
ਬਰਨਾਲਾ, 18 ਜੂਨ 2026: ਭਦੌੜ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਭਾਰਤੀ ਹਵਾਈ ਫ਼ੌਜ ਦੇ ਇੱਕ ਜਵਾਨ ਨੂੰ 3 ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਅਫ਼ੀਮ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 5.40 ਲੱਖ ਰੁਪਏ ਅੰਕੀ ਗਈ ਹੈ।
ਐੱਸਐੱਸਪੀ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਐੱਸਪੀ ਜਸਕਰਨ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐੱਸਐੱਚਓ ਇੰਸਪੈਕਟਰ ਹਰਸਿਮਰਨ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਜੰਗੀਆਣਾ ਬੱਸ ਅੱਡੇ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇੱਕ ਸ਼ੱਕੀ ਨੌਜਵਾਨ ਪਿੱਠ ’ਤੇ ਬੈਗ ਲਗਾਈ ਖੜ੍ਹਾ ਨਜ਼ਰ ਆਇਆ।
ਜਦੋਂ ਪੁਲਿਸ ਨੇ ਉਸ ਨਾਲ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਘਬਰਾ ਗਿਆ ਅਤੇ ਮੌਕੇ ਤੋਂ ਭੱਜਣ ਲੱਗ ਪਿਆ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਬੈਗ ਵਿਚੋਂ 3 ਕਿਲੋ ਅਫ਼ੀਮ ਬਰਾਮਦ ਹੋਈ।
ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਸਿਮਰਤਪਾਲ ਸਿੰਘ, ਵਾਸੀ ਪਿੰਡ ਬੁਤਾਲਾ (ਅੰਮ੍ਰਿਤਸਰ), ਵਜੋਂ ਹੋਈ ਹੈ। ਪੁਲਿਸ ਮੁਤਾਬਕ ਉਹ ਇਸ ਸਮੇਂ ਮੋਹਾਲੀ ਵਿਖੇ ਭਾਰਤੀ ਹਵਾਈ ਫ਼ੌਜ ਵਿੱਚ ਤਾਇਨਾਤ ਹੈ।
ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਥਿਤ ਤੌਰ ’ਤੇ ਦੱਸਿਆ ਕਿ ਉਹ ਅਫ਼ੀਮ ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਲੈ ਕੇ ਆਇਆ ਸੀ ਅਤੇ ਇਸ ਨੂੰ ਇਲਾਕੇ ਵਿੱਚ ਵੇਚ ਕੇ ਵੱਡਾ ਮੁਨਾਫ਼ਾ ਕਮਾਉਣ ਦੀ ਯੋਜਨਾ ਬਣਾ ਰਿਹਾ ਸੀ।
ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਉਸ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤੇ ਹੁਣ ਇਸ ਮਾਮਲੇ ਨਾਲ ਜੁੜੇ ਹੋਰ ਸਬੰਧਾਂ ਅਤੇ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ।
