Saturday, May 23Punjabi People

ਕੇਂਦਰੀ ਬਜਟ ’ਤੇ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਤਿੱਖੀ ਪ੍ਰਤੀਕਿਰਿਆ

ਚੰਡੀਗੜ੍ਹ, 1 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰੀਆ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਐਮਐਸਪੀ ਦੀ ਕੋਈ ਕਾਨੂੰਨੀ ਗਾਰੰਟੀ ਨਹੀਂ, ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਢੁੱਕਵਾਂ ਰੋਡਮੈਪ ਨਹੀਂ ਅਤੇ ਉਦਯੋਗਾਂ ਜਾਂ ਟੈਕਸ ਪ੍ਰਣਾਲੀ ਵਿੱਚ ਵੀ ਕਿਸੇ ਕਿਸਮ ਦੀ ਰਾਹਤ ਨਹੀਂ ਦਿੱਤੀ ਗਈ। ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਨਾ ਚੁੱਕਣਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਸਾਫ਼ ਬੇਇਨਸਾਫ਼ੀ ਹੈ।

ਸੀਐਮ ਮਾਨ ਨੇ ਕਿਹਾ ਕਿ ਪੰਜਾਬੀ ਮਿਹਨਤੀ, ਦਲੇਰ ਅਤੇ ਜਜ਼ਬੇ ਨਾਲ ਭਰਪੂਰ ਹਨ। ਕੇਂਦਰ ਵੱਲੋਂ ਵਾਰ-ਵਾਰ ਕੀਤੀ ਜਾ ਰਹੀ ਅਣਦੇਖੀ ਦੇ ਬਾਵਜੂਦ, ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਦੇ ਲੋਕ ਮਿਲ ਕੇ ਸੂਬੇ ਨੂੰ ਆਪਣੇ ਦਮ ’ਤੇ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣਗੇ।

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਮੁੜ ਧੋਖਾ ਕੀਤਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਅਤੇ ਚਿੰਤਾਵਾਂ ਨੂੰ ਅਣਡਿੱਠਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੇਂਦਰ ਦੇ ਕਿਸਾਨ-ਪੱਖੀ ਹੋਣ ਦੇ ਦਾਅਵੇ ਬਿਲਕੁਲ ਖੋਖਲੇ ਸਾਬਤ ਹੋਏ ਹਨ।

ਚੀਮਾ ਨੇ ਦੱਸਿਆ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਵਿੱਚ ਨਾ ਕੋਈ ਵਾਧਾ ਕੀਤਾ ਗਿਆ ਹੈ ਅਤੇ ਨਾ ਹੀ ਮੰਡੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਵਿਸ਼ੇਸ਼ ਸਹਾਇਤਾ ਦਿੱਤੀ ਗਈ ਹੈ, ਜਿਸ ਕਾਰਨ ਖੇਤੀ ਪ੍ਰਧਾਨ ਰਾਜਾਂ ਨੂੰ ਆਪਣੇ ਭਰੋਸੇ ਛੱਡ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹੈ, ਪਰ ਫਿਰ ਵੀ ਕੇਂਦਰ ਸਰਕਾਰ ਉਹਨਾਂ ਪ੍ਰਣਾਲੀਆਂ ਵਿੱਚ ਨਿਵੇਸ਼ ਕਰਨ ਤੋਂ ਲਗਾਤਾਰ ਕਤਰਾਉਂਦੀ ਆ ਰਹੀ ਹੈ ਜੋ ਦੇਸ਼ ਦਾ ਪੇਟ ਭਰਨ ਵਿੱਚ ਮੁੱਖ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਉੱਚ ਕੀਮਤ ਵਾਲੀਆਂ ਫ਼ਸਲਾਂ ਲਈ ਅਪਣਾਈ ਗਈ ਚੋਣਵੇਂ ਨੀਤੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਬਜਟ ਵਿੱਚ ਨਾਰੀਅਲ, ਕਾਜੂ, ਚੰਦਨ ਅਤੇ ਡਰਾਈ ਫਰੂਟਸ ਵਰਗੀਆਂ ਫ਼ਸਲਾਂ ਦਾ ਜ਼ਿਕਰ ਤਾਂ ਹੈ, ਪਰ ਉੱਤਰੀ ਭਾਰਤ ਦੇ ਕਿਸਾਨਾਂ ਲਈ—ਜੋ ਆਪਣੀਆਂ ਖੇਤੀ-ਜਲਵਾਯੂ ਹਾਲਤਾਂ ਅਨੁਸਾਰ ਫ਼ਸਲਾਂ ਉਗਾਉਂਦੇ ਹਨ—ਕੁਝ ਵੀ ਨਹੀਂ ਰੱਖਿਆ ਗਿਆ।

