Saturday, September 12Punjabi People

‘ਖੇਡਾਂ ਵਤਨ ਪੰਜਾਬ ਦੀਆਂ-2026’ ’ਚ 10 ਲੱਖ ਦੇ ਕਰੀਬ ਖਿਡਾਰੀ ਲੈਣਗੇ ਹਿੱਸਾ: CM ਭਗਵੰਤ ਮਾਨ

ਚੰਡੀਗੜ੍ਹ, 1 ਸਤੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 5 ਸਤੰਬਰ ਤੋਂ ਸ਼ੁਰੂ ਹੋ ਰਹੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਸਬੰਧੀ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਖੇਡ ਮਹਾਕੁੰਭ ਨੂੰ ਸਫਲਤਾਪੂਰਵਕ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਚੌਥਾ ਸੀਜ਼ਨ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋਵੇਗਾ। ਇਸ ਵਾਰ ਇਨ੍ਹਾਂ ਖੇਡਾਂ ਵਿੱਚ ਲਗਭਗ 10 ਲੱਖ ਖਿਡਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ 38 ਵੱਖ-ਵੱਖ ਖੇਡਾਂ ਦੇ ਮੁਕਾਬਲਿਆਂ ਅਤੇ ਚਾਰ ਪੈਰਾ-ਖੇਡਾਂ ਰਾਹੀਂ ਪੰਜਾਬ ਦੇ ਹਰ ਖੇਤਰ ਵਿੱਚ ਮੌਜੂਦ ਖੇਡ ਪ੍ਰਤਿਭਾ ਨੂੰ ਸਾਹਮਣੇ ਲਿਆਉਣ, ਤਰਾਸ਼ਣ ਅਤੇ ਨਿਖਾਰਨ ਲਈ ਵੱਡਾ ਮੰਚ ਮੁਹੱਈਆ ਕਰਵਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਮਕਸਦ ਸਿਰਫ਼ ਖੇਡ ਮੁਕਾਬਲੇ ਕਰਵਾਉਣਾ ਨਹੀਂ, ਸਗੋਂ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਲੁਕੇ ਹੋਏ ਖੇਡ ਹੁਨਰ ਦੀ ਪਛਾਣ ਕਰਕੇ ਉਸ ਨੂੰ ਸਹੀ ਦਿਸ਼ਾ ਅਤੇ ਮੌਕੇ ਪ੍ਰਦਾਨ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਮੁੜ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਮੀਟਿੰਗ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜੇਤੂ ਖਿਡਾਰੀਆਂ ਲਈ ਆਕਰਸ਼ਕ ਨਕਦ ਇਨਾਮਾਂ ਦੀ ਵੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਉਤਸ਼ਾਹ ਨਾਲ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ।

14 ਤੋਂ 70 ਸਾਲ ਤੋਂ ਵੱਧ ਉਮਰ ਤੱਕ ਦੇ ਖਿਡਾਰੀ ਲੈਣਗੇ ਹਿੱਸਾ

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 14 ਸਾਲ ਦੀ ਉਮਰ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਤੱਕ ਦੇ ਖਿਡਾਰੀਆਂ ਲਈ 9 ਉਮਰ ਵਰਗ ਰੱਖੇ ਗਏ ਹਨ। ਇਸ ਨਾਲ ਬੱਚਿਆਂ, ਨੌਜਵਾਨਾਂ, ਬਾਲਗਾਂ ਅਤੇ ਬਜ਼ੁਰਗਾਂ ਨੂੰ ਵੀ ਆਪਣੀ ਉਮਰ ਦੇ ਅਨੁਕੂਲ ਵਰਗ ਵਿੱਚ ਖੇਡਣ ਦਾ ਮੌਕਾ ਮਿਲੇਗਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਦੀ ਇੱਕ ਖਾਸ ਵਿਸ਼ੇਸ਼ਤਾ ਇਹ ਹੈ ਕਿ ਇਹ ਵੱਖ-ਵੱਖ ਪੀੜ੍ਹੀਆਂ ਨੂੰ ਖੇਡ ਮੈਦਾਨ ਨਾਲ ਜੋੜ ਰਹੀਆਂ ਹਨ। ਪਿਛਲੇ ਸੀਜ਼ਨਾਂ ਦੌਰਾਨ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ—ਦਾਦਾ, ਪੁੱਤਰ ਅਤੇ ਪੋਤੇ—ਵੱਲੋਂ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਦੀ ਉਦਾਹਰਣ ਵੀ ਸਾਹਮਣੇ ਆ ਚੁੱਕੀ ਹੈ।

ਇਸ ਸੀਜ਼ਨ ਵਿੱਚ ਕੁੱਲ 38 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਦੇ ਨਾਲ ਪੈਰਾ ਖਿਡਾਰੀਆਂ ਲਈ ਐਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਸਮੇਤ ਚਾਰ ਪੈਰਾ-ਖੇਡਾਂ ਵੀ ਕਰਵਾਈਆਂ ਜਾਣਗੀਆਂ।

ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਵੀ ਸ਼ਾਮਲ

ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਇੱਕ ਹੋਰ ਅਹਿਮ ਪਹਿਲਕਦਮੀ ਤਹਿਤ ਲੜਕਿਆਂ ਅਤੇ ਲੜਕੀਆਂ ਦੋਵਾਂ ਲਈ ਟੈਨਿਸ ਬਾਲ ਕ੍ਰਿਕਟ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਨਾਲ ਉੱਭਰਦੇ ਕ੍ਰਿਕਟ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡ ਮੰਚ ਨਾਲ ਜੁੜਨ ਦਾ ਮੌਕਾ ਮਿਲੇਗਾ।

