
ਚੰਡੀਗੜ੍ਹ, 22 ਅਗਸਤ 2026: ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਵਿਆਹ ਸਮੇਂ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਨਮਾਨ ਨਾਲ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਵਿੱਚ ਮਦਦ ਦਿੱਤੀ ਜਾ ਰਹੀ ਹੈ। ਇਸੇ ਉਦੇਸ਼ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵਿੱਤੀ ਸਾਲ 2025-26 ਅਤੇ 2026-27 ਦੌਰਾਨ ਹੁਣ ਤੱਕ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਸਾਂਝੀ ਕੀਤੀ।
ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਸੂਬਾ ਸਰਕਾਰ ਦੀਆਂ ਲੋਕ-ਭਲਾਈ ਪਹਿਲਕਦਮੀਆਂ ਵਿੱਚ ਅਹਿਮ ਸਥਾਨ ਰੱਖਦੀ ਹੈ। ਇਸ ਦਾ ਮੁੱਖ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਧੀਆਂ ਦੇ ਵਿਆਹ ਸਮੇਂ ਵਿੱਤੀ ਸਹਾਇਤਾ ਦੇ ਕੇ ਆਰਥਿਕ ਬੋਝ ਘਟਾਉਣਾ ਅਤੇ ਉਨ੍ਹਾਂ ਨੂੰ ਸਨਮਾਨ ਨਾਲ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਦੇ ਯੋਗ ਬਣਾਉਣਾ ਹੈ।
2025-26 ਵਿੱਚ 62,415 ਲਾਭਪਾਤਰੀਆਂ ਨੂੰ ਮਿਲੀ ਸਹਾਇਤਾ
ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀ (SC) ਵਰਗ ਨਾਲ ਸਬੰਧਤ 42,203 ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ 215.24 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ।
ਇਸੇ ਮਿਆਦ ਵਿੱਚ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ (EWS) ਅਤੇ ਪੱਛੜੀਆਂ ਸ਼੍ਰੇਣੀਆਂ (BC) ਨਾਲ ਸਬੰਧਤ 20,212 ਲਾਭਪਾਤਰੀਆਂ ਨੂੰ 103.08 ਕਰੋੜ ਰੁਪਏ ਦੀ ਸਹਾਇਤਾ ਮੁਹੱਈਆ ਕਰਵਾਈ ਗਈ। ਇਸ ਤਰ੍ਹਾਂ ਵਿੱਤੀ ਸਾਲ 2025-26 ਵਿੱਚ ਕੁੱਲ 62,415 ਲਾਭਪਾਤਰੀਆਂ ਨੂੰ 318.32 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ।
2026-27 ਵਿੱਚ ਵੀ ਜਾਰੀ ਹੈ ਵਿੱਤੀ ਸਹਾਇਤਾ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਵੀ ਸਕੀਮ ਤਹਿਤ ਲਾਭਪਾਤਰੀਆਂ ਨੂੰ ਲਗਾਤਾਰ ਸਹਾਇਤਾ ਦਿੱਤੀ ਜਾ ਰਹੀ ਹੈ। ਹੁਣ ਤੱਕ ਅਨੁਸੂਚਿਤ ਜਾਤੀ ਵਰਗ ਦੇ 8,774 ਲਾਭਪਾਤਰੀਆਂ ਨੂੰ 44.75 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਇਸ ਤੋਂ ਇਲਾਵਾ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 4,010 ਲਾਭਪਾਤਰੀਆਂ ਨੂੰ 20.45 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਸ ਤਰ੍ਹਾਂ 2026-27 ਵਿੱਚ ਹੁਣ ਤੱਕ ਕੁੱਲ 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਯੋਗ ਲਾਭਪਾਤਰੀ ਨੂੰ 51 ਹਜ਼ਾਰ ਰੁਪਏ ਦੀ ਸਹਾਇਤਾ
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਹਰੇਕ ਯੋਗ ਲਾਭਪਾਤਰੀ ਨੂੰ ਧੀ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਵੀ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਇਸ ਪ੍ਰਬੰਧ ਨਾਲ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਸਰਕਾਰੀ ਸਹਾਇਤਾ ਦਾ ਲਾਭ ਮਿਲ ਸਕਦਾ ਹੈ।
ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਦਾ ਪੰਜਾਬ ਦਾ ਸਥਾਈ ਵਸਨੀਕ ਹੋਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ (BPL) ਹੋਣਾ ਚਾਹੀਦਾ ਹੈ ਅਤੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 32,790 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਸਿੱਧੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੀ ਜਾਂਦੀ ਹੈ ਰਾਸ਼ੀ
ਡਾ. ਬਲਜੀਤ ਕੌਰ ਨੇ ਕਿਹਾ ਕਿ ਸਕੀਮ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਹਾਇਤਾ ਦੀ ਰਾਸ਼ੀ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਂਦੀ ਹੈ। ਇਸ ਨਾਲ ਵਿਚੋਲਿਆਂ ਦੀ ਭੂਮਿਕਾ ਖਤਮ ਕਰਨ ਦੇ ਨਾਲ-ਨਾਲ ਲਾਭਪਾਤਰੀਆਂ ਤੱਕ ਰਾਸ਼ੀ ਦੀ ਸਮੇਂ ਸਿਰ ਅਤੇ ਪਾਰਦਰਸ਼ੀ ਪਹੁੰਚ ਯਕੀਨੀ ਬਣਦੀ ਹੈ।
ਉਨ੍ਹਾਂ ਨੇ ਸਾਰੇ ਜ਼ਿਲ੍ਹਾ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੀਮ ਦੇ ਹਰੇਕ ਯੋਗ ਲਾਭਪਾਤਰੀ ਤੱਕ ਇਸ ਦਾ ਲਾਭ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਖਾਸ ਤੌਰ ’ਤੇ ਯੋਗ ਅਰਜ਼ੀਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ, ਤਾਂ ਜੋ ਲਾਭਪਾਤਰੀ ਪਰਿਵਾਰਾਂ ਨੂੰ ਆਪਣੀਆਂ ਧੀਆਂ ਦੇ ਵਿਆਹ ਤੋਂ ਪਹਿਲਾਂ ਹੀ ਬਿਨਾਂ ਕਿਸੇ ਬੇਲੋੜੀ ਦੇਰੀ ਜਾਂ ਪਰੇਸ਼ਾਨੀ ਦੇ ਵਿੱਤੀ ਸਹਾਇਤਾ ਮਿਲ ਸਕੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ, ਆਰਥਿਕ ਤੌਰ ’ਤੇ ਕਮਜ਼ੋਰ ਅਤੇ ਸਮਾਜ ਦੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਮਕਸਦ ਸਮਾਜ ਦੇ ਹਰ ਵਰਗ ਨੂੰ ਬਰਾਬਰ ਮੌਕੇ ਅਤੇ ਸਨਮਾਨ ਦੇਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਰਾਹੀਂ ਸਰਕਾਰ ਬਰਾਬਰੀ, ਸਨਮਾਨ ਅਤੇ ਸਮਾਵੇਸ਼ੀ ਵਿਕਾਸ ’ਤੇ ਆਧਾਰਿਤ ‘ਰੰਗਲਾ ਪੰਜਾਬ’ ਦੀ ਸਿਰਜਣਾ ਵੱਲ ਅੱਗੇ ਵੱਧ ਰਹੀ ਹੈ।
