
ਚੰਡੀਗੜ੍ਹ, 31 ਜਨਵਰੀ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਕਾਲੀ ਆਗੂਆਂ ਵੱਲੋਂ ਗੈਂਗਸਟਰਾਂ ਦੇ ਪਰਿਵਾਰਾਂ ਦੇ ਸਮਾਗਮਾਂ ਵਿੱਚ ਸ਼ਿਰਕਤ ਕਰਨ ‘ਤੇ ਸਖ਼ਤ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਗੈਂਗਸਟਰਵਾਦ ਅਤੇ ਡਰੱਗ ਮਾਫੀਆ ਖ਼ਿਲਾਫ਼ ਵੱਡੀ ਜੰਗ ਲੜ ਰਹੀ ਹੈ, ਉਸੇ ਸਮੇਂ ਅਕਾਲੀ ਦਲ ਗੈਂਗਸਟਰਾਂ ਨਾਲ ਸਾਂਝਾ ਰੱਖ ਰਿਹਾ ਹੈ।
ਵਿਧਾਇਕ ਧਾਲੀਵਾਲ ਨੇ ਅੰਮ੍ਰਿਤਸਰ ਵਿੱਚ ਅੰਮ੍ਰਿਤਪਾਲ ਸਿੰਘ ਬਾਠ ਦੀ ਭੈਣ ਦੇ ਵਿਆਹ ਸਮਾਗਮ ਵਿੱਚ ਸੁਖਬੀਰ ਬਾਦਲ, ਵਿਰਸਾ ਸਿੰਘ ਵਲਟੋਹਾ, ਗਨੀਵ ਕੌਰ ਮਜੀਠੀਆ, ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਦੀ ਸ਼ਮੂਲੀਅਤ ਵਾਲੀਆਂ ਤਸਵੀਰਾਂ ਵੀ ਪੇਸ਼ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਤਸਵੀਰਾਂ ਅਕਾਲੀ ਦਲ ਦੀਆਂ ਨੀਅਤਾਂ ਅਤੇ ਤਰਜੀਹਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ ਅਤੇ ਦਰਸਾਉਂਦੀਆਂ ਹਨ ਕਿ ਅਕਾਲੀ ਦਲ ਗੈਂਗਸਟਰਾਂ ਨੂੰ ਪਾਲ ਰਿਹਾ ਹੈ।
ਧਾਲੀਵਾਲ ਨੇ ਦੋਹਾਂ ਪਾਸਿਆਂ ਦੇ ਵਿਵਾਦ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਇੱਕ ਪਾਸੇ ਦੱਸਦੇ ਹਨ ਕਿ ਗੈਂਗਸਟਰਵਾਦ ਖ਼ਤਮ ਨਹੀਂ ਹੋ ਰਿਹਾ, ਪਰ ਦੂਜੇ ਪਾਸੇ ਉਹੀ ਗੈਂਗਸਟਰਾਂ ਦੇ ਪਰਿਵਾਰਾਂ ਦੇ ਵਿਆਹਾਂ ਵਿੱਚ ਸ਼ਾਮਿਲ ਹੋ ਰਹੇ ਹਨ। ਇਹ ਸਾਬਤ ਕਰਦਾ ਹੈ ਕਿ ਉਹ ਗੈਂਗਸਟਰਾਂ ਦੀ ਮਦਦ ਨਾਲ ਪੰਜਾਬ ਦੀ ਸੱਤਾ ‘ਚ ਵਾਪਸੀ ਚਾਹੁੰਦੇ ਹਨ।
ਵਿਧਾਇਕ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਅੱਤਵਾਦ ਵੱਲ ਧਕੇਲਿਆ ਸੀ, ਹੁਣ ਉਹ ਉਨ੍ਹਾਂ ਨੂੰ ਗੈਂਗਸਟਰ ਬਣਾਕੇ ਆਪਣੀ ਸਿਆਸੀ ਲਾਲਸਾ ਪੂਰੀ ਕਰਨ ਦਾ ਯਤਨ ਕਰ ਰਿਹਾ ਹੈ। ਧਾਲੀਵਾਲ ਨੇ ਪੰਜਾਬੀਆਂ ਨੂੰ ਚੌਕਸ ਰਹਿਣ ਅਤੇ ਇਨ੍ਹਾਂ ਲੋਕਾਂ ਤੋਂ ਸਾਵਧਾਨ ਰਹਿਣ ਲਈ ਅਪੀਲ ਕੀਤੀ।
ਉਨ੍ਹਾਂ ਨੇ ਆਖਿਆ ਕਿ ਜਿੱਥੇ ਪਹਿਲਾਂ ਕਾਂਗਰਸ ਇਸ ਕਾਲੇ ਦੌਰ ਲਈ ਜ਼ਿੰਮੇਵਾਰ ਸੀ, ਉੱਥੇ ਹੁਣ ਅਕਾਲੀ ਦਲ ਵੀ ਬਰਾਬਰ ਦਾ ਜ਼ਿੰਮੇਵਾਰ ਹੈ। ਫਿਰ ਵੀ, ਆਮ ਆਦਮੀ ਪਾਰਟੀ ਦੀ ਸਰਕਾਰ ਦਾ ਵਾਅਦਾ ਹੈ ਕਿ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਡਰੱਗ ਮਾਫੀਆ ਨੂੰ ਜ਼ਰੂਰ ਖ਼ਤਮ ਕੀਤਾ ਜਾਵੇਗਾ।