ਵਿੱਤ ਮੰਤਰੀ ਨੇ ਕਿਹਾ ਕਿ ਇਹ ਬਜਟ ਸਪੱਸ਼ਟ ਤੌਰ ’ਤੇ ਅਨਾਜ ਉਤਪਾਦਕ ਰਾਜਾਂ, ਖਾਸ ਕਰਕੇ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਲਗਾਤਾਰ ਬੇਰੁਖ਼ੀ ਅਤੇ ਪੱਖਪਾਤੀ ਸੋਚ ਨੂੰ ਦਰਸਾਉਂਦਾ ਹੈ। ਕਿਸਾਨ ਸਿਰਫ਼ ਨਾਅਰਿਆਂ ਨਹੀਂ, ਸਨਮਾਨ, ਸਹਿਯੋਗ ਅਤੇ ਢੁੱਕਵੇਂ ਨਿਵੇਸ਼ ਦੇ ਹੱਕਦਾਰ ਹਨ।

ਕੇਂਦਰੀ ਬਜਟ ਨੇ ਪੰਜਾਬ ਦੇ ਅੰਨਦਾਤਿਆਂ ਨੂੰ ਨਿਰਾਸ਼ ਕੀਤਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬਜਟ ਦੀ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਦਾ ਅੰਨ ਭੰਡਾਰ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਇੱਕ ਵਾਰ ਫਿਰ ਖਾਲੀ ਹੱਥ ਛੱਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਣਕ ਅਤੇ ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ਲਈ ਐਮਐਸਪੀ ਦਾ ਕੋਈ ਸਪੱਸ਼ਟ ਰੋਡਮੈਪ ਨਹੀਂ ਦਿੱਤਾ ਗਿਆ, ਜੋ ਕੇਂਦਰ ਦੀ ਕਿਸਾਨਾਂ ਦੀ ਆਮਦਨ ਸੁਰੱਖਿਆ ਪ੍ਰਤੀ ਗੰਭੀਰਤਾ ਦੀ ਕਮੀ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਲਈ ਕੋਈ ਠੋਸ ਪੈਕੇਜ ਨਹੀਂ ਦਿੱਤਾ ਗਿਆ, ਜੋ ਪੰਜਾਬ ਵਿੱਚ ਟਿਕਾਊ ਖੇਤੀ ਲਈ ਬਹੁਤ ਜ਼ਰੂਰੀ ਹੈ, ਅਤੇ ਨਾ ਹੀ ਹੜ੍ਹਾਂ ਵਰਗੀਆਂ ਕੁਦਰਤੀ ਆਫ਼ਤਾਂ ਨਾਲ ਪ੍ਰਭਾਵਿਤ ਕਿਸਾਨਾਂ ਲਈ ਕੋਈ ਵਿੱਤੀ ਸਹਾਇਤਾ ਦੀ ਘੋਸ਼ਣਾ ਕੀਤੀ ਗਈ ਹੈ।

ਕੇਂਦਰੀ ਬਜਟ ਸਿਰਫ਼ ਨਿਰਾਸ਼ਾ ਲੈ ਕੇ ਆਇਆ: ਅਮਨ ਅਰੋੜਾ

ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੇਂਦਰੀ ਬਜਟ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ ਵਾਅਦੇ ਕੀਤੇ ਸਨ, ਪਰ ਬਜਟ ਵਿੱਚ ਕਿਸਾਨਾਂ, ਨੌਜਵਾਨਾਂ, ਔਰਤਾਂ ਜਾਂ ਆਮ ਲੋਕਾਂ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਨਾਲ ਇੱਕ ਵਾਰ ਫਿਰ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ ਅਤੇ ਸੂਬੇ ਲਈ ਕਿਸੇ ਵੀ ਨਵੇਂ ਵੱਡੇ ਪ੍ਰੋਜੈਕਟ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ।

