਪੰਜਾਬ ਨੂੰ ਸਾਫ਼-ਸੁਥਰਾ ਅਤੇ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਵੱਡੀ ਪਹਿਲ ਕੀਤੀ ਜਾ ਰਹੀ ਹੈ। ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਭਰ ਵਿੱਚ ਮੌਜੂਦ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (GVPs) ਨੂੰ ਖ਼ਤਮ ਕਰਨ ਲਈ 10 ਦਿਨਾਂ ਦੀ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਇਹ ਮੁਹਿੰਮ 29 ਅਗਸਤ ਤੋਂ 7 ਸਤੰਬਰ ਤੱਕ ਚਲਾਈ ਜਾਵੇਗੀ।

ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ‘ਮਿਸ਼ਨ ਕਲੀਨ ਪੰਜਾਬ’ ਪਹਿਲਕਦਮੀ ਨੂੰ ਹੋਰ ਮਜ਼ਬੂਤੀ ਦੇਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸੀਨੀਅਰ ਅਧਿਕਾਰੀ ਪਹਿਲਾਂ ਹੀ ਹਰ ਰੋਜ਼ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਜਾ ਕੇ ਸਫ਼ਾਈ ਪ੍ਰਬੰਧਾਂ ਅਤੇ ਜ਼ਮੀਨੀ ਹਾਲਾਤ ਦਾ ਨਿਰੀਖਣ ਕਰ ਰਹੇ ਹਨ।

ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਇਸ ਲਈ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣਾ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਵਿੱਚ ਵਿਧਾਇਕਾਂ ਦੇ ਨਾਲ-ਨਾਲ ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਕਾਰਜਸਾਧਕ ਅਧਿਕਾਰੀ ਅਤੇ ਵੱਖ-ਵੱਖ ਗੈਰ-ਸਰਕਾਰੀ ਸੰਗਠਨ ਵੀ ਸਰਗਰਮ ਭੂਮਿਕਾ ਨਿਭਾਉਣਗੇ।

‘ਐਮ-ਸੇਵਾ’ ਐਪ ਰਾਹੀਂ ਲੋਕ ਵੀ ਬਣ ਸਕਣਗੇ ਮੁਹਿੰਮ ਦਾ ਹਿੱਸਾ

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਮ ਨਾਗਰਿਕ ਵੀ ਪੰਜਾਬ ਸਰਕਾਰ ਦੀ ‘ਐਮ-ਸੇਵਾ’ ਐਪ ਰਾਹੀਂ ਆਪਣੇ ਇਲਾਕੇ ਵਿੱਚ ਮੌਜੂਦ ਕੂੜੇ ਵਾਲੇ ਸਥਾਨਾਂ ਦੀਆਂ ਤਸਵੀਰਾਂ ਅਪਲੋਡ ਕਰਕੇ ਸਰਕਾਰ ਤੱਕ ਜਾਣਕਾਰੀ ਪਹੁੰਚਾ ਸਕਦੇ ਹਨ। ਹਰੇਕ ਸ਼ਿਕਾਇਤ ਲਈ ਇੱਕ ਵਿਲੱਖਣ ਆਈਡੀ ਤਿਆਰ ਕੀਤੀ ਜਾਵੇਗੀ, ਜਿਸ ਰਾਹੀਂ ਲੋਕ ਆਪਣੀ ਸ਼ਿਕਾਇਤ ਦੀ ਸਥਿਤੀ ਨੂੰ ਟਰੈਕ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਐਪ ਰਾਹੀਂ ਮਿਲਣ ਵਾਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਸਬੰਧਤ ਸਥਾਨਾਂ ਦੀ ਸਫ਼ਾਈ ਲਈ ਤੁਰੰਤ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ। ਇਸ ਨਾਲ ਨਾਗਰਿਕਾਂ ਨੂੰ ਨਾ ਸਿਰਫ਼ ਆਪਣੀ ਸਮੱਸਿਆ ਦਰਜ ਕਰਵਾਉਣ ਦੀ ਸਹੂਲਤ ਮਿਲੇਗੀ, ਸਗੋਂ ਉਹ ਉਸ ’ਤੇ ਹੋਈ ਕਾਰਵਾਈ ਦੀ ਜਾਣਕਾਰੀ ਵੀ ਹਾਸਲ ਕਰ ਸਕਣਗੇ।

ਅੰਮ੍ਰਿਤਸਰ ’ਚ 600 ਤੇ ਪਟਿਆਲਾ ’ਚ ਕਰੀਬ 450 GVPs ਦੀ ਪਛਾਣ

ਮੰਤਰੀ ਨੇ ਕਿਹਾ ਕਿ 10 ਦਿਨਾਂ ਦੀ ਇਹ ਮੁਹਿੰਮ ਸੂਬੇ ਦੇ ਹਰੇਕ ਸ਼ਹਿਰ ਅਤੇ ਕਸਬੇ ਵਿੱਚ ਕੂੜੇ ਦੇ ਇਕੱਠੇ ਹੋਣ ਵਾਲੇ ਸਥਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਾਫ਼ ਕਰਨ ’ਤੇ ਕੇਂਦਰਿਤ ਹੋਵੇਗੀ। ਉਨ੍ਹਾਂ ਮੁਤਾਬਕ ਅੰਮ੍ਰਿਤਸਰ ਵਿੱਚ ਲਗਭਗ 600 ਅਤੇ ਪਟਿਆਲਾ ਵਿੱਚ ਕਰੀਬ 450 ਗਾਰਬੇਜ ਵੁਲਨੇਰੇਬਲ ਪੁਆਇੰਟਸ ਦੀ ਪਛਾਣ ਕੀਤੀ ਗਈ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਗਲੇ 10 ਦਿਨਾਂ ਦੌਰਾਨ ਵਿਧਾਇਕਾਂ ਅਤੇ ਅਧਿਕਾਰੀਆਂ ਵੱਲੋਂ ਰੋਜ਼ਾਨਾ ਫ਼ੀਲਡ ਵਿੱਚ ਜਾ ਕੇ ਸਫ਼ਾਈ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ।

