
ਚੰਡੀਗੜ੍ਹ, 7 ਅਪ੍ਰੈਲ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੀ.ਆਰ.ਟੀ.ਸੀ. ਡਿਪੂ ਬਠਿੰਡਾ ਵਿੱਚ ਤਾਇਨਾਤ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ਾਂ ‘ਚ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਤਹਿਸੀਲ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਪੀਆਰਟੀਸੀ ਡਿਪੂ ਬਠਿੰਡਾ ਵਿੱਚ ਡਰਾਈਵਰ ਹੈ ਅਤੇ ਉਹ ਆਪਣਾ ਬੱਸ ਰੂਟ ਤਬਦੀਲ ਕਰਵਾਉਣਾ ਚਾਹੁੰਦਾ ਸੀ। ਇਸ ਮਾਮਲੇ ਵਿੱਚ ਫਿਟਰ ਇੰਚਾਰਜ ਬੱਸ ਸਟੈਂਡ ਗੋਨਿਆਣਾ ਕੇਵਲ ਕ੍ਰਿਸ਼ਨ ਅਤੇ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਵੱਲੋਂ ਰੂਟ ਬਦਲਣ ਦੇ ਬਦਲੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਗੱਲਬਾਤ ਦੀ ਰਿਕਾਰਡਿੰਗ ਵੀ ਕਰ ਲਈ ਸੀ।
ਸ਼ਿਕਾਇਤਕਰਤਾ ਦੇ ਮੁਤਾਬਕ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਬਿਛਾ ਕੇ ਦੋਸ਼ੀ ਕੰਡਕਟਰ ਨੂੰ ਉਸ ਵੇਲੇ ਕਾਬੂ ਕਰ ਲਿਆ, ਜਦੋਂ ਉਹ 20,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ।
ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਕੇਸ ਦਰਜ ਕੀਤਾ ਗਿਆ ਹੈ। ਸਹਿ-ਦੋਸ਼ੀ ਫਿਟਰ ਕੇਵਲ ਕ੍ਰਿਸ਼ਨ ਨੂੰ ਵੀ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
