Saturday, May 23Punjabi People

‘ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ ‘ਤੇ ਛਾਪੇਮਾਰੀ ਕਰਕੇ 232 ਲੋਕ ਕੀਤੇ ਕਾਬੂ

ਚੰਡੀਗੜ੍ਹ, 14 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਦੇ 25ਵੇਂ ਦਿਨ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਪਛਾਣੇ ਗਏ ਅਤੇ ਮੈਪ ਕੀਤੇ ਗੈਂਗਸਟਰਾਂ ਦੇ ਟਿਕਾਣਿਆਂ ‘ਤੇ 702 ਛਾਪੇਮਾਰੀਆਂ ਕੀਤੀਆਂ।

ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” ਮੁਹਿੰਮ – ਜੋ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁਨ ਜੰਗ ਹੈ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਸਹਿਯੋਗ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 25ਵੇਂ ਦਿਨ ਪੁਲਿਸ ਟੀਮਾਂ ਨੇ 232 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਤਰ੍ਹਾਂ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9,244 ਹੋ ਗਈ ਹੈ।ਇਸ ਦੇ ਨਾਲ-ਨਾਲ, 89 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦਕਿ 165 ਵਿਅਕਤੀਆਂ ਦੀ ਪੁਸ਼ਟੀ ਹੋਣ ਤੋਂ ਬਾਅਦ ਛੱਡ ਦਿੱਤਾ ਗਿਆ। ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।

ਲੋਕਾਂ ਨੂੰ ਲੋੜੀਂਦੇ ਅਪਰਾਧੀਆਂ ਜਾਂ ਗੈਂਗਸਟਰਾਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਲਈ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਗੁਪਤ ਰੂਪ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਦੇ ਨਾਲ ਹੀ ਪੁਲਿਸ ਨੇ ਆਪਣੀ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 350ਵੇਂ ਦਿਨ ਵਿੱਚ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 3.1 ਕਿਲੋ ਹੈਰੋਇਨ, 7 ਕਿਲੋ ਭੁੱਕੀ, 640 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 58,050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। 350 ਦਿਨਾਂ ਵਿੱਚ ਹੁਣ ਤੱਕ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 49,602 ਹੋ ਗਈ ਹੈ।

ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 41 ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਵਿੱਚ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ।

Leave a Reply

Your email address will not be published. Required fields are marked *