
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 4 ਮਈ 2026: ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦਾ ਕੇਂਦਰ ਬਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ 15 ਜੁਲਾਈ ਤੱਕ ਰਾਜ ਭਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 3,100 ਪੇਂਡੂ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਪਹਿਲ ਦੇ ਤਹਿਤ ਅੱਜ 250 ਆਧੁਨਿਕ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸਿਰਫ਼ ਖੇਡ ਬੁਨਿਆਦੀ ਢਾਂਚਾ ਤਿਆਰ ਕਰਨਾ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਵਜੋਂ ਤਿਆਰ ਕਰਨਾ ਵੀ ਹੈ। ਇਸ ਲਈ ਸਰਕਾਰ ਵੱਲੋਂ ਮੁਫ਼ਤ ਸਿਖਲਾਈ, ਪੇਸ਼ੇਵਰ ਕੋਚ ਅਤੇ ਖੇਡ ਉਪਕਰਣ ਮੁਹੱਈਆ ਕਰਵਾਏ ਜਾ ਰਹੇ ਹਨ।
ਖੇਡਾਂ ਵਿੱਚ ਨਿਵੇਸ਼ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਪਹਿਲਾਂ 200 ਕਰੋੜ ਰੁਪਏ ਤੋਂ ਘੱਟ ਰਹਿਣ ਵਾਲਾ ਖੇਡ ਬਜਟ ਵਧਾ ਕੇ 1,790 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਲਾ ਰਾਏਪੁਰ ਪੇਂਡੂ ਖੇਡਾਂ ਨੂੰ ਮੁੜ ਜੀਵੰਤ ਕਰਕੇ ਪੰਜਾਬ ਦੀ ਰਵਾਇਤੀ ਖੇਡ ਵਿਰਾਸਤ ਨੂੰ ਨਵੀਂ ਪਛਾਣ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਨਸ਼ਿਆਂ ਵਿਰੁੱਧ ਲੜਾਈ ਦਾ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ। ਉਨ੍ਹਾਂ ਕਿਹਾ ਕਿ ਜੋ ਨੌਜਵਾਨ ਖੇਡਾਂ ਨਾਲ ਜੁੜੇ ਹੁੰਦੇ ਹਨ, ਉਨ੍ਹਾਂ ਕੋਲ ਨਸ਼ਿਆਂ ਵੱਲ ਮੁੜ ਵੇਖਣ ਦਾ ਵੀ ਸਮਾਂ ਨਹੀਂ ਹੁੰਦਾ, ਕਿਉਂਕਿ ਉਹ ਆਪਣੀ ਕਾਬਲੀਅਤ ਨਿਖਾਰਨ ਅਤੇ ਉੱਚੀਆਂ ਉਡਾਣਾਂ ਭਰਨ ’ਤੇ ਕੇਂਦਰਿਤ ਰਹਿੰਦੇ ਹਨ।
ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ 1,250 ਕਰੋੜ ਰੁਪਏ ਦੀ ਲਾਗਤ ਨਾਲ 3,100 ਖੇਡ ਮੈਦਾਨ ਵਿਕਸਿਤ ਕੀਤੇ ਜਾ ਰਹੇ ਹਨ। 250 ਮੈਦਾਨ ਅੱਜ ਸਮਰਪਿਤ ਕੀਤੇ ਗਏ ਹਨ, ਜਦਕਿ ਬਾਕੀ ਮੈਦਾਨ ਪੜਾਅਵਾਰ 15 ਜੁਲਾਈ ਤੱਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਦੱਸਿਆ ਕਿ ਹਰ ਖੇਡ ਮੈਦਾਨ ਵਿੱਚ ਚਾਰਦੀਵਾਰੀ, ਹਰਿਆਵਲੀ, 6 ਫੁੱਟ ਚੌੜਾ ਵਾਕਿੰਗ ਟਰੈਕ, ਫਲੱਡ ਲਾਈਟਾਂ, ਵਾਲੀਬਾਲ, ਫੁੱਟਬਾਲ ਅਤੇ ਹਾਕੀ ਕੋਰਟ, 400 ਮੀਟਰ ਰਨਿੰਗ ਟਰੈਕ, ਬੈਠਕ ਦੀ ਸਹੂਲਤ, ਬੱਚਿਆਂ ਲਈ ਖੇਡਣ ਦੀ ਥਾਂ, ਪੁਰਸ਼ਾਂ ਅਤੇ ਮਹਿਲਾਵਾਂ ਲਈ ਟਾਇਲਟ, ਵ੍ਹੀਲਚੇਅਰ ਰੈਂਪ ਅਤੇ ਖੇਡ ਉਪਕਰਣਾਂ ਲਈ ਸਟੋਰੇਜ ਦੀ ਸਹੂਲਤ ਹੋਵੇਗੀ।
ਉਨ੍ਹਾਂ ਕਿਹਾ ਕਿ ਸਾਰੇ ਮੈਦਾਨਾਂ ਲਈ ਫੁੱਟਬਾਲ ਅਤੇ ਵਾਲੀਬਾਲ ਕੋਚ ਨਿਯੁਕਤ ਕੀਤੇ ਜਾਣਗੇ ਅਤੇ ਬੱਚਿਆਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਉਹ ਵੱਡੇ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ। ਮੈਦਾਨਾਂ ਦੀ ਸੰਭਾਲ ਲਈ ਗ੍ਰਾਮੀਣ ਖੇਡ ਅਤੇ ਤੰਦਰੁਸਤੀ ਕਮੇਟੀਆਂ ਵੀ ਬਣਾਈਆਂ ਜਾਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ 2026-27 ਲਈ 1,791 ਕਰੋੜ ਰੁਪਏ ਦਾ ਖੇਡ ਬਜਟ ਅਲਾਟ ਕੀਤਾ ਗਿਆ ਹੈ। ਨਵੀਂ ਖੇਡ ਨੀਤੀ ਤਹਿਤ ਓਲੰਪਿਕ ਤਿਆਰੀ ਲਈ 15 ਲੱਖ ਅਤੇ ਏਸ਼ੀਆਈ ਖੇਡਾਂ ਲਈ 8 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੈਰਿਸ ਓਲੰਪਿਕ ਦੇ ਕਾਂਸੀ ਤਗਮਾ ਜੇਤੂ ਹਾਕੀ ਖਿਡਾਰੀਆਂ ਅਤੇ ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ 1-1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਅਤੇ ਕਿਲਾ ਰਾਏਪੁਰ ਪੇਂਡੂ ਖੇਡਾਂ ਵਰਗੀਆਂ ਪਹਿਲਾਂ ਨੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕੀਤਾ ਹੈ ਅਤੇ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਮੌਕੇ ਦਿੱਤੇ ਹਨ।
ਇਸ ਮੌਕੇ ਮੁੱਖ ਮੰਤਰੀ ਨੇ ਨੌਜਵਾਨ ਖਿਡਾਰੀਆਂ ਨਾਲ ਗੱਲਬਾਤ ਕੀਤੀ, ਖੇਡ ਕਿੱਟਾਂ ਵੰਡੀਆਂ ਅਤੇ ਵਾਲੀਬਾਲ ਕੋਰਟ ’ਤੇ ਮਹਿਲਾ ਖਿਡਾਰੀਆਂ ਨੂੰ ਵੀ ਹੱਲਾਸ਼ੇਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਧਿਆਨ ਸਿਰਫ਼ ਢਾਂਚਾਗਤ ਵਿਕਾਸ ਤੱਕ ਸੀਮਿਤ ਨਹੀਂ, ਸਗੋਂ ਖੇਡਾਂ ਰਾਹੀਂ ਨੌਜਵਾਨਾਂ ਵਿੱਚ ਵਿਸ਼ਵਾਸ, ਅਨੁਸ਼ਾਸਨ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨਾ ਵੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸਮੇਤ ਹੋਰ ਹਸਤੀਆਂ ਵੀ ਮੌਜੂਦ ਸਨ।
