Saturday, October 31Punjabi People

ਪੰਜਾਬ ’ਚ 2.70 ਲੱਖ ਐੱਸ.ਸੀ. ਵਿਦਿਆਰਥੀਆਂ ਨੂੰ ਮਿਲੇਗਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ, 245 ਕਰੋੜ ਰੁਪਏ ਖਰਚਣ ਦੀ ਤਜਵੀਜ਼: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਵਧੇਰੇ ਮੌਕੇ ਪ੍ਰਦਾਨ ਕਰਨ ਅਤੇ ਆਰਥਿਕ ਤੰਗੀ ਕਾਰਨ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਿਤ ਹੋਣ ਤੋਂ ਰੋਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਸਾਲ 2026-27 ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਕਰੀਬ 2.70 ਲੱਖ ਐੱਸ.ਸੀ. ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਲਗਭਗ 245 ਕਰੋੜ ਰੁਪਏ ਖਰਚਣ ਦੀ ਤਜਵੀਜ਼ ਰੱਖੀ ਗਈ ਹੈ।

ਇਹ ਜਾਣਕਾਰੀ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਨੂੰ ਆਰਥਿਕ ਕਮਜ਼ੋਰੀ ਕਾਰਨ ਉੱਚ ਸਿੱਖਿਆ ਤੋਂ ਵਾਂਝਾ ਨਾ ਰਹਿਣਾ ਪਵੇ।

ਮੰਤਰੀ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ, ਤਾਂ ਜੋ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚੇ ਵੀ ਉੱਚ ਸਿੱਖਿਆ ਹਾਸਲ ਕਰਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।

ਪੰਜ ਸਾਲਾਂ ਵਿੱਚ ਸਕਾਲਰਸ਼ਿਪ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ 40 ਫੀਸਦੀ ਵਧੀ

ਸਕੀਮ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2020-21 ਦੇ ਮੁਕਾਬਲੇ 2025-26 ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 40 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅਨੁਸਾਰ ਇਹ ਵਾਧਾ ਸਕੀਮ ਦੀ ਵਧਦੀ ਪਹੁੰਚ ਅਤੇ ਯੋਗ ਵਿਦਿਆਰਥੀਆਂ ਤੱਕ ਇਸ ਦਾ ਲਾਭ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਦਰਸਾਉਂਦਾ ਹੈ।

ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸਕੀਮ ਬਾਰੇ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲਾਭ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ 30 ਜਨਵਰੀ 2026 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ ਸੀ। ਇਸ ਸਮਾਗਮ ਵਿੱਚ 10 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

ਨੈਸ਼ਨਲ ਸਕਾਲਰਸ਼ਿਪ ਪੋਰਟਲ ਰਾਹੀਂ ਆਨਲਾਈਨ ਮਿਲ ਰਹੀ ਸਹੂਲਤ

ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਆਨਲਾਈਨ ਲਾਗੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਰਜ਼ੀਆਂ ਭਰਨ ਦੀ ਪ੍ਰਕਿਰਿਆ, ਤਕਨੀਕੀ ਦਿੱਕਤਾਂ ਦੇ ਹੱਲ ਅਤੇ ਸਕੀਮ ਸਬੰਧੀ ਜਾਣਕਾਰੀ ਦੇਣ ਲਈ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਅਧਿਕਾਰੀਆਂ ਅਤੇ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਕਿ ਉਹ ਸਕਾਲਰਸ਼ਿਪ ਲਈ ਯੋਗ ਵਿਦਿਆਰਥੀਆਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ, ਤਾਂ ਜੋ ਜਾਣਕਾਰੀ ਜਾਂ ਤਕਨੀਕੀ ਸਮੱਸਿਆਵਾਂ ਕਾਰਨ ਕੋਈ ਵੀ ਵਿਦਿਆਰਥੀ ਇਸ ਸਹੂਲਤ ਤੋਂ ਵਾਂਝਾ ਨਾ ਰਹੇ।

ਸਿੱਖਿਆ ਰਾਹੀਂ ਵਿਦਿਆਰਥੀਆਂ ਨੂੰ ਆਤਮਨਿਰਭਰ ਬਣਾਉਣਾ ਸਰਕਾਰ ਦਾ ਟੀਚਾ

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਸਿਰਫ਼ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਸਿੱਖਿਆ ਰਾਹੀਂ ਆਤਮਨਿਰਭਰ ਅਤੇ ਸਸ਼ਕਤ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜਿਕ ਬਰਾਬਰੀ, ਆਰਥਿਕ ਵਿਕਾਸ ਅਤੇ ਨੌਜਵਾਨਾਂ ਦੇ ਸਸ਼ਕਤੀਕਰਨ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਬਰਾਬਰ ਮੌਕੇ ਪ੍ਰਦਾਨ ਕਰਕੇ ਤਰੱਕੀਸ਼ੀਲ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਕੰਮ ਕਰ ਰਹੀ ਹੈ।

ਅੰਤ ਵਿੱਚ ਮੰਤਰੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਉੱਚ ਸਿੱਖਿਆ ਹਾਸਲ ਕਰਨ ਲਈ ਪੂਰੀ ਮਿਹਨਤ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਰ ਯੋਗ ਵਿਦਿਆਰਥੀ ਦੇ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਵਿਦਿਆਰਥੀ ਦੀ ਆਰਥਿਕ ਮਜਬੂਰੀ ਨੂੰ ਉਸ ਦੇ ਉੱਜਵਲ ਭਵਿੱਖ ਵਿੱਚ ਰੁਕਾਵਟ ਨਹੀਂ ਬਣਨ ਦਿੱਤਾ ਜਾਵੇਗਾ।

Leave a Reply

Your email address will not be published. Required fields are marked *