Tuesday, October 20Punjabi People

ਪੰਜਾਬ ਦੇ ਰਾਮ ਭਗਤਾਂ ਦੀਆਂ ਇੱਕ ਲੱਖ ਚਿੱਠੀਆਂ PM ਮੋਦੀ ਨੂੰ ਸੌਂਪੇਗੀ ‘ਆਪ’, ਅਮਨ ਅਰੋੜਾ ਨੇ ਕੇਂਦਰ ’ਤੇ ਚੁੱਕੇ ਸਵਾਲ

ਚੰਡੀਗੜ੍ਹ,19 ਅਕਤੂਬਰ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਅਯੁੱਧਿਆ ਸਥਿਤ ਸ਼੍ਰੀ ਰਾਮ ਮੰਦਰ ਵਿੱਚ ਦਾਨ ਦੀ ਚੋਰੀ ਦੇ ਮਾਮਲੇ ਵਿੱਚ ਜ਼ਿੰਮੇਵਾਰ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਆਸਥਾ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਵੱਲੋਂ ਦਿੱਤੇ ਦਾਨ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਲੱਖਾਂ ਸ਼ਰਧਾਲੂਆਂ ਨੇ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਰ ਦੇ ਨਿਰਮਾਣ ਲਈ ਸ਼ਰਧਾ ਅਤੇ ਵਿਸ਼ਵਾਸ ਨਾਲ ਆਪਣੀ ਮਿਹਨਤ ਦੀ ਕਮਾਈ ਦਾਨ ਕੀਤੀ ਸੀ। ਜੇਕਰ ਇਸ ਦਾਨ ਵਿੱਚ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਜਾਂ ਚੋਰੀ ਹੋਈ ਹੈ, ਤਾਂ ਇਹ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਧੋਖਾ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਸਾਬਤ ਹੋਣ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।

ਰਾਮ ਭਗਤ ਵਜੋਂ ਉਠਾਇਆ ਮਾਮਲਾ:

ਅਮਨ ਅਰੋੜਾ‘ਆਪ’ ਪੰਜਾਬ ਦੇ ਪ੍ਰਧਾਨ ਨੇ ਕਿਹਾ ਕਿ ਉਹ ਇਹ ਮੁੱਦਾ ਸਿਰਫ਼ ਸਿਆਸੀ ਆਗੂ ਵਜੋਂ ਨਹੀਂ, ਸਗੋਂ ਭਗਵਾਨ ਸ਼੍ਰੀ ਰਾਮ ਦੇ ਸ਼ਰਧਾਲੂ ਵਜੋਂ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਦੇਸ਼ ਭਰ ਦੇ ਲੋਕਾਂ ਨੇ ਸ਼੍ਰੀ ਰਾਮ ਮੰਦਰ ਦੇ ਨਿਰਮਾਣ ਅਤੇ ਇਸ ਦੇ ਮੁਕੰਮਲ ਹੋਣ ਨਾਲ ਜੁੜੇ ਸਮਾਗਮਾਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਸੀ। ਸ਼ਰਧਾਲੂਆਂ ਨੇ ਇਸ ਪਵਿੱਤਰ ਕਾਰਜ ਲਈ ਆਪਣੀਆਂ ਬੱਚਤਾਂ ਵਿੱਚੋਂ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਇਆ। ਇਸ ਲਈ ਉਨ੍ਹਾਂ ਦੀ ਆਸਥਾ ਅਤੇ ਯੋਗਦਾਨ ਦੀ ਰੱਖਿਆ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ।

ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਇਕੱਠੀਆਂ ਕੀਤੀਆਂ ਚਿੱਠੀਆਂ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ ਇੱਕ ਲੱਖ ਤੋਂ ਵੱਧ ਰਾਮ ਭਗਤਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਦਖ਼ਲ ਦੇਣ ਅਤੇ ਨਿਆਂ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅਨੁਸਾਰ, ਇਹ ਪੱਤਰ ਪੰਜਾਬ ਦੇ ਲਗਭਗ 22,000 ਪੋਲਿੰਗ ਬੂਥਾਂ ਨਾਲ ਸਬੰਧਤ ਸ਼ਰਧਾਲੂਆਂ ਵੱਲੋਂ ਭੇਜੇ ਗਏ ਹਨ।

