
ਰੋਪੜ, 6 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿੱਚ ਡਰ, ਅਸ਼ਾਂਤੀ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਸੂਬੇ ਵਿੱਚ ਅਸਥਿਰਤਾ ਪੈਦਾ ਕਰਨ ਲਈ ਰਚੀ ਗਈ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਹਨ।
ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਹੋਰ ਚੋਣੀ ਸੂਬਿਆਂ ਦੀ ਤਰ੍ਹਾਂ ਪੰਜਾਬ ਵਿੱਚ ਵੀ ਧਰੁਵੀਕਰਨ ਦੀ ਰਾਜਨੀਤੀ ਕਰਨਾ ਚਾਹੁੰਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਫਿਰਕੂ ਤਣਾਅ, ਦਹਿਸ਼ਤ ਅਤੇ ਅਸ਼ਾਂਤੀ ਦਾ ਮਾਹੌਲ ਬਣਾ ਕੇ ਚੋਣੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਤੌਰ ’ਤੇ ਬਹੁਤ ਜਾਗਰੂਕ ਹਨ ਅਤੇ ਅਜਿਹੀਆਂ ਕੋਸ਼ਿਸ਼ਾਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ, “ਪੰਜਾਬੀ ਸ਼ਾਂਤੀ ਪਸੰਦ ਲੋਕ ਹਨ ਅਤੇ ਉਹ ਕਿਸੇ ਵੀ ਪਾਰਟੀ ਨੂੰ ਆਪਣੇ ਸਿਆਸੀ ਹਿਤਾਂ ਲਈ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਨੁਕਸਾਨ ਨਹੀਂ ਪਹੁੰਚਾਉਣ ਦੇਣਗੇ।”
ਭਗਵੰਤ ਮਾਨ ਨੇ ਕਿਹਾ ਕਿ ਹਿੰਸਾ, ਫੁੱਟ ਪਾਉਣਾ ਅਤੇ ਫਿਰਕੂ ਧੜੇਬੰਦੀ ਭਾਜਪਾ ਦੀ ਰਾਜਨੀਤੀ ਦਾ ਹਿੱਸਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਪਿਆਰ, ਭਾਈਚਾਰੇ ਅਤੇ ਸਾਂਝੀਵਾਲਤਾ ਦੀ ਪ੍ਰਤੀਕ ਹੈ, ਜਿੱਥੇ ਨਫ਼ਰਤ ਦੀ ਰਾਜਨੀਤੀ ਨੂੰ ਕਦੇ ਕਬੂਲ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸ਼ਾਂਤੀ, ਏਕਤਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਪੂਰੀ ਵਚਨਬੱਧਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਆਪਣੇ ਦਿਨ ਦੀ ਸ਼ੁਰੂਆਤ “ਸਰਬੱਤ ਦੇ ਭਲੇ” ਦੀ ਅਰਦਾਸ ਨਾਲ ਕਰਦਾ ਹੈ, ਇਸ ਲਈ ਪੰਜਾਬ ਦੀ ਫ਼ਿਤਰਤ ਹਮੇਸ਼ਾ ਸਦਭਾਵਨਾ ਅਤੇ ਭਾਈਚਾਰੇ ਵਾਲੀ ਰਹੀ ਹੈ।
ਹਾਲੀਆ ਬੰਬ ਧਮਾਕਿਆਂ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾਵਾਂ ਕੁਝ ਤਾਕਤਾਂ ਦੀ ਸੌੜੀ ਰਾਜਨੀਤਿਕ ਸੋਚ ਨੂੰ ਬੇਨਕਾਬ ਕਰਦੀਆਂ ਹਨ, ਜਿਨ੍ਹਾਂ ਦਾ ਮਕਸਦ ਲੋਕਾਂ ਵਿੱਚ ਸਹਿਮ ਅਤੇ ਡਰ ਦਾ ਮਾਹੌਲ ਬਣਾਕੇ ਸਮਾਜ ਦਾ ਧਰੁਵੀਕਰਨ ਕਰਨਾ ਹੈ।
ਉਨ੍ਹਾਂ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਪਾਸ ਹੋਣ ਤੋਂ ਬਾਅਦ ਕੁਝ ਲੋਕਾਂ ਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਝਟਕਾ ਲੱਗਿਆ ਹੈ, ਜਿਸ ਕਾਰਨ ਹੁਣ ਉਹ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸਰਕਾਰ ਅਜਿਹੀਆਂ ਕਿਸੇ ਵੀ ਸਾਜ਼ਿਸ਼ਾਂ ਨੂੰ ਸਫਲ ਨਹੀਂ ਹੋਣ ਦੇਵੇਗੀ।
ਸੂਬੇ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਖ਼ਿਲਾਫ਼ ਆਪਣੀ ਜ਼ੀਰੋ ਟਾਲਰੈਂਸ ਨੀਤੀ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧਮਾਕਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਜਲਦੀ ਬੇਨਕਾਬ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਚੋਣ ਕਮਿਸ਼ਨ ਦੀ ਨਿਰਪੱਖਤਾ ਸਬੰਧੀ ਉੱਠ ਰਹੇ ਸਵਾਲਾਂ ’ਤੇ ਵੀ ਮੁੱਖ ਮੰਤਰੀ ਨੇ ਚਿੰਤਾ ਜਤਾਈ ਅਤੇ ਕਿਹਾ ਕਿ ਚੋਣ ਪ੍ਰਕਿਰਿਆ ’ਤੇ ਕਿਸੇ ਵੀ ਤਰ੍ਹਾਂ ਦਾ ਸ਼ੱਕ ਲੋਕਤੰਤਰ ਲਈ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਪਾਰਦਰਸ਼ੀ ਢੰਗ ਨਾਲ ਅਜਿਹੇ ਸੰਦੇਹ ਦੂਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਅੰਤ ਵਿੱਚ ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਏਕਤਾ ਨੂੰ ਕਾਇਮ ਰੱਖਣ ਲਈ ਸਚੇਤ ਅਤੇ ਇੱਕਜੁੱਟ ਰਹਿਣ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸੁਰੱਖਿਆ ਅਤੇ ਖੁਸ਼ਹਾਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
