
ਚੰਡੀਗੜ੍ਹ, 24 ਅਪ੍ਰੈਲ 2026: ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੋਖਾ ਕੀਤਾ ਹੈ ਅਤੇ ਹੁਣ ਉਹ ‘ਆਪ’ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮਾਨ ਨੇ ਦਾਅਵਾ ਕੀਤਾ ਕਿ ਜਦੋਂ ਵਿਰੋਧੀਆਂ ਨੂੰ ਉਨ੍ਹਾਂ ਦੇ ਖ਼ਿਲਾਫ਼ ਕੋਈ ਮਜ਼ਬੂਤ ਮਾਮਲਾ ਨਹੀਂ ਮਿਲਿਆ, ਤਾਂ ਉਨ੍ਹਾਂ ਨੇ ਪਾਰਟੀ ਨੂੰ ਤੋੜਨ ਦਾ ਰਸਤਾ ਅਪਣਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਛੱਡਣ ਵਾਲੇ ਕੁਝ ਵਿਅਕਤੀਆਂ ਦੇ ਜਾਣ ਨਾਲ ‘ਆਪ’ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ, ਕਿਉਂਕਿ ਪਾਰਟੀ ਕਿਸੇ ਇੱਕ ਜਾਂ ਕੁਝ ਲੋਕਾਂ ਨਾਲੋਂ ਕਈ ਗੁਣਾ ਵੱਡੀ ਹੁੰਦੀ ਹੈ। ਉਨ੍ਹਾਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਦੱਸਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਜੇ ਵੀ ‘ਆਪ’ ਦੇ ਨਾਲ ਖੜ੍ਹੇ ਹਨ।
ਮਾਨ ਨੇ ਪਾਰਟੀ ਛੱਡਣ ਵਾਲੇ ਸੰਸਦ ਮੈਂਬਰਾਂ ਨੂੰ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕਰਦਿਆਂ ਉਨ੍ਹਾਂ ਨੂੰ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਲਾਲਚ ਦੇ ਕੇ ਇਨ੍ਹਾਂ ਲੋਕਾਂ ਨੂੰ ਆਪਣੇ ਪੱਖ ਵਿੱਚ ਕੀਤਾ ਹੈ ਅਤੇ ਇਹ ਕਦਮ ਪੰਜਾਬ ਦੇ ਹਿਤਾਂ ਦੇ ਖ਼ਿਲਾਫ਼ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਪੰਜਾਬ ਨਾਲ ਨਫ਼ਰਤ ਕਰਦੀ ਹੈ ਅਤੇ ਸੂਬੇ ਵਿੱਚ ਉਸਦਾ ਕੋਈ ਵੱਡਾ ਜਨ ਆਧਾਰ ਨਹੀਂ ਹੈ। ਮਾਨ ਦੇ ਮੁਤਾਬਕ ਭਾਜਪਾ ਆਮ ਆਦਮੀ ਪਾਰਟੀ ਵੱਲੋਂ ਕੀਤੇ ਕੰਮਾਂ ਤੋਂ ਡਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਉਹਨਾਂ ਨੂੰ ਕਦੇ ਵੀ ਮਾਫ਼ ਨਹੀਂ ਕਰਦੇ ਜੋ ਉਨ੍ਹਾਂ ਨਾਲ ਧੋਖਾ ਕਰਦੇ ਹਨ।
ਉਨ੍ਹਾਂ ਪਿਛਲੇ ਕੁਝ ਨੇਤਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਨੇ ਪਹਿਲਾਂ ਵੀ ਉਹਨਾਂ ਨੂੰ ਸਬਕ ਸਿਖਾਇਆ ਹੈ ਜਿਨ੍ਹਾਂ ਨੇ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਸੀ।
ਇਸ ਵੇਲੇ ਆਮ ਆਦਮੀ ਪਾਰਟੀ ਦੇ 10 ਰਾਜ ਸਭਾ ਮੈਂਬਰਾਂ ਵਿੱਚੋਂ ਸਿਰਫ਼ ਤਿੰਨ—ਸੰਜੈ ਸਿੰਘ, ਐਨ.ਡੀ. ਗੁਪਤਾ ਅਤੇ ਬਲਬੀਰ ਸਿੰਘ ਸੀਚੇਵਾਲ—ਹੀ ਪਾਰਟੀ ਨਾਲ ਬਚੇ ਹਨ। ਦੂਜੇ ਪਾਸੇ ਰਾਘਵ ਚੱਢਾ, ਸੰਦੀਪ ਪਾਠਕ, ਸਵਾਤੀ ਮਾਲੀਵਾਲ, ਅਸ਼ੋਕ ਮਿੱਤਲ, ਰਾਜਿੰਦਰ ਗੁਪਤਾ, ਵਿਕਰਮਜੀਤ ਸਾਹਨੀ ਅਤੇ ਹਰਭਜਨ ਸਿੰਘ ਵੱਲੋਂ ਦੋ-ਤਿਹਾਈ ਗਿਣਤੀ ਵਾਲਾ ਗੁੱਟ ਬਣਾਉਣ ਲਈ ਦਸਤਖਤ ਕੀਤੇ ਗਏ ਹਨ, ਜਿਸ ਨਾਲ ਉਨ੍ਹਾਂ ਦੇ ਉੱਪਰੀ ਸਦਨ ਵਿੱਚ ਵੱਖਰਾ ਰੁਖ ਅਪਣਾਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