ਮੁਫ਼ਤ ਅਤੇ ਸਰਲ ਹੋਈ ਰਜਿਸਟ੍ਰੇਸ਼ਨ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਬਹੁਤ ਸਰਲ ਅਤੇ ਪੂਰੀ ਤਰ੍ਹਾਂ ਮੁਫ਼ਤ ਕੀਤਾ ਗਿਆ ਹੈ। ਖੇਡ ਵਿਭਾਗ ਵੱਲੋਂ ਪਹਿਲੀ ਵਾਰ ਕਿਊ.ਆਰ. ਕੋਡ ਅਧਾਰਿਤ ਰਜਿਸਟ੍ਰੇਸ਼ਨ ਸਹੂਲਤ ਸ਼ੁਰੂ ਕੀਤੀ ਗਈ ਹੈ।

ਇਸ ਸਹੂਲਤ ਰਾਹੀਂ ਖਿਡਾਰੀ ਕਿਸੇ ਵੀ ਸਮੇਂ ਅਤੇ ਕਿਸੇ ਵੀ ਥਾਂ ਤੋਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਖਿਡਾਰੀ ਕਿਊ.ਆਰ. ਕੋਡ ਸਕੈਨ ਕਰਨ ਤੋਂ ਇਲਾਵਾ ਪੰਜਾਬ ਸਪੋਰਟਸ ਪੋਰਟਲ ਰਾਹੀਂ ਵੀ ਰਜਿਸਟਰ ਕਰ ਸਕਦੇ ਹਨ। ਮੁੱਖ ਮੰਤਰੀ ਅਨੁਸਾਰ ਇਹ ਪ੍ਰਕਿਰਿਆ ਲਗਭਗ 15 ਸਕਿੰਟ ਵਿੱਚ ਪੂਰੀ ਕੀਤੀ ਜਾ ਸਕਦੀ ਹੈ।

ਰਜਿਸਟ੍ਰੇਸ਼ਨ ਫਿਲਹਾਲ ਜਾਰੀ ਹੈ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ, ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ ਹੈ।

ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਹੋਣਗੇ ਮੁਕਾਬਲੇ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਮੁਕਾਬਲੇ ਤਿੰਨ ਪੱਧਰਾਂ—ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ—’ਤੇ ਕਰਵਾਏ ਜਾਣਗੇ। ਇਹ ਖੇਡਾਂ ਪੰਜਾਬ ਦੇ ਸਾਰੇ 153 ਬਲਾਕਾਂ ਵਿੱਚ ਹੋਣਗੀਆਂ, ਜਦਕਿ ਜ਼ਿਲ੍ਹਾ ਪੱਧਰੀ ਮੁਕਾਬਲੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੇ ਜਾਣਗੇ।

ਇਸ ਤੋਂ ਬਾਅਦ ਸੂਬਾ ਪੱਧਰੀ ਮੁਕਾਬਲੇ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਨ੍ਹਾਂ ਮੁਕਾਬਲਿਆਂ ਰਾਹੀਂ ਬੱਚਿਆਂ ਅਤੇ ਨੌਜਵਾਨਾਂ ਨੂੰ ਭਵਿੱਖ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ।

ਖਿਡਾਰੀਆਂ ਲਈ ਆਕਰਸ਼ਕ ਨਕਦ ਇਨਾਮ

ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਪੱਧਰੀ ਮੁਕਾਬਲਿਆਂ ਦੇ ਤਗਮਾ ਜੇਤੂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਨਕਦ ਇਨਾਮ ਵੀ ਦਿੱਤੇ ਜਾਣਗੇ। ਸੋਨ ਤਗਮਾ ਜੇਤੂ ਨੂੰ 10,000 ਰੁਪਏ, ਚਾਂਦੀ ਤਗਮਾ ਜੇਤੂ ਨੂੰ 7,000 ਰੁਪਏ ਅਤੇ ਕਾਂਸੀ ਤਗਮਾ ਜੇਤੂ ਨੂੰ 5,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡ ਮੁਕਾਬਲਿਆਂ ਦੌਰਾਨ ਖਿਡਾਰੀਆਂ ਲਈ ਹਰ ਲੋੜੀਂਦੀ ਸਹੂਲਤ ਉਪਲਬਧ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ, ਸੁਰੱਖਿਆ, ਪ੍ਰਬੰਧਨ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ, ਤਾਂ ਜੋ ਖਿਡਾਰੀਆਂ ਨੂੰ ਬਿਹਤਰ ਅਤੇ ਸੁਖਦ ਅਨੁਭਵ ਮਿਲ ਸਕੇ।

‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਸਮਾਪਤੀ ਸਮਾਰੋਹ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗਾ। ਸਰਕਾਰ ਨੂੰ ਉਮੀਦ ਹੈ ਕਿ ਇਸ ਖੇਡ ਮਹਾਕੁੰਭ ਰਾਹੀਂ ਪੰਜਾਬ ਦੇ ਵੱਡੀ ਗਿਣਤੀ ਵਿੱਚ ਉੱਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਭਵਿੱਖ ਵਿੱਚ ਉੱਚ ਪੱਧਰ ’ਤੇ ਸੂਬੇ ਦਾ ਨਾਮ ਰੌਸ਼ਨ ਕਰਨ ਦਾ ਮੌਕਾ ਮਿਲੇਗਾ।

ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਖੇਡ ਸਕੱਤਰ ਵਰੁਣ ਰੂਜਮ, ਵਿਸ਼ੇਸ਼ ਸਕੱਤਰ ਸੂਚਨਾ ਤੇ ਲੋਕ ਸੰਪਰਕ ਪੁਨੀਤ ਗੋਇਲ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *