
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੋਹਾਲੀ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਆਂਸਲ, ਸੈਕਟਰ-114, ਮੋਹਾਲੀ ਤੋਂ ਸੀਨੀਅਰ ਨਾਗਰਿਕ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਲਈ ਰਵਾਨਾ ਕੀਤਾ।
ਇਸ ਮੌਕੇ ਸ਼ਰਧਾਲੂਆਂ ਵਿੱਚ ਕਾਫ਼ੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਯਾਤਰਾ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਖੁਸ਼ੀ ਸਾਫ਼ ਝਲਕ ਰਹੀ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸ਼ਰਧਾਲੂਆਂ ਨੂੰ ਧਾਰਮਿਕ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਬਿਨਾਂ ਕਿਸੇ ਵੱਡੀ ਮੁਸ਼ਕਲ ਦੇ ਆਪਣੀ ਸ਼ਰਧਾ ਅਨੁਸਾਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਆਵਾਜਾਈ, ਰਹਿਣ-ਸਹਿਣ ਅਤੇ ਖਾਣ-ਪੀਣ ਸਮੇਤ ਲੋੜੀਂਦੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ। ਸੀਨੀਅਰ ਨਾਗਰਿਕਾਂ ਨੂੰ ਘਰਾਂ ਤੋਂ ਲਿਆ ਕੇ ਬੱਸਾਂ ਰਾਹੀਂ ਯਾਤਰਾ ਲਈ ਰਵਾਨਾ ਕਰਨ ਦੇ ਪ੍ਰਬੰਧ ਵੀ ਇਸ ਯੋਜਨਾ ਦਾ ਹਿੱਸਾ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਰਧਾਲੂਆਂ ਵੱਲੋਂ ਦਿਖਾਏ ਜਾ ਰਹੇ ਉਤਸ਼ਾਹ ਅਤੇ ਲਗਾਤਾਰ ਮਿਲ ਰਹੀਆਂ ਮੰਗਾਂ ਨੂੰ ਦੇਖਦਿਆਂ ਯੋਜਨਾ ਤਹਿਤ ਤੀਰਥ ਯਾਤਰਾਵਾਂ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਗਿਣਤੀ ਅਤੇ ਲੋੜ ਅਨੁਸਾਰ ਬੱਸਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਸਹੂਲਤ ਦਾ ਲਾਭ ਲੈ ਸਕਣ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਪਹਿਲਾਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਰਾਮ ਤੀਰਥ ਵਾਲਮੀਕਿ ਮੰਦਰ, ਵਾਹਗਾ ਸਰਹੱਦ ਅਤੇ ਜਲ੍ਹਿਆਂਵਾਲਾ ਬਾਗ ਸਮੇਤ ਮਹੱਤਵਪੂਰਨ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾ ਰਿਹਾ ਸੀ। ਹੁਣ ਇਸ ਯੋਜਨਾ ਦਾ ਦਾਇਰਾ ਵਧਾਉਂਦਿਆਂ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ ਅਤੇ ਹਰਿਦੁਆਰ ਵਰਗੇ ਪ੍ਰਮੁੱਖ ਧਾਰਮਿਕ ਸਥਾਨਾਂ ਲਈ ਵੀ ਬੱਸਾਂ ਰਵਾਨਾ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਨੇ ਕਿਹਾ ਕਿ ਜਦੋਂ ਸ਼ਰਧਾਲੂ ਯਾਤਰਾ ਪੂਰੀ ਕਰਕੇ ਵਾਪਸ ਆਉਂਦੇ ਹਨ ਅਤੇ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਜਾਣਕਾਰਾਂ ਨਾਲ ਆਪਣੇ ਤਜਰਬੇ ਸਾਂਝੇ ਕਰਦੇ ਹਨ, ਤਾਂ ਹੋਰ ਲੋਕਾਂ ਵਿੱਚ ਵੀ ਇਸ ਯੋਜਨਾ ਤਹਿਤ ਤੀਰਥ ਯਾਤਰਾ ਕਰਨ ਦੀ ਇੱਛਾ ਅਤੇ ਉਤਸ਼ਾਹ ਵਧਦਾ ਹੈ। ਇਸੇ ਕਾਰਨ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਾਰੰਟੀਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਧਾਰਮਿਕ ਅਤੇ ਸਮਾਜਿਕ ਲੋੜਾਂ ਨੂੰ ਵੀ ਪਹਿਲ ਦੇਣਾ ਹੈ।
