Sunday, October 25Punjabi People

ਪੰਜਾਬ ਵਿੱਚ ਵਿਧਵਾ ਤੇ ਨਿਆਸ਼ਰਿਤ ਔਰਤਾਂ ਲਈ 729 ਕਰੋੜ ਰੁਪਏ ਜਾਰੀ, ਕਰੀਬ 7 ਲੱਖ ਮਹਿਲਾਵਾਂ ਨੂੰ ਮਿਲ ਰਿਹੈ ਲਾਭ: ਡਾ. ਬਲਜੀਤ ਕੌਰ

ਚੰਡੀਗੜ੍ਹ, 25 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਔਰਤਾਂ ਨੂੰ ਸਹਾਰਾ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਵਿੱਤੀ ਸਹਾਇਤਾ ਸਕੀਮ ਅਧੀਨ ਹੁਣ ਤੱਕ ਕਰੀਬ 729 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਯੋਜਨਾ ਦਾ ਲਾਭ ਸੂਬੇ ਦੀਆਂ ਲਗਭਗ 7 ਲੱਖ ਯੋਗ ਔਰਤਾਂ ਨੂੰ ਮਿਲ ਰਿਹਾ ਹੈ।

ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਜਿਊਣ ਲਈ ਸਹਾਇਤਾ ਪ੍ਰਦਾਨ ਕਰਨ ਵਾਸਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਵਿੱਤੀ ਸਹਾਇਤਾ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਔਰਤਾਂ ਨੂੰ ਸੁਰੱਖਿਆ, ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰਤਾ ਵੱਲ ਅੱਗੇ ਵਧਣ ਲਈ ਸਹਾਰਾ ਦੇਣਾ ਵੀ ਹੈ, ਜਿਨ੍ਹਾਂ ਨੂੰ ਪਰਿਵਾਰਕ ਜਾਂ ਸਮਾਜਿਕ ਹਾਲਾਤ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਹਰ ਔਰਤ ਨੂੰ ਇੱਜ਼ਤ ਅਤੇ ਮਾਣ-ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਅਧਿਕਾਰ ਹੈ। ਇਸ ਲਈ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਯੋਜਨਾਵਾਂ ਰਾਹੀਂ ਲੋੜਵੰਦ ਅਤੇ ਕਮਜ਼ੋਰ ਵਰਗਾਂ ਦੀ ਸਹਾਇਤਾ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਚਾਲੂ ਵਿੱਤੀ ਸਾਲ ਲਈ 1,300 ਕਰੋੜ ਰੁਪਏ ਦਾ ਬਜਟ

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਵਿੱਤੀ ਸਹਾਇਤਾ ਸਕੀਮ ਲਈ ਕਰੀਬ 1,300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਹ ਬਜਟ ਔਰਤਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਆਰਥਿਕ ਤੰਗੀ ਕਾਰਨ ਕਿਸੇ ਵੀ ਯੋਗ ਔਰਤ ਨੂੰ ਆਪਣੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਅਜਿਹੀਆਂ ਵਿੱਤੀ ਸਹਾਇਤਾ ਯੋਜਨਾਵਾਂ ਔਰਤਾਂ ਨੂੰ ਰੋਜ਼ਾਨਾ ਦੇ ਖਰਚਿਆਂ ਵਿੱਚ ਮਦਦ ਦੇਣ ਅਤੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਕੌਣ ਲੈ ਸਕਦੈ ਯੋਜਨਾ ਦਾ ਲਾਭ?

ਯੋਜਨਾ ਦੇ ਯੋਗਤਾ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹੋ ਸਕਦੀਆਂ ਹਨ। ਇਸ ਤੋਂ ਇਲਾਵਾ, 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਔਰਤਾਂ ਨੂੰ ਵੀ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਵਸਨੀਕ ਹੋਣਾ ਲਾਜ਼ਮੀ ਹੈ। ਇਸ ਦੇ ਨਾਲ ਹੀ, ਬਿਨੈਕਾਰ ਦੇ ਪਰਿਵਾਰ ਦੀ ਸਾਲਾਨਾ ਆਮਦਨ 60,000 ਰੁਪਏ ਜਾਂ ਇਸ ਤੋਂ ਘੱਟ ਹੋਣੀ ਚਾਹੀਦੀ ਹੈ। ਯੋਗਤਾ ਦੀਆਂ ਨਿਰਧਾਰਤ ਸ਼ਰਤਾਂ ਪੂਰੀਆਂ ਕਰਨ ਵਾਲੀਆਂ ਔਰਤਾਂ ਯੋਜਨਾ ਅਧੀਨ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਅਰਜ਼ੀ ਦੇ ਸਕਦੀਆਂ ਹਨ।