ਉਨ੍ਹਾਂ ਕਿਹਾ ਕਿ ਇਹ ਚਿੱਠੀਆਂ ਪ੍ਰਧਾਨ ਮੰਤਰੀ ਨੂੰ ਸੌਂਪੀਆਂ ਜਾਣਗੀਆਂ, ਤਾਂ ਜੋ ਸ਼ਰਧਾਲੂਆਂ ਦੀ ਸਮੂਹਿਕ ਮੰਗ ਉਨ੍ਹਾਂ ਤੱਕ ਪਹੁੰਚ ਸਕੇ। ਉਨ੍ਹਾਂ ਜ਼ੋਰ ਦਿੱਤਾ ਕਿ ਮਾਮਲੇ ਵਿੱਚ ਸਿਰਫ਼ ਹੇਠਲੇ ਪੱਧਰ ਦੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕਰਨਾ ਕਾਫ਼ੀ ਨਹੀਂ ਹੈ, ਸਗੋਂ ਮੰਦਰ ਦੇ ਪ੍ਰਬੰਧਾਂ ਅਤੇ ਨਿਗਰਾਨੀ ਲਈ ਜ਼ਿੰਮੇਵਾਰ ਸੀਨੀਅਰ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

ਦਾਨ ਦੀ ਚੋਰੀ ਦੀਆਂ 105 ਘਟਨਾਵਾਂ ਦਾ ਹਵਾਲਾ

ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਰਿਪੋਰਟ ਵਿੱਚ ਸੀਸੀਟੀਵੀ ਕੈਮਰਿਆਂ ਵਿੱਚ ਦਰਜ ਦਾਨ ਦੀ ਚੋਰੀ ਦੀਆਂ 105 ਘਟਨਾਵਾਂ ਦਾ ਜ਼ਿਕਰ ਹੈ, ਜਿਨ੍ਹਾਂ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੱਲੋਂ ਜਾਂਚ ਕੀਤੀ ਗਈ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਅਜਿਹੀਆਂ ਘਟਨਾਵਾਂ ਵਾਰ-ਵਾਰ ਵਾਪਰੀਆਂ ਹਨ, ਤਾਂ ਮੰਦਰ ਦੇ ਪ੍ਰਬੰਧਕੀ ਢਾਂਚੇ ਅਤੇ ਸੁਰੱਖਿਆ ਪ੍ਰਬੰਧਾਂ ਦੀ ਜਵਾਬਦੇਹੀ ਵੀ ਤੈਅ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੀ ਰਾਮ ਮੰਦਰ ਕਰੋੜਾਂ ਲੋਕਾਂ ਦੀ ਆਸਥਾ ਨਾਲ ਜੁੜਿਆ ਹੋਇਆ ਹੈ। ਅਜਿਹੀ ਮਹੱਤਵਪੂਰਨ ਧਾਰਮਿਕ ਸੰਸਥਾ ਵਿੱਚ ਜੇਕਰ ਵਾਰ-ਵਾਰ ਚੋਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਤਾਂ ਜਾਂਚ ਦਾ ਦਾਇਰਾ ਸਿਰਫ਼ ਕੁਝ ਕਰਮਚਾਰੀਆਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ। ਪ੍ਰਬੰਧਕੀ ਜ਼ਿੰਮੇਵਾਰੀਆਂ ਨਿਭਾਉਣ ਵਾਲੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਣੀ ਚਾਹੀਦੀ ਹੈ।

‘ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ’ਪੰਜਾਬ ਦੇ ਸ਼ਰਧਾਲੂਆਂ ਦੀ ਮੰਗ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ, “ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ।”ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਮੰਗ ਸਪੱਸ਼ਟ ਹੈ—ਮਾਮਲੇ ਵਿੱਚ ਪੂਰੀ ਜਵਾਬਦੇਹੀ ਤੈਅ ਕੀਤੀ ਜਾਵੇ, ਨਿਆਂ ਯਕੀਨੀ ਬਣਾਇਆ ਜਾਵੇ ਅਤੇ ਜਾਂਚ ਵਿੱਚ ਦੋਸ਼ੀ ਪਾਏ ਜਾਣ ਵਾਲੇ ਹਰ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਸ਼ਰਧਾਲੂਆਂ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਲੋੜੀਂਦੇ ਕਦਮ ਚੁੱਕਣ।

Leave a Reply

Your email address will not be published. Required fields are marked *