Saturday, May 23Punjabi People

ਅੰਮ੍ਰਿਤਸਰ ਵਿੱਚੋਂ 40 ਕਿਲੋ ਹੈਰੋਇਨ ਬਰਾਮਦ, ਨਸ਼ਾ ਤਸਕਰੀ ਮਾਡਿਊਲ ਦੇ ਚਾਰ ਸੰਚਾਲਕ ਗ੍ਰਿਫ਼ਤਾਰ

ਅੰਮ੍ਰਿਤਸਰ 15 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਧੀਨ ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵੱਡੀ ਕਾਰਵਾਈ ਕਰਦਿਆਂ ਨਾਰਕੋਟਿਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਚਾਰ ਮੁੱਖ ਸੰਚਾਲਕਾਂ ਨੂੰ 40 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਬਾਰੇ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨਰਿੰਦਰ ਸਿੰਘ ਉਰਫ਼ ਨੰਨੀ, ਸੂਰਜ, ਜੈਕਬ ਮਸੀਹ ਅਤੇ ਅਜੇ ਕੁਮਾਰ ਉਰਫ਼ ਰਵੀ ਵਜੋਂ ਹੋਈ ਹੈ, ਜੋ ਸਾਰੇ ਮੋਗਾ ਦੇ ਕੋਟ ਈਸੇ ਖਾਂ ਇਲਾਕੇ ਦੇ ਰਹਿਣ ਵਾਲੇ ਹਨ। ਪੁਲਿਸ ਨੇ ਹੈਰੋਇਨ ਦੇ ਨਾਲ ਨਾਲ ਨਸ਼ੇ ਦੀ ਖੇਪ ਦੀ ਆਵਾਜਾਈ ਲਈ ਵਰਤੀਆਂ ਜਾ ਰਹੀਆਂ ਦੋ ਕਾਰਾਂ—ਟੋਇਟਾ ਕੋਰੋਲਾ ਐਲਟਿਸ (ਰਜਿਸਟ੍ਰੇਸ਼ਨ ਨੰਬਰ ਪੀਬੀ-03 ਏਕੇ-1810) ਅਤੇ ਬੀਐਮਡਬਲਯੂ (ਰਜਿਸਟ੍ਰੇਸ਼ਨ ਨੰਬਰ ਯੂਪੀ-14 ਸੀਜੇ-4646) ਨੂੰ ਵੀ ਕਬਜ਼ੇ ਵਿੱਚ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਵਿਅਕਤੀਆਂ ਨੇ ਇਹ ਵੱਡੀ ਮਾਤਰਾ ਵਿੱਚ ਹੈਰੋਇਨ ਆਪਣੇ ਇੱਕ ਨਸ਼ਾ ਤਸਕਰ ਹੈਂਡਲਰ ਦੇ ਹੁਕਮਾਂ ‘ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰਨ ਲਈ ਹਾਸਲ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਇੱਕ ਨਾਮੀ ਅਤੇ ਭਗੌੜਾ ਨਸ਼ਾ ਤਸਕਰ ਆਪਣੇ ਸਾਥੀਆਂ ਦੀ ਮਦਦ ਨਾਲ ਨਸ਼ਾ ਤਸਕਰੀ ਦਾ ਜਾਲ ਚਲਾ ਰਿਹਾ ਹੈ ਅਤੇ ਉਸ ਦੇ ਨਿਰਦੇਸ਼ਾਂ ‘ਤੇ ਉਸ ਦੇ ਸਾਥੀ ਹੈਰੋਇਨ ਦੀ ਵੱਡੀ ਖੇਪ ਲੈਣ ਲਈ ਅੰਮ੍ਰਿਤਸਰ ਪਹੁੰਚੇ ਹਨ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ–ਤਰਨਤਾਰਨ ਹਾਈਵੇਅ ‘ਤੇ ਨਾਕਾਬੰਦੀ ਕੀਤੀ ਅਤੇ ਡੀਪੀਐਸ ਸਕੂਲ, ਅੰਮ੍ਰਿਤਸਰ ਦੇ ਨੇੜੇ ਚਾਰਾਂ ਮੁਲਜ਼ਮਾਂ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 40 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ।

ਡੀਜੀਪੀ ਨੇ ਅੱਗੇ ਕਿਹਾ ਕਿ ਮਾਮਲੇ ਨਾਲ ਜੁੜੀਆਂ ਪਿਛਲੀਆਂ ਤੇ ਅਗਲੀਆਂ ਕੜੀਆਂ, ਸਮੇਤ ਪੂਰੀ ਸਪਲਾਈ ਚੇਨ ਅਤੇ ਸੰਭਾਵਿਤ ਅੰਤਰਰਾਸ਼ਟਰੀ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਮਾਮਲੇ ਸਬੰਧੀ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿੱਚ ਐਨਡੀਪੀਐੱਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਅਧੀਨ ਐੱਫਆਈਆਰ ਨੰਬਰ 1 ਮਿਤੀ 14-01-2026 ਨੂੰ ਦਰਜ ਕੀਤੀ ਗਈ ਹੈ।

Leave a Reply

Your email address will not be published. Required fields are marked *