ਯੋਗ ਔਰਤਾਂ ਤੱਕ ਲਾਭ ਪਹੁੰਚਾਉਣ ਲਈ ਵਿਭਾਗ ਨੂੰ ਨਿਰਦੇਸ਼

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੋਜਨਾ ਦੇ ਲਾਭ ਲਈ ਯੋਗ ਔਰਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਇਸ ਨਾਲ ਜੋੜਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਅਰਜ਼ੀਆਂ ਦਾ ਨਿਪਟਾਰਾ ਪਾਰਦਰਸ਼ੀ ਢੰਗ ਨਾਲ ਅਤੇ ਨਿਰਧਾਰਤ ਸਮੇਂ ਅੰਦਰ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਲਾਭਪਾਤਰੀਆਂ ਨੂੰ ਬੇਲੋੜੀ ਦੇਰੀ ਜਾਂ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੰਤਰੀ ਨੇ ਖ਼ਾਸ ਤੌਰ ’ਤੇ ਪੇਂਡੂ ਅਤੇ ਦੂਰ-ਦੁਰਾਡੇ ਇਲਾਕਿਆਂ ਵਿੱਚ ਰਹਿਣ ਵਾਲੀਆਂ ਔਰਤਾਂ ਤੱਕ ਯੋਜਨਾ ਦੀ ਜਾਣਕਾਰੀ ਪਹੁੰਚਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜਾਗਰੂਕਤਾ ਮੁਹਿੰਮਾਂ ਅਤੇ ਜ਼ਮੀਨੀ ਪੱਧਰ ’ਤੇ ਸੰਪਰਕ ਨੂੰ ਮਜ਼ਬੂਤ ਕਰਕੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਕੋਈ ਵੀ ਯੋਗ ਮਹਿਲਾ ਜਾਣਕਾਰੀ ਦੀ ਘਾਟ ਕਾਰਨ ਸਰਕਾਰੀ ਸਹਾਇਤਾ ਤੋਂ ਵਾਂਝੀ ਨਾ ਰਹੇ।

ਪੰਚਾਇਤਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਸਹਿਯੋਗ ਦੀ ਅਪੀਲ

ਮੰਤਰੀ ਨੇ ਪੰਚਾਇਤਾਂ, ਚੁਣੇ ਹੋਏ ਲੋਕ ਨੁਮਾਇੰਦਿਆਂ, ਆਂਗਣਵਾੜੀ ਵਰਕਰਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿੱਚ ਯੋਗ ਔਰਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਯੋਜਨਾ ਬਾਰੇ ਜਾਣਕਾਰੀ ਦੇਣ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਅਸਲ ਮਕਸਦ ਉਦੋਂ ਹੀ ਪੂਰਾ ਹੁੰਦਾ ਹੈ, ਜਦੋਂ ਉਨ੍ਹਾਂ ਦਾ ਲਾਭ ਸਮਾਜ ਦੇ ਹਰ ਯੋਗ ਵਰਗ ਅਤੇ ਆਖਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਤੱਕ ਪਹੁੰਚੇ। ਇਸ ਲਈ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਸਮਾਜਿਕ ਸੰਸਥਾਵਾਂ ਅਤੇ ਸਥਾਨਕ ਨੁਮਾਇੰਦਿਆਂ ਦਾ ਸਹਿਯੋਗ ਵੀ ਬੇਹੱਦ ਮਹੱਤਵਪੂਰਨ ਹੈ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਔਰਤਾਂ ਦੀ ਭਲਾਈ, ਸਮਾਜਿਕ ਸੁਰੱਖਿਆ ਅਤੇ ਆਰਥਿਕ ਮਜ਼ਬੂਤੀ ਲਈ ਵਚਨਬੱਧ ਹੈ ਅਤੇ ਯੋਗ ਲਾਭਪਾਤਰੀਆਂ ਤੱਕ ਸਰਕਾਰੀ ਸਹਾਇਤਾ ਪਹੁੰਚਾਉਣ ਲਈ ਯਤਨ ਜਾਰੀ ਰਹਿਣਗੇ।

Leave a Reply

Your email address will not be published. Required fields are marked *