
ਚੰਡੀਗੜ੍ਹ, 11 ਮਾਰਚ 2026: ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਸਮਾਜਿਕ ਸੁਰੱਖਿਆ ਸਕੀਮਾਂ ਰਾਹੀਂ ਸੂਬੇ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਗੱਲ ਅੱਜ ਕੈਬਨਿਟ ਮੰਤਰੀ Harbhajan Singh ETO ਨੇ ਬਜਟ ਸਬੰਧੀ ਚਰਚਾ ਦੌਰਾਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਹੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਹ ਕਦਮ ਇੱਕ ਵੱਡੀ ਸਮਾਜਿਕ ਕ੍ਰਾਂਤੀ ਸਾਬਤ ਹੋਵੇਗਾ ਜੋ ਮਹਿਲਾਵਾਂ ਨੂੰ ਬਰਾਬਰੀ ਦੇ ਅਧਿਕਾਰ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਸ ਯੋਜਨਾ ਲਈ ਸਰਕਾਰ ਵੱਲੋਂ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਲਈ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ Harpal Singh Cheema ਦਾ ਧੰਨਵਾਦ ਕੀਤਾ।
ਉਨ੍ਹਾਂ ਆਪਣੇ ਜੀਵਨ ਦੇ ਕੁਝ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਲੋੜਵੰਦ ਪਰ ਹੁਨਰਮੰਦ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਟੀਚੇ ਹਾਸਲ ਕਰਨ ਵਿੱਚ ਮਦਦਗਾਰ ਸਾਬਤ ਹੁੰਦੀਆਂ ਹਨ। ਉਨ੍ਹਾਂ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਕੈਬਨਿਟ ਮੰਤਰੀ Dr Baljit Kaur ਨੂੰ ਵੀ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਪਾਸੇ ਸਿਹਤ ਕ੍ਰਾਂਤੀ ਰਾਹੀਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਹਨ, ਜਦਕਿ ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਸ਼ਾ ਅਤੇ ਦਿਸ਼ਾ ਵਿੱਚ ਵੱਡਾ ਬਦਲਾਅ ਆਇਆ ਹੈ। ਇਸਦੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸੂਬੇ ਭਰ ਵਿੱਚ ਖੇਡ ਮੈਦਾਨ ਵੀ ਤਿਆਰ ਕੀਤੇ ਜਾ ਰਹੇ ਹਨ।
ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੱਤਾ ਸੰਭਾਲਣ ਤੋਂ ਬਾਅਦ ਪਿਛਲੀਆਂ ਸਰਕਾਰਾਂ ਵੱਲੋਂ ਲਗਾਏ ਗਏ 21 ਟੋਲ ਪਲਾਜ਼ੇ ਬੰਦ ਕਰਵਾ ਦਿੱਤੇ, ਜਿਸ ਨਾਲ ਸੂਬਾ ਵਾਸੀਆਂ ਨੂੰ ਹਰ ਰੋਜ਼ 67 ਲੱਖ ਰੁਪਏ ਤੋਂ ਵੱਧ ਦੀ ਬਚਤ ਹੋ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀ ਪਾਰਦਰਸ਼ੀ ਨੀਤੀ ਕਾਰਨ ਲੋਕ ਨਿਰਮਾਣ ਵਿਭਾਗ ਦੀ ਟੈਂਡਰ ਪ੍ਰਕਿਰਿਆ ਵਿੱਚੋਂ 1464 ਕਰੋੜ ਰੁਪਏ ਦੀ ਬਚਤ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਨਿਰਮਾਣ ਵਿਭਾਗ ਲਈ 5440 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਨਾਲ ਸੂਬੇ ਵਿੱਚ ਕਰੀਬ 45,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਅਤੇ ਮੁਰੰਮਤ ਕੰਮ ਕਰਵਾਇਆ ਜਾ ਰਿਹਾ ਹੈ।
