
ਅੰਮ੍ਰਿਤਸਰ, 7 ਮਈ 2026: ਚਾਰ ਦਿਨਾਂ ਦੀ “ਸ਼ੁਕਰਾਨਾ ਯਾਤਰਾ” ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਅਤੇ ਅਕਾਲੀ ਦਲ ‘ਤੇ ਤਿੱਖੇ ਸਿਆਸੀ ਹਮਲੇ ਕੀਤੇ।
ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ-ਭਲਾਈ ਅਤੇ ਸੇਵਾ ਦੀ ਰਾਜਨੀਤੀ ਕਰ ਰਹੀ ਹੈ, ਜਦਕਿ ਦੂਜੇ ਪਾਸੇ ਭਾਜਪਾ ਪੰਜਾਬ ਵਿਰੋਧੀ ਨੀਤੀਆਂ ਰਾਹੀਂ ਸੂਬੇ ਦੇ ਹੱਕਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਚਾਰ ਸਾਲਾਂ ਵਿੱਚ ਮੁਫ਼ਤ ਬਿਜਲੀ, 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, ਖੇਤਾਂ ਲਈ ਨਹਿਰੀ ਪਾਣੀ, 10 ਲੱਖ ਰੁਪਏ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਮਹਿਲਾਵਾਂ ਲਈ ਸਨਮਾਨ ਰਾਸ਼ੀ ਵਰਗੀਆਂ ਕਈ ਲੋਕ-ਹਿਤੈਸ਼ੀ ਸਕੀਮਾਂ ਸ਼ੁਰੂ ਕੀਤੀਆਂ ਹਨ।
ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ 700 ਕਿਸਾਨਾਂ ਦੀ ਮੌਤ ਪੰਜਾਬ ਕਦੇ ਨਹੀਂ ਭੁੱਲੇਗਾ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਇਤਿਹਾਸ ਕਦੇ ਮਾਫ਼ ਨਹੀਂ ਕਰੇਗਾ। ਉਨ੍ਹਾਂ ਭਾਜਪਾ ‘ਤੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਾਰ-ਵਾਰ ਪੰਜਾਬ ਦੇ ਹੱਕਾਂ, ਪਾਣੀਆਂ ਅਤੇ ਪਛਾਣ ‘ਤੇ ਹਮਲੇ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਝਾਕੀਆਂ ਨੂੰ ਰੋਕਣ, BBMB ਰਾਹੀਂ ਪਾਣੀ ਦੇ ਮੁੱਦੇ ‘ਤੇ ਦਖ਼ਲਅੰਦਾਜ਼ੀ, ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਨਾਲ ਜੁੜੇ ਮਸਲਿਆਂ ‘ਤੇ ਕੇਂਦਰ ਦੀ ਨੀਅਤ ਪਹਿਲਾਂ ਵੀ ਸਵਾਲਾਂ ਦੇ ਘੇਰੇ ‘ਚ ਰਹੀ ਹੈ।
ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵੀ ਗਠਜੋੜ ‘ਤੇ ਵੀ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਦੋਵੇਂ ਪਾਰਟੀਆਂ ਦੁਬਾਰਾ ਇਕੱਠੀਆਂ ਹੁੰਦੀਆਂ ਹਨ ਤਾਂ ਇਹ ਸਾਬਤ ਹੋਵੇਗਾ ਕਿ ਦੋਵੇਂ “ਇੱਕੋ ਸਿੱਕੇ ਦੇ ਦੋ ਪਾਸੇ” ਹਨ ਅਤੇ ਇਹ ਗਠਜੋੜ ਪੰਜਾਬ ਦੇ ਹਿਤਾਂ ਲਈ ਘਾਤਕ ਹੋਵੇਗਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਣਾਏ ਨਵੇਂ ਕਾਨੂੰਨ ਬਾਰੇ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਹੁਣ ਬੇਅਦਬੀ ਦੇ ਦੋਸ਼ੀਆਂ ਨੂੰ ਘੱਟੋ-ਘੱਟ 10 ਸਾਲ ਦੀ ਕੈਦ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ 50 ਲੱਖ ਰੁਪਏ ਤੱਕ ਜੁਰਮਾਨਾ ਹੋ ਸਕੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਮਸਲੇ ‘ਤੇ ਕਦੇ ਵੀ ਇੰਨਾ ਸਖ਼ਤ ਕਦਮ ਨਹੀਂ ਚੁੱਕਿਆ।
ਅਕਾਲੀ ਦਲ ਅਤੇ ਬਾਦਲ ਪਰਿਵਾਰ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਹੁਣ ਪੁਰਾਣੀਆਂ ਪਾਰਟੀਆਂ ਦੀ ਰਾਜਨੀਤੀ ਨੂੰ ਸਮਝ ਚੁੱਕੇ ਹਨ। ਉਨ੍ਹਾਂ ਧਾਰਮਿਕ ਸੰਸਥਾਵਾਂ ਵਿੱਚ ਰਾਜਨੀਤਿਕ ਦਖ਼ਲਅੰਦਾਜ਼ੀ ਦੇ ਦੋਸ਼ ਵੀ ਲਗਾਏ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਭਾਈਚਾਰੇ, ਪਿਆਰ ਅਤੇ ਸਾਂਝੀਵਾਲਤਾ ਦੀ ਪ੍ਰਤੀਕ ਹੈ ਅਤੇ ਇੱਥੇ ਨਫ਼ਰਤ ਦੀ ਰਾਜਨੀਤੀ ਕਦੇ ਕਾਮਯਾਬ ਨਹੀਂ ਹੋ ਸਕਦੀ। ਉਨ੍ਹਾਂ ਦਾਅਵਾ ਕੀਤਾ ਕਿ “ਸ਼ੁਕਰਾਨਾ ਯਾਤਰਾ” ਦਾ ਮਕਸਦ ਸਿਰਫ਼ ਗੁਰੂ ਸਾਹਿਬਾਨ ਦਾ ਧੰਨਵਾਦ ਕਰਨਾ ਹੈ ਅਤੇ ਇਸ ਦਾ ਕੋਈ ਰਾਜਨੀਤਿਕ ਉਦੇਸ਼ ਨਹੀਂ।
ਉਨ੍ਹਾਂ ਅੰਤ ਵਿੱਚ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਲਗਾਤਾਰ ਕੰਮ ਕਰਦੀ ਰਹੇਗੀ।