ਸਫ਼ਾਈ ਕਰਮਚਾਰੀਆਂ ਦੇ ਯਤਨਾਂ ਨੂੰ ਵਿਅਰਥ ਨਾ ਜਾਣ ਦੇਣ ਦੀ ਅਪੀਲ

ਮੰਤਰੀ ਨੇ ਸਫ਼ਾਈ ਕਰਮਚਾਰੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਨਿਭਾਉਂਦੇ ਹੋਏ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ਨੂੰ ਸਾਫ਼ ਕਰਦੇ ਹਨ, ਪਰ ਲੋਕਾਂ ਵੱਲੋਂ ਕੁਝ ਸਮੇਂ ਬਾਅਦ ਮੁੜ ਉਥੇ ਕੂੜਾ ਸੁੱਟ ਦਿੱਤੇ ਜਾਣ ਕਾਰਨ ਉਨ੍ਹਾਂ ਦੀ ਮਿਹਨਤ ’ਤੇ ਪਾਣੀ ਫਿਰ ਜਾਂਦਾ ਹੈ।

ਅੰਮ੍ਰਿਤਸਰ ਵਿੱਚ ਦੇਰ ਰਾਤ ਕੀਤੇ ਗਏ ਸਫ਼ਾਈ ਪ੍ਰਬੰਧਾਂ ਦੇ ਨਿਰੀਖਣ ਦਾ ਹਵਾਲਾ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਵਿਵਹਾਰ ਵਿੱਚ ਵੀ ਬਦਲਾਅ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੇ ਯਤਨਾਂ ਦਾ ਸਨਮਾਨ ਕਰਨਾ ਅਤੇ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ।

ਹਰ ਨਗਰ ਨਿਗਮ ਤੇ ਨਗਰ ਕੌਂਸਲ ’ਚ ਬਣਨਗੀਆਂ ਵਿਸ਼ੇਸ਼ ਟੀਮਾਂ

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੂਰੀ ਮੁਹਿੰਮ ਦੀ ਨਿਗਰਾਨੀ ਲਈ ਇੱਕ ਸਮਰਪਿਤ ਪ੍ਰਬੰਧ ਤਿਆਰ ਕੀਤਾ ਜਾਵੇਗਾ। ਹਰੇਕ ਨਗਰ ਨਿਗਮ ਅਤੇ ਨਗਰ ਕੌਂਸਲ ਪੱਧਰ ’ਤੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਜਾਵੇਗਾ, ਜੋ ਪਛਾਣੇ ਗਏ GVPs ਦੀ ਸਫ਼ਾਈ ਅਤੇ ਉਨ੍ਹਾਂ ਦੀ ਸਥਿਤੀ ’ਤੇ ਨਜ਼ਰ ਰੱਖਣਗੀਆਂ। ਸਰਕਾਰ ਦਾ ਉਦੇਸ਼ ਹੈ ਕਿ ਪਛਾਣੇ ਗਏ ਕੂੜੇ ਵਾਲੇ ਸਥਾਨਾਂ ਦਾ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕੀਤਾ ਜਾਵੇ।

ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਐਮ-ਸੇਵਾ’ ਐਪ ਡਾਊਨਲੋਡ ਕਰਨ, ਆਪਣੇ ਇਲਾਕੇ ਵਿੱਚ ਮੌਜੂਦ GVPs ਦੀਆਂ ਤਸਵੀਰਾਂ ਅਪਲੋਡ ਕਰਨ ਅਤੇ ਸਫ਼ਾਈ ਕਾਰਜਾਂ ਦੀ ਪ੍ਰਗਤੀ ਨੂੰ ਟਰੈਕ ਕਰਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਸਰਕਾਰੀ ਅਭਿਆਨ ਬਣ ਕੇ ਨਾ ਰਹੇ, ਸਗੋਂ ਹਰ ਨਾਗਰਿਕ ਦੀ ਭਾਗੀਦਾਰੀ ਨਾਲ ਇੱਕ ਵਿਆਪਕ ਲੋਕ ਲਹਿਰ ਦਾ ਰੂਪ ਧਾਰੇ।

ਸ. ਬੈਂਸ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਲੋਕ ਮਿਲ ਕੇ ਜ਼ਿੰਮੇਵਾਰੀ ਨਿਭਾਉਣ ਤਾਂ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਨਾ ਸਿਰਫ਼ ਕੂੜਾ-ਕਰਕਟ ਮੁਕਤ ਬਣਾਇਆ ਜਾ ਸਕਦਾ ਹੈ, ਬਲਕਿ ਸੂਬੇ ਵਿੱਚ ਸਫ਼ਾਈ ਪ੍ਰਤੀ ਇੱਕ ਸਥਾਈ ਅਤੇ ਜ਼ਿੰਮੇਵਾਰ ਨਾਗਰਿਕ ਸੋਚ ਵੀ ਵਿਕਸਤ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *