
ਚੰਡੀਗੜ੍ਹ, 27 ਫਰਵਰੀ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਧਾਲੀਵਾਲ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਇਸ ਫੈਸਲੇ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ‘ਆਮ ਆਦਮੀ ਪਾਰਟੀ’ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ ਵੱਲੋਂ ਤਿਆਰ ਕੀਤਾ ਗਿਆ ਮਾਮਲਾ ਸਿਰਫ਼ ਸਿਆਸੀ ਸਾਜ਼ਿਸ਼ ਅਤੇ ਬੇਬੁਨਿਆਦ ਦੋਸ਼ਾਂ ’ਤੇ ਆਧਾਰਿਤ ਸੀ।
ਭਾਜਪਾ, ਕਾਂਗਰਸ ਅਤੇ ਅਕਾਲੀ ਦਲ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਮਿਲ ਕੇ ਸਾਡੇ ਆਗੂਆਂ ਦੀ ਛਵੀ ਨੂੰ ਦਾਗ਼ਦਾਰ ਕਰਨ ਅਤੇ ਪਾਰਟੀ ਨੂੰ ਕਮਜ਼ੋਰ ਕਰਨ ਲਈ ਲਗਾਤਾਰ ਝੂਠਾ ਪ੍ਰਚਾਰ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧੀ ਧਿਰ ਵੱਲੋਂ ਖੜ੍ਹੀ ਕੀਤੀ ਗਈ ਝੂਠ ਦੀ ਇਮਾਰਤ ਅੱਜ ਢਹਿ ਗਈ ਹੈ। ਭਾਜਪਾ ਨੇ ਜਾਂਚ ਏਜੰਸੀਆਂ ਦਾ ਦੁਰਪਯੋਗ ਕਰਕੇ ਸਾਡੀ ਸੀਨੀਅਰ ਲੀਡਰਸ਼ਿਪ ਨੂੰ ਜੇਲ੍ਹ ਭੇਜਿਆ, ਪਰ ਸੱਚ ਨੂੰ ਕਦੇ ਵੀ ਹਰਾਇਆ ਨਹੀਂ ਜਾ ਸਕਦਾ।
ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਧਾਲੀਵਾਲ ਨੇ ਕਿਹਾ ਕਿ ਇਸ ਫੈਸਲੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਤਾਨਾਸ਼ਾਹੀ ਦੇ ਖ਼ਿਲਾਫ਼ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੀ ਲੀਡਰਸ਼ਿਪ ਨੇ ਡਟ ਕੇ ਮੁਕਾਬਲਾ ਕੀਤਾ। ਇਹ ਫੈਸਲਾ ਦਰਸਾਉਂਦਾ ਹੈ ਕਿ ਦੇਸ਼ ਵਿੱਚ ਇਮਾਨਦਾਰੀ ਅਤੇ ਸੱਚਾਈ ਦੀ ਰਾਜਨੀਤੀ ‘ਆਮ ਆਦਮੀ ਪਾਰਟੀ’ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਾਜ਼ਿਸ਼ਾਂ ਦਾ ਉਦੇਸ਼ ਸਾਨੂੰ ਰੋਕਣਾ ਸੀ, ਪਰ ਪਹਿਲਾਂ ਜਨਤਾ ਅਤੇ ਹੁਣ ਅਦਾਲਤ ਨੇ ਵੀ ਸੱਚਾਈ ਨੂੰ ਮਾਨਤਾ ਦੇ ਦਿੱਤੀ ਹੈ।
ਕੁਲਦੀਪ ਧਾਲੀਵਾਲ ਨੇ ਦੇਸ਼ ਭਰ ਦੇ ‘ਆਪ’ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਉਹਨਾਂ ਸਭ ਦੀ ਜਿੱਤ ਹੋਈ ਹੈ ਜੋ ਲੋਕਤੰਤਰ ਅਤੇ ਨਿਆਂ ਪ੍ਰਣਾਲੀ ’ਤੇ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਭਾਵੁਕ ਹੋ ਕੇ ਕਿਹਾ, “ਮੈਨੂੰ ਮਾਣ ਹੈ ਕਿ ਮੈਂ ਅਰਵਿੰਦ ਕੇਜਰੀਵਾਲ ਵਰਗੇ ਨਿਡਰ ਅਤੇ ਇਮਾਨਦਾਰ ਆਗੂ ਦੀ ਪਾਰਟੀ ਨਾਲ ਜੁੜਿਆ ਹਾਂ। ਸਾਡੇ ਨੇਤਾਵਾਂ ਨੇ ਜੇਲ੍ਹ ਕਬੂਲ ਕੀਤੀ ਪਰ ਸੱਚ ਤੋਂ ਸਮਝੌਤਾ ਨਹੀਂ ਕੀਤਾ।” ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਜਿੱਤ ਵਜੋਂ ਯਾਦ ਕੀਤਾ ਜਾਵੇਗਾ।
