
ਚੰਡੀਗੜ੍ਹ, 3 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆਂ ਭਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅੰਤਿਮ ਅਤੇ ਫ਼ੈਸਲਾਕੁੰਨ ਪੜਾਅ ਵਿੱਚ ਦਾਖ਼ਲ ਹੋ ਚੁੱਕਾ ਹੈ।
ਫਿਲੌਰ ਸਥਿਤ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਵਿਖੇ ਕਰਵਾਈ ਗਈ ਪਹਿਲੀ ‘ਐੱਸ.ਐੱਚ.ਓ. ਮਿਲਣੀ’ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਕਾਨੂੰਨ ਦੇ ਦਾਇਰੇ ਵਿੱਚ ਹਰ ਸੰਭਵ ਕਾਰਵਾਈ ਕਰਨ ਲਈ ਪੁਲਿਸ ਨੂੰ ਪੂਰੀ ਖੁੱਲ੍ਹ ਦਿੱਤੀ ਗਈ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਪਿੰਡਾਂ ਅਤੇ ਕਸਬਿਆਂ ਵਿੱਚ ਜਾ ਕੇ ਲੋਕਾਂ ਨੂੰ ਨਾਲ ਜੋੜਨ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਹੁਣ ਪੰਜਾਬ ਭਰ ਵਿੱਚ ਲੋਕ ਲਹਿਰ ਦਾ ਰੂਪ ਧਾਰ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਫੋਰਸ ਨੂੰ ਜਲਦ ਹੀ 450 ਏ.ਐੱਸ.ਆਈ. ਅਤੇ 3,400 ਨਵੇਂ ਪੁਲਿਸ ਜਵਾਨ ਮਿਲਣਗੇ। ਇਸ ਤੋਂ ਇਲਾਵਾ ਅਗਲੇ ਵਿੱਤੀ ਵਰ੍ਹੇ ਵਿੱਚ ਪੁਲਿਸ ਦੀਆਂ 10,000 ਹੋਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਤਜਵੀਜ਼ ਹੈ।
ਮੁੱਖ ਮੰਤਰੀ ਨੇ ‘ਐਕਸ’ ’ਤੇ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਤੋਂ ਲੈ ਕੇ ਐੱਸ.ਐੱਚ.ਓ. ਪੱਧਰ ਤੱਕ ਦੇ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨ ਦੇ ਦਾਇਰੇ ਵਿੱਚ ਸਖ਼ਤ ਕਾਰਵਾਈ ਕਰਨ ਲਈ ਪੁਲਿਸ ਨੂੰ ਪੂਰੀ ਖੁੱਲ੍ਹ ਦਿੱਤੀ ਗਈ ਹੈ ਅਤੇ ਫੋਰਸ ਨੂੰ ਆਧੁਨਿਕ ਸਹੂਲਤਾਂ ਦੇਣ ਦੇ ਨਾਲ-ਨਾਲ 10,000 ਨਵੀਆਂ ਭਰਤੀਆਂ ਵੀ ਕੀਤੀਆਂ ਜਾਣਗੀਆਂ।
ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਐੱਸ.ਐੱਚ.ਓ. ਮਿਲਣੀ’ ਇੱਕ ਅਹਿਮ ਪਹਿਲਕਦਮੀ ਹੈ, ਜਿਸ ਦਾ ਮਕਸਦ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਥਾਣਾ ਮੁਖੀਆਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੇ ਕੰਮਕਾਜ, ਸਮੱਸਿਆਵਾਂ ਅਤੇ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਸਮਝਣਾ ਹੈ।
ਉਨ੍ਹਾਂ ਕਿਹਾ ਕਿ ਐੱਸ.ਐੱਚ.ਓਜ਼ ’ਤੇ ਵੱਡੀ ਜ਼ਿੰਮੇਵਾਰੀ ਹੁੰਦੀ ਹੈ ਕਿਉਂਕਿ ਉਹ ਜ਼ਮੀਨੀ ਪੱਧਰ ’ਤੇ ਪੁਲਿਸ ਦਾ ਚਿਹਰਾ ਹੁੰਦੇ ਹਨ। ਲੋਕ ਆਪਣੀਆਂ ਸ਼ਿਕਾਇਤਾਂ ਲੈ ਕੇ ਉਨ੍ਹਾਂ ਕੋਲ ਆਉਂਦੇ ਹਨ ਅਤੇ ਇਨਸਾਫ਼, ਸੁਰੱਖਿਆ ਤੇ ਤੁਰੰਤ ਕਾਰਵਾਈ ਦੀ ਉਮੀਦ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੁਲਿਸ ਮੁਲਾਜ਼ਮਾਂ ਦੇ ਕੰਮਕਾਜੀ ਦਬਾਅ ਅਤੇ ਚੁਣੌਤੀਆਂ ਨੂੰ ਸਮਝਦੀ ਹੈ, ਪਰ ਇਸ ਦੇ ਨਾਲ ਲੋਕ ਪੁਲਿਸ ਤੋਂ ਪੇਸ਼ੇਵਰ ਪਹੁੰਚ, ਇਮਾਨਦਾਰੀ ਅਤੇ ਜਵਾਬਦੇਹੀ ਦੀ ਵੀ ਉਮੀਦ ਕਰਦੇ ਹਨ।
ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਲੋਕਾਂ ਦੀ ਭੂਮਿਕਾ ਨੂੰ ਅਹਿਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੁਲਿਸ ਨੂੰ ਜਾਣਕਾਰੀਆਂ ਦੇ ਰਹੇ ਹਨ ਅਤੇ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਾਣਕਾਰੀ ਮਿਲਣ ਤੋਂ ਬਾਅਦ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨਾ ਪੁਲਿਸ ਦੀ ਜ਼ਿੰਮੇਵਾਰੀ ਹੈ। ਹਰ ਸ਼ਿਕਾਇਤ ਅਤੇ ਮਾਮਲੇ ਨੂੰ ਗੰਭੀਰਤਾ, ਪੇਸ਼ੇਵਰਾਨਾ ਢੰਗ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਨਜਿੱਠਣ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਸੀ.ਸੀ.ਟੀ.ਵੀ. ਕੈਮਰੇ, ਐਂਟੀ-ਡਰੋਨ ਸਿਸਟਮ, ਆਧੁਨਿਕ ਵਾਹਨ ਅਤੇ ਹੋਰ ਤਕਨਾਲੋਜੀ ਤੇ ਬੁਨਿਆਦੀ ਢਾਂਚਾ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਨੈੱਟਵਰਕ ਆਧੁਨਿਕ ਤਰੀਕੇ ਅਪਣਾ ਰਹੇ ਹਨ, ਇਸ ਲਈ ਤਕਨਾਲੋਜੀ-ਆਧਾਰਿਤ ਪੁਲਿਸਿੰਗ ਸਮੇਂ ਦੀ ਲੋੜ ਹੈ।
ਤਕਨਾਲੋਜੀ ਦੀ ਵਰਤੋਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਹੁਣ ਏ.ਆਈ. ਆਧਾਰਿਤ ਨਿਗਰਾਨੀ ਪ੍ਰਣਾਲੀਆਂ ਸਮੇਤ ਆਧੁਨਿਕ ਤਕਨੀਕ ਵੱਲ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਸੰਸਦ ਮੈਂਬਰ ਵਜੋਂ ਉਨ੍ਹਾਂ ਨੇ ਧੂਰੀ, ਸੁਨਾਮ, ਮਲੇਰਕੋਟਲਾ, ਭਦੌੜ, ਮਹਿਲ ਕਲਾਂ, ਬਰਨਾਲਾ ਅਤੇ ਲਹਿਰਾਗਾਗਾ ਦੇ ਪ੍ਰਮੁੱਖ ਸਥਾਨਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਪਹਿਲਕਦਮੀ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਸੇਵਾ ਸੰਭਾਲਣ ਤੋਂ ਬਾਅਦ ਵੀ ਤਕਨਾਲੋਜੀ-ਆਧਾਰਿਤ ਪੁਲਿਸਿੰਗ ਨੂੰ ਅੱਗੇ ਵਧਾਇਆ ਗਿਆ ਹੈ।
ਪੁਲਿਸ ਦੇ ਆਧੁਨਿਕੀਕਰਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਸੜਕ ਸੁਰੱਖਿਆ ਫੋਰਸ ਨੂੰ ਤਕਨਾਲੋਜੀ ਨਾਲ ਲੈਸ ਵਿਸ਼ੇਸ਼ ਪੁਲਿਸਿੰਗ ਦੀ ਉਦਾਹਰਨ ਦੱਸਿਆ। ਉਨ੍ਹਾਂ ਕਿਹਾ ਕਿ ਫਰਵਰੀ 2024 ਵਿੱਚ ਸ਼ੁਰੂ ਕੀਤੀ ਗਈ ਇਸ ਫੋਰਸ ਨੇ ਸੜਕ ਸੁਰੱਖਿਆ ਅਤੇ ਐਮਰਜੈਂਸੀ ਰਿਸਪਾਂਸ ਨੂੰ ਮਜ਼ਬੂਤ ਕਰਨ ਵਿੱਚ ਭੂਮਿਕਾ ਨਿਭਾਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਅਪਰਾਧ ਨਾਲ ਨਜਿੱਠਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਕੌਮੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵਿਦਿਅਕ ਸੰਸਥਾਵਾਂ ਦਾ ਦੌਰਾ ਕਰਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਮੁਹਿੰਮਾਂ ਚਲਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਤਸਕਰਾਂ ਦੀ ਗ੍ਰਿਫ਼ਤਾਰੀ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ, ਸਗੋਂ ਨਸ਼ੇ ਦੀ ਲਤ ਵਿੱਚ ਫਸੇ ਲੋਕਾਂ ਨੂੰ ਵੀ ਬਚਾਉਣਾ ਜ਼ਰੂਰੀ ਹੈ। ਇਸ ਲਈ ਨਸ਼ਾ ਛੁਡਾਉਣ, ਮੁੜ-ਵਸੇਬੇ ਅਤੇ ਨਸ਼ਾ ਪੀੜਤਾਂ ਨੂੰ ਸਨਮਾਨ ਨਾਲ ਮੁੜ ਆਮ ਜੀਵਨ ਵਿੱਚ ਲਿਆਉਣ ’ਤੇ ਵੀ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਨਾਲ ਐੱਨ.ਡੀ.ਪੀ.ਐੱਸ. ਐਕਟ ਨੂੰ ਹੋਰ ਸਖ਼ਤ ਬਣਾਉਣ ਬਾਰੇ ਵੀ ਗੱਲਬਾਤ ਕਰ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਨਾਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ।ਪੁਲਿਸ ਮੁਲਾਜ਼ਮਾਂ ਦੀ ਭਲਾਈ ਬਾਰੇ ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਨੂੰ ਛੁੱਟੀਆਂ ਦੀ ਸਹੂਲਤ ਦੇਣ, ਪੈਨਸ਼ਨ ਨਾਲ ਸਬੰਧਤ ਬਕਾਇਆ ਮਾਮਲਿਆਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਅਤੇ ਅਪਰਾਧ ਤੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਕਾਰਵਾਈ ਦੀ ਰਫ਼ਤਾਰ ਵਧਾਉਣ ਵਰਗੇ ਕਦਮ ਚੁੱਕੇ ਗਏ ਹਨ।
ਪੁਲਿਸ ਫੋਰਸ ਵਿੱਚ ਭਰਤੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ 450 ਏ.ਐੱਸ.ਆਈਜ਼ ਦੀ ਸਿੱਧੀ ਭਰਤੀ ਕੀਤੀ ਜਾ ਰਹੀ ਹੈ ਅਤੇ ਲਗਭਗ 3,400 ਨਵੇਂ ਰੰਗਰੂਟ ਇਸ ਸਮੇਂ ਸਿਖਲਾਈ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅਗਲੇ ਵਿੱਤੀ ਵਰ੍ਹੇ ਵਿੱਚ ਪੁਲਿਸ ਦੀਆਂ 10,000 ਹੋਰ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰਨ ਦੀ ਤਜਵੀਜ਼ ਹੈ। ਉਨ੍ਹਾਂ ਅਨੁਸਾਰ ਭਰਤੀ ਪ੍ਰਕਿਰਿਆ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਸੇਵਾ ਅਤੇ ਕੁਰਬਾਨੀ ਦੀ ਲੰਮੀ ਵਿਰਾਸਤ ਰਹੀ ਹੈ। ਉਨ੍ਹਾਂ ਪੁਲਿਸ ਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਪੂਰੀ ਤਾਕਤ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੁਲਿਸ ਦੀ ਵਰਦੀ ਨਾਲ ਪੰਜਾਬ ਦੇ ਪਰਿਵਾਰਾਂ ਦਾ ਭਰੋਸਾ ਜੁੜਿਆ ਹੋਇਆ ਹੈ ਅਤੇ ਇਸ ਭਰੋਸੇ ਨੂੰ ਇਮਾਨਦਾਰੀ, ਦਲੇਰੀ ਤੇ ਹਮਦਰਦੀ ਨਾਲ ਕਾਇਮ ਰੱਖਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸੀਨੀਅਰ ਅਧਿਕਾਰੀਆਂ ਨਾਲ ਸਿਰਫ਼ ਰਸਮੀ ਮੀਟਿੰਗ ਕਰਨ ਲਈ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਐੱਸ.ਐੱਚ.ਓਜ਼ ਨਾਲ ਸਿੱਧਾ ਸੰਵਾਦ ਕਰਨ ਲਈ ਇੱਥੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਨਸ਼ਾ ਤਸਕਰੀ ਦੀ ਚੁਣੌਤੀ ਹੋਰ ਗੰਭੀਰ ਹੈ ਅਤੇ ਪੁਲਿਸ ਨੂੰ ਅੰਤਰਰਾਸ਼ਟਰੀ ਸਰਹੱਦ ਪਾਰੋਂ ਹੋ ਰਹੀ ਤਸਕਰੀ ’ਤੇ ਵੀ ਨਜ਼ਰ ਰੱਖਣੀ ਪੈਂਦੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਬੀ ਕੌਮਾਂਤਰੀ ਸਰਹੱਦ ਲੱਗਦੀ ਹੈ ਅਤੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ, ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਜ਼ਿਲ੍ਹੇ ਪਾਕਿਸਤਾਨ ਨਾਲ ਸਰਹੱਦ ਸਾਂਝੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ਾ ਭੇਜਣ ਦੀਆਂ ਕੋਸ਼ਿਸ਼ਾਂ ਨਾਲ ਨਜਿੱਠਣ ਲਈ ਪੁਲਿਸ ਅਤੇ ਸਰਹੱਦੀ ਖੇਤਰਾਂ ਦੇ ਲੋਕਾਂ ਨੂੰ ਚੌਕਸ ਰਹਿਣਾ ਹੋਵੇਗਾ।
ਨਸ਼ਿਆਂ ਖ਼ਿਲਾਫ਼ ਸਰਕਾਰ ਦੀ ਕਾਰਵਾਈ ਦੇ ਅੰਕੜੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਐੱਨ.ਡੀ.ਪੀ.ਐੱਸ. ਐਕਟ ਤਹਿਤ 95,644 ਤੋਂ ਵੱਧ ਐੱਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਕਰੀਬ 1,27,821 ਗ੍ਰਿਫ਼ਤਾਰੀਆਂ ਹੋਈਆਂ ਹਨ। ਉਨ੍ਹਾਂ ਮੁਤਾਬਕ ਇਸ ਦੌਰਾਨ 7,265 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ, ਜਦਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀ 375 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਵੀ ਮਹੱਤਵਪੂਰਨ ਰਹੀ ਹੈ। ਪਿੰਡ ਸੁਰੱਖਿਆ ਕਮੇਟੀਆਂ ਵੱਲੋਂ ਪੁਲਿਸ ਨੂੰ 24,083 ਗੁਪਤ ਸੂਚਨਾਵਾਂ ਦਿੱਤੀਆਂ ਗਈਆਂ, ਜਿਨ੍ਹਾਂ ਦੇ ਆਧਾਰ ’ਤੇ 4,843 ਐੱਫ.ਆਈ.ਆਰਜ਼ ਦਰਜ ਹੋਈਆਂ ਅਤੇ 6,515 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਔਖੀਆਂ ਹਾਲਾਤਾਂ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਦਾ ਸਾਥ ਦੇ ਰਹੇ ਹਨ ਅਤੇ ਪੁਲਿਸ ਜਵਾਨਾਂ ਨੂੰ ਆਪਣੀ ਡਿਊਟੀ ਨਿਭਾਉਣ ਵਿੱਚ ਸਹਿਯੋਗ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਪੂਰੇ ਪੰਜਾਬ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਰਹੱਦੀ ਖੇਤਰਾਂ ਦੇ ਲੋਕਾਂ ਨੂੰ ਡਰੋਨ ਗਤੀਵਿਧੀਆਂ ਅਤੇ ਕਿਸੇ ਵੀ ਸ਼ੱਕੀ ਸਰਗਰਮੀ ਬਾਰੇ ਪੁਲਿਸ ਨੂੰ ਤੁਰੰਤ ਜਾਣਕਾਰੀ ਦੇਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਮਾਨਦਾਰੀ, ਦਲੇਰੀ, ਪੇਸ਼ੇਵਰਾਨਾ ਪਹੁੰਚ ਅਤੇ ਹਮਦਰਦੀ ਨੂੰ ਆਧਾਰ ਬਣਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਰੇ ਵਰਗਾਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ।
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਸਮੇਤ ਪੰਜਾਬ ਪੁਲਿਸ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