ਕੇਂਦਰੀ ਬਜਟ ਪੰਜਾਬ ਨਾਲ ਖੁੱਲ੍ਹਾ ਵਿਤਕਰਾ ਹੈ: ਕੁਲਦੀਪ ਸਿੰਘ ਧਾਲੀਵਾਲ

ਆਪ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਬਜਟ ਪੰਜਾਬ ਨਾਲ ਸ਼ਰੇਆਮ ਵਿਤਕਰੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਨਾ ਐਮਐਸਪੀ ਦੀ ਗਾਰੰਟੀ ਹੈ, ਨਾ ਨੌਕਰੀਆਂ ਲਈ ਕੋਈ ਯੋਜਨਾ ਅਤੇ ਨਾ ਹੀ ਪੰਜਾਬ ਦੇ ਕਿਸੇ ਵੱਡੇ ਵਿਕਾਸ ਪ੍ਰੋਜੈਕਟ ਲਈ ਕੋਈ ਰਕਮ ਰੱਖੀ ਗਈ ਹੈ।

ਕੇਂਦਰੀ ਬਜਟ ਵਿੱਚ ਪੰਜਾਬ ਦੇ ਕਿਸਾਨਾਂ ਲਈ ਕੋਈ ਵਿਜ਼ਨ ਨਹੀਂ: ਲਾਲਜੀਤ ਸਿੰਘ ਭੁੱਲਰ

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬਜਟ ਵਿੱਚ ਕਿਸਾਨਾਂ ਦੀ ਸੁਰੱਖਿਆ, ਫ਼ਸਲੀ ਵਿਭਿੰਨਤਾ ਜਾਂ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਕੋਈ ਗੰਭੀਰ ਪ੍ਰਬੰਧ ਨਹੀਂ ਹੈ, ਜੋ ਕੇਂਦਰ ਦੀ ਕਿਸਾਨ ਵਿਰੋਧੀ ਸੋਚ ਨੂੰ ਸਪੱਸ਼ਟ ਕਰਦਾ ਹੈ।

ਪੰਜਾਬ ਦੇ ਹੱਕਾਂ ’ਤੇ ਕੇਂਦਰ ਚੁੱਪ: ਡਾ. ਰਵਜੋਤ

ਮੰਤਰੀ ਡਾ. ਰਵਜੋਤ ਨੇ ਕਿਹਾ ਕਿ ਸਿਹਤ, ਸਿੱਖਿਆ ਅਤੇ ਖੇਤੀਬਾੜੀ ਬਾਰੇ ਵੱਡੇ ਦਾਅਵਿਆਂ ਦੇ ਬਾਵਜੂਦ ਕੇਂਦਰੀ ਬਜਟ ਵਿੱਚ ਪੰਜਾਬ ਲਈ ਕੋਈ ਵਿਸ਼ੇਸ਼ ਸਹਾਇਤਾ ਨਹੀਂ ਦਿੱਤੀ ਗਈ, ਜੋ ਸੂਬੇ ਨਾਲ ਜਾਣਬੁੱਝ ਕੇ ਕੀਤੀ ਗਈ ਅਣਦੇਖੀ ਹੈ।

ਵੱਡੇ ਦਾਅਵੇ, ਪਰ ਬਜਟ ਖੋਖਲਾ ਸਾਬਤ ਹੋਇਆ: ਨੀਲ ਗਰਗ

ਆਪ ਦੇ ਸੀਨੀਅਰ ਆਗੂ ਨੀਲ ਗਰਗ ਨੇ ਕਿਹਾ ਕਿ ਇਹ ਬਜਟ “ਪੱਟਿਆ ਪਹਾੜ, ਨਿਕਲਿਆ ਚੂਹਾ” ਵਾਂਗ ਹੈ। ਵੱਡੇ ਐਲਾਨਾਂ ਦੇ ਬਾਵਜੂਦ ਪੰਜਾਬ, ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਲਈ ਕੋਈ ਅਸਲ ਰਾਹਤ ਨਹੀਂ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਇਹ ਬਜਟ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਵਾਲਾ ਹੈ, ਜਦਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਨਾਗਰਿਕਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ।

Leave a Reply

Your email address will not be published. Required fields are marked